ਗੁਰੂ ਅਮਰ ਦਾਸ ਸਕੂਲ ਦੀ ਪ੍ਰਿੰਸੀਪਲ ਦਾ ਕੀਤਾ ਵਿਸ਼ੇਸ਼ ਸਨਮਾਨ ਗੁਰੂ ਅਮਰ ਦਾਸ ਸਕੂਲ ਭਲਾਈਪੁਰ ਡੋਗਰਾਂ ਦੀ ਪ੍ਰਿੰਸੀਪਲ ਦਾ ਵਿਸ਼ੇਸ਼ ਸਨਮਾਨ
Publish Date: Fri, 11 Sep 2026 08:11 PM (IST)
Updated Date: Fri, 11 Sep 2026 08:13 PM (IST)
ਕੁਲਦੀਪ ਸਿੰਘ ਮਾਨ• ਪੰਜਾਬੀ ਜਾਗਰਣ ਖਡੂਰ ਸਾਹਿਬ : ਗੁਰੂ ਅਮਰ ਦਾਸ ਸੀਨੀਅਰ ਸੈਕੰਡਰੀ ਸਕੂਲ, ਭਲਾਈਪੁਰ ਡੋਗਰਾਂ ਦੀ ਪ੍ਰਿੰਸੀਪਲ ਜਗਪ੍ਰੀਤ ਕੌਰ ਨੂੰ ਸਿੱਖਿਆ ਦੇ ਖੇਤਰ ਵਿਚ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਤੇ ਸਕੂਲ ਦੀ ਤਰੱਕੀ ਵਿਚ ਪਾਏ ਜਾ ਰਹੇ ਮਹੱਤਵਪੂਰਨ ਯੋਗਦਾਨ ਬਦਲੇ ‘ਵਿਦਿਆ ਜੋਤ ਸਨਮਾਨ’ ਨਾਲ ਸਨਮਾਨਤ ਕੀਤਾ ਗਿਆ। ਆਲ ਇੰਡੀਆ ਸਕੂਲਜ਼ ਐਸੋਸੀਏਸ਼ਨ ਵੱਲੋਂ ਖਾਲਸਾ ਅਕੈਡਮੀ, ਮਹਿਤਾ ਚੌਕ ਵਿਖੇ ਕਰਵਾਏ ਗਏ ਵਿਸ਼ੇਸ਼ ਸਨਮਾਨ ਸਮਾਰੋਹ ਦੌਰਾਨ ਪ੍ਰਿੰਸੀਪਲ ਜਗਪ੍ਰੀਤ ਕੌਰ ਨੂੰ ਇਹ ਸਨਮਾਨ ਪ੍ਰਦਾਨ ਕੀਤਾ ਗਿਆ। ਇਸ ਮੌਕੇ ਸਿੱਖਿਆ ਦੇ ਖੇਤਰ ਵਿਚ ਵਧੀਆ ਕਾਰਗੁਜ਼ਾਰੀ ਤੇ ਸਮਰਪਿਤ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਜਗਪ੍ਰੀਤ ਕੌਰ ਦੀ ਅਗਵਾਈ ਹੇਠ ਸਕੂਲ ਵਿਚ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੇ ਅਨੁਸ਼ਾਸਨ, ਚੰਗੇ ਸੰਸਕਾਰਾਂ, ਨੈਤਿਕ ਕਦਰਾਂ-ਕੀਮਤਾਂ ਤੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਨਾਲ ਆਪਣੀ ਵਿਰਾਸਤ, ਸੱਭਿਆਚਾਰ ਤੇ ਚੰਗੇ ਸੰਸਕਾਰਾਂ ਨਾਲ ਜੋੜਨ ਲਈ ਵੀ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਸਨਮਾਨ ਨਾਲ ਗੁਰੂ ਅਮਰ ਦਾਸ ਸੀਨੀਅਰ ਸੈਕੰਡਰੀ ਸਕੂਲ ਭਲਾਈਪੁਰ ਡੋਗਰਾਂ ਦੇ ਸਮੂਹ ਪ੍ਰਬੰਧਕਾਂ, ਅਧਿਆਪਕਾਂ, ਵਿਦਿਆਰਥੀਆਂ ਤੇ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਸਕੂਲ ਦੇ ਚੇਅਰਮੈਨ ਜਸਪਾਲ ਸਿੰਘ ਰੰਧਾਵਾ ਨੇ ਜਗਪ੍ਰੀਤ ਕੌਰ ਨੂੰ ਇਸ ਵਿਸ਼ੇਸ਼ ਸਨਮਾਨ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਨਮਾਨ ਸਿੱਖਿਆ ਖੇਤਰ ਨਾਲ ਜੁੜੀਆਂ ਸ਼ਖ਼ਸੀਅਤਾਂ ਦੇ ਸਮਰਪਣ ਅਤੇ ਮਿਹਨਤ ਨੂੰ ਮਾਨਤਾ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਹੋਰ ਉਤਸ਼ਾਹ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ।