ਬਿਜਲੀ ਸਪਲਾਈ ਠੱਪ ਰਹਿਣ ਦੇ ਵਿਰੋਧ ’ਚ ਐਕਸੀਅਨ ਨੂੰ ਮੰਗ ਪੱਤਰ ਬਿਜਲੀ ਸਪਲਾਈ ਠੱਪ ਰਹਿਣ ਦੇ ਵਿਰੋਧ ’ਚ ਕਿਸਾਨ ਆਗੂਆਂ ਨੇ ਦਿੱਤਾ ਐਕਸੀਅਨ ਨੂੰ ਮੰਗ ਪੱਤਰ
Publish Date: Sat, 12 Sep 2026 05:08 PM (IST)
Updated Date: Sat, 12 Sep 2026 05:11 PM (IST)
ਅਣ-ਐਲਾਨੇ ਲੰਮੇ ਬਿਜਲੀ ਕੱਟਾਂ ਕਾਰਨ ਲੋਕ ਤੇ ਕਿਸਾਨ ਪਰੇਸ਼ਾਨ : ਆਗੂ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਤਰਨਤਾਰਨ ਨਾਲ ਸਬੰਧਤ ਜ਼ੋਨ ਬਾਬਾ ਦੀਪ ਸਿੰਘ ਜੀ ਦੇ ਕਿਸਾਨ ਆਗੂਆਂ ਵੱਲੋਂ ਬਿਜਲੀ ਘਰ ਤਰਨਤਾਰਨ ਵਿਖੇ ਇਕੱਠੇ ਹੋ ਕੇ ਪਾਵਰਕਾਮ ਮੈਨੇਜਮੈਂਟ ਤੇ ਪ੍ਰਸ਼ਾਸਨ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ ਗਿਆ। ਇਹ ਰੋਸ ਇਲਾਕੇ ਵਿਚ ਲੰਮੇ ਸਮੇਂ ਤੋਂ ਘਰੇਲੂ ਅਤੇ ਖੇਤੀਬਾੜੀ ਸੈਕਟਰ ਦੀ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਦੇ ਵਿਰੋਧ ਵਿਚ ਕੀਤਾ ਗਿਆ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਬਾਬਾ ਦੀਪ ਸਿੰਘ ਜੀ ਦੇ ਆਗੂ ਬਲਜੀਤ ਸਿੰਘ ਰਟੌਲ ਨੇ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਇਲਾਕੇ ਵਿਚ ਬਿਜਲੀ ਦੀ ਭਾਰੀ ਕਿੱਲਤ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਅਣ-ਐਲਾਨੇ ਲੰਮੇ ਬਿਜਲੀ ਕੱਟਾਂ ਕਾਰਨ ਆਮ ਲੋਕਾਂ ਦਾ ਘਰਾਂ ਵਿਚ ਰਹਿਣਾ ਮੁਸ਼ਕਿਲ ਹੋ ਗਿਆ ਹੈ ਅਤੇ ਪੀਣ ਵਾਲੇ ਪਾਣੀ ਦੀ ਵੀ ਭਾਰੀ ਕਿੱਲਤ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਸੈਕਟਰ ਨੂੰ ਲੋੜੀਂਦੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਸੁੱਕਣ ਕਿਨਾਰੇ ਪਹੁੰਚ ਗਈਆਂ ਹਨ। ਕਿਸਾਨਾਂ ਨੂੰ ਫ਼ਸਲਾਂ ਬਚਾਉਣ ਲਈ ਮਹਿੰਗੇ ਭਾਅ ਦਾ ਡੀਜ਼ਲ ਫੂਕ ਕੇ ਜਨਰੇਟਰਾਂ ਜਾਂ ਹੋਰ ਸਾਧਨਾਂ ਰਾਹੀਂ ਸਿੰਚਾਈ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ, ਜਿਸ ਕਾਰਨ ਕਿਸਾਨਾਂ ’ਤੇ ਵਾਧੂ ਆਰਥਿਕ ਬੋਝ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਦੋਸ਼ ਲਗਾਇਆ ਕਿ ਬਿਜਲੀ ਸਪਲਾਈ ਸਬੰਧੀ ਵਿਭਾਗ ਦੇ ਅਧਿਕਾਰੀਆਂ ਨੂੰ ਵਾਰ-ਵਾਰ ਜਾਣੂੰ ਕਰਵਾਉਣ ਦੇ ਬਾਵਜੂਦ ਸਮੱਸਿਆ ਦਾ ਕੋਈ ਢੁੱਕਵਾਂ ਹੱਲ ਨਹੀਂ ਕੱਢਿਆ ਗਿਆ। ਉਨ੍ਹਾਂ ਦੋਸ਼ ਲਗਾਇਆ ਕਿ ਸ਼ਿਕਾਇਤ ਕੇਂਦਰਾਂ ’ਤੇ ਫੋਨ ਕਰਨ ਦੇ ਬਾਵਜੂਦ ਕਈ ਵਾਰ ਫੋਨ ਨਹੀਂ ਚੁੱਕੇ ਜਾਂਦੇ, ਜਿਸ ਕਾਰਨ ਲੋਕਾਂ ਵਿਚ ਵਿਭਾਗ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਦੌਰਾਨ ਕਿਸਾਨ ਆਗੂਆਂ ਵੱਲੋਂ ਐਕਸੀਅਨ ਤਰਨਤਾਰਨ ਨੂੰ ਮੰਗ ਪੱਤਰ ਸੌਂਪਿਆ ਗਿਆ। ਮੰਗ ਪੱਤਰ ਵਿਚ ਮੰਗ ਕੀਤੀ ਗਈ ਕਿ ਖੇਤੀਬਾੜੀ ਮੋਟਰਾਂ ਲਈ ਰੋਜ਼ਾਨਾ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ, ਘਰੇਲੂ ਬਿਜਲੀ ਦੇ ਅਣ-ਐਲਾਨੇ ਲੰਮੇ ਕੱਟ ਤੁਰੰਤ ਬੰਦ ਕੀਤੇ ਜਾਣ ਅਤੇ ਖ਼ਰਾਬ ਟਰਾਂਸਫਾਰਮਰਾਂ ਅਤੇ ਜਰਜਰ ਹੋ ਚੁੱਕੀਆਂ ਬਿਜਲੀ ਦੀਆਂ ਤਾਰਾਂ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ। ਅਖੀਰ ਵਿਚ ਕਿਸਾਨ ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਲਾਕੇ ਵਿਚ ਬਿਜਲੀ ਸਪਲਾਈ ਨਿਯਮਿਤ ਨਾ ਕੀਤੀ ਗਈ ਤਾਂ ਵੱਡੇ ਅਧਿਕਾਰੀਆਂ ਦਾ ਘਿਰਾਓ ਕਰਕੇ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਲਈ ਪਾਵਰਕਾਮ ਪ੍ਰਸ਼ਾਸਨ ਅਤੇ ਸਰਕਾਰ ਜ਼ਿੰਮੇਵਾਰ ਹੋਵੇਗੀ। ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ, ਬੇਅੰਤ ਸਿੰਘ, ਗੁਰਵੇਲ ਸਿੰਘ, ਮੁਖਤਾਰ ਸਿੰਘ ਅਤੇ ਜਗਤਾਰ ਸਿੰਘ ਸਮੇਤ ਹੋਰ ਕਿਸਾਨ ਆਗੂ ਹਾਜ਼ਰ ਸਨ।