14 ਨੂੰ ਮੰਤਰੀ ਈਟੀਓ ਦੀ ਰਿਹਾਇਸ਼ ਅੱਗੇ ਮੋਰਚੇ ਲਈ ਕਿਸਾਨਾਂ ਨੇ ਤਿਆਰੀਆਂ ਕੀਤੀਆਂ ਮੁਕੰਮਲ 14 ਨੂੰ ਮੰਤਰੀ ਈਟੀਓ ਦੀ ਰਿਹਾਇਸ਼ ਅੱਗੇ ਮੋਰਚੇ ਲਈ ਕਿਸਾਨਾਂ ਨੇ ਤਿਆਰੀਆਂ ਕੀਤੀਆਂ ਮੁਕੰਮਲ
Publish Date: Sat, 12 Sep 2026 05:05 PM (IST)
Updated Date: Sat, 12 Sep 2026 05:08 PM (IST)
ਬਿਜਲੀ ਸੰਕਟ ਕਾਰਨ ਪੱਕੀਆਂ ਫ਼ਸਲਾਂ ਹੋ ਰਹੀਆਂ ਹਨ ਪ੍ਰਭਾਵਿਤ : ਮਾਣੋਚਾਹਲ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਅਧੀਨ ਪਿੰਡ ਇਕਾਈ ਦੀ 15 ਰੋਜ਼ਾ ਮੀਟਿੰਗ ਪ੍ਰਧਾਨ ਸੁਖਦੇਵ ਸਿੰਘ ਦੀ ਪ੍ਰਧਾਨਗੀ ਹੇਠ ਬਾਬਾ ਜੋਗੀ ਪੀਰ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਇਲਾਕੇ ਵਿਚ ਚੱਲ ਰਹੇ ਬਿਜਲੀ ਸੰਕਟ ਸਮੇਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਦੀ ਲੋੜੀਂਦੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਦੀ ਝੋਨੇ ਅਤੇ ਬਾਸਮਤੀ ਦੀ ਪੱਕੀ ਫ਼ਸਲ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਦੇ ਲੰਮੇ ਕੱਟਾਂ ਕਾਰਨ ਕਿਸਾਨਾਂ ਨੂੰ ਫ਼ਸਲਾਂ ਦੀ ਸਿੰਚਾਈ ਕਰਨ ਵਿਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਪੱਕੀਆਂ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਗਾਇਆ ਕਿ ਸਰਕਾਰ ਵੱਲੋਂ ਚੋਣਾਂ ਸਮੇਂ ਕੀਤੇ ਗਏ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੇ ਰਾਜ ਦੌਰਾਨ ਸੂਬਾ ਕਰਜ਼ੇ, ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਰਗੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਸਟੇਜਾਂ ਤੋਂ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਪੱਧਰ ’ਤੇ ਲੋਕਾਂ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋ ਰਿਹਾ। ਮੀਟਿੰਗ ਦੌਰਾਨ ਕਿਸਾਨ ਆਗੂਆਂ ਨੇ ਦੱਸਿਆ ਕਿ 14 ਸਤੰਬਰ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਮੰਤਰੀਆਂ ਦੀਆਂ ਰਿਹਾਇਸ਼ਾਂ ਅੱਗੇ ਮੋਰਚੇ ਲਗਾਉਣ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਪਿੰਡ ਇਕਾਈ ਮਾਣੋਚਾਹਲ ਤੋਂ ਵੱਡਾ ਟਰਾਲਾ ਲੈ ਕੇ ਕਿਸਾਨ ਅਤੇ ਮਜ਼ਦੂਰ ਬੀਬੀਆਂ ਸਮੇਤ ਅੰਮ੍ਰਿਤਸਰ ਵਿਖੇ ਮੰਤਰੀ ਈਟੀਓ ਦੀ ਰਿਹਾਇਸ਼ ਅੱਗੇ ਲਗਾਏ ਜਾਣ ਵਾਲੇ ਮੋਰਚੇ ਵਿਚ ਸ਼ਮੂਲੀਅਤ ਕਰਨਗੇ। ਆਗੂਆਂ ਨੇ ਕਿਹਾ ਕਿ ਮੋਰਚੇ ਵਿਚ ਸ਼ਾਮਲ ਹੋਣ ਵਾਲੇ ਕਿਸਾਨ-ਮਜ਼ਦੂਰ ਆਪਣੇ ਨਾਲ ਦਵਾਈਆਂ, ਕੱਪੜੇ, ਪੱਖੇ ਅਤੇ ਹੋਰ ਲੋੜੀਂਦਾ ਸਾਮਾਨ ਲੈ ਕੇ ਜਾਣਗੇ। ਉਨ੍ਹਾਂ ਕਿਹਾ ਕਿ ਮੰਗਾਂ ਦੀ ਪੂਰਤੀ ਹੋਣ ਤਕ ਮੋਰਚੇ ’ਚ ਡਟੇ ਰਹਿਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੌਕੇ ਬਲਦੇਵ ਸਿੰਘ, ਦਿਲਬਾਗ ਸਿੰਘ, ਜੋਗਿੰਦਰ ਸਿੰਘ, ਬਲਵੰਤ ਸਿੰਘ, ਪ੍ਰਗਟ ਸਿੰਘ, ਜਥੇਦਾਰ ਪ੍ਰਗਟ ਸਿੰਘ, ਹਰਦੀਪ ਸਿੰਘ, ਅਵਤਾਰ ਸਿੰਘ ਸ਼ਾਹ, ਗੁਰਨਾਮ ਸਿੰਘ, ਪਿਆਰਾ ਸਿੰਘ, ਸ਼ਾਮ ਸਿੰਘ, ਹਰਦੇਵ ਸਿੰਘ, ਨਿਸ਼ਾਨ ਸਿੰਘ, ਰਣਜੋਤ ਸਿੰਘ ਅਤੇ ਅਵਤਾਰ ਸਿੰਘ ਤੋਂ ਇਲਾਵਾ ਬੀਬੀਆਂ ਸਿਮਰਜੀਤ ਕੌਰ, ਪਰਮਜੀਤ ਕੌਰ, ਭਜਨ ਕੌਰ, ਧਰਮ ਕੌਰ, ਨਰਿੰਦਰ ਕੌਰ, ਮਨਜੀਤ ਕੌਰ, ਲਖਵਿੰਦਰ ਕੌਰ, ਰਾਜਵਿੰਦਰ ਕੌਰ, ਲਖਵਿੰਦਰ ਕੌਰ, ਅਮਰਜੀਤ ਕੌਰ ਅਤੇ ਜਸਬੀਰ ਕੌਰ ਸਮੇਤ ਹੋਰ ਕਿਸਾਨ-ਮਜ਼ਦੂਰ ਹਾਜ਼ਰ ਸਨ।