ਅਣਪਛਾਤੇ ਵਾਹਨ ਦੀ ਟੱਕਰ ਨਾਲ ਨੌਜਵਾਨ ਦੀ ਮੌਤ
ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ
Publish Date: Fri, 11 Sep 2026 06:35 PM (IST)
Updated Date: Fri, 11 Sep 2026 06:37 PM (IST)
ਤੇਜਿੰਦਰ ਸਿੰਘ ਬੱਬੂ• ਪੰਜਾਬੀ ਜਾਗਰਣ ਝਬਾਲ : ਅਟਾਰੀ ਰੋਡ ’ਤੇ ਪਿੰਡ ਸਵਰਗਾਪੁਰੀ ਦੇ ਮੋੜ ਨੇੜੇ ਵਾਪਰੇ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸ਼ੇਰ ਸਿੰਘ ਪੁੱਤਰ ਰਜਿੰਦਰ ਸਿੰਘ ਵਾਸੀ ਪਿੰਡ ਠੱਠੀ ਸੋਹਲ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੇਰ ਸਿੰਘ ਮੁਰਗੀ ਖਾਨਾ ਗੱਗੋਬੂਹਾ ਤੋਂ ਝਬਾਲ ਰਾਹੀਂ ਆਪਣੇ ਪਿੰਡ ਠੱਠੀ ਸੋਹਲ ਨੂੰ ਮੋਟਰਸਾਈਕਲ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਪਿੰਡ ਸਵਰਗਾਪੁਰੀ ਦੇ ਮੋੜ ਨੇੜੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਤੇ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸਾ ਇਨ੍ਹਾਂ ਭਿਆਨਕ ਸੀ ਕਿ ਸ਼ੇਰ ਸਿੰਘ ਦੀ ਇਕ ਲੱਤ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ ਤੇ ਉਸ ਨੂੰ ਗੰਭੀਰ ਸੱਟਾਂ ਲੱਗੀਆਂ। ਹਾਦਸੇ ਵਿਚ ਜ਼ਿਆਦਾ ਖ਼ੂਨ ਵਹਿਣ ਤੇ ਗੰਭੀਰ ਸੱਟਾਂ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਝਬਾਲ ਦੀ ਪੁਲਿਸ ਮੌਕੇ ’ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਾਦਸੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਅਣਪਛਾਤੇ ਵਾਹਨ ਤੇ ਉਸ ਦੇ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।