ਕੇਸ ’ਚ ਲੁੜੀਂਦਾ ਮੁਲਜ਼ਮ ਪੁਲਿਸ ਨਾਲ ਮੁਕਾਬਲੇ ’ਚ ਜ਼ਖ਼ਮੀ ਕੇਸ ਵਿਚ ਲੁੜੀਂਦਾ ਮੁਲਜ਼ਮ ਤਰਨਤਾਰਨ ਪੁਲਿਸ ਨਾਲ ਮੁਕਾਬਲੇ ’ਚ ਜ਼ਖ਼ਮੀ
Publish Date: Sat, 12 Sep 2026 05:22 PM (IST)
Updated Date: Sat, 12 Sep 2026 05:26 PM (IST)
ਜ਼ਖ਼ਮੀ ਨੌਜਵਾਨ ਨੇ ਪਹਿਲਾਂ ਵੀ ਕੀਤੀ ਸੀ ਪੁਲਿਸ ਪਾਰਟੀ ’ਤੇ ਫਾਇਰਿੰਗ ਸਟਾਫ ਰਿਪੋਰਟਰ, •ਪੰਜਾਬੀ ਜਾਗਰਣ, ਤਰਨਤਾਰਨ : ਤਰਨਤਾਰਨ ਦੇ ਥਾਣਾ ਸਿਟੀ ਦੀ ਪੁਲਿਸ ਟੀਮ ਨੇ ਸ਼ਨਿਚਰਵਾਰ ਨੂੰ ਮੁਰਾਦਪੁਰ ਇਲਾਕੇ ਵਿਚ ਮੁਕਾਬਲੇ ਦੌਰਾਨ ਜ਼ਖ਼ਮੀ ਹੋਏ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਪਹਿਲਾਂ ਪੁਲਿਸ ਉੱਪਰ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਨਾਮਜ਼ਦ ਉਕਤ ਬਦਮਾਸ਼ ਦੇ ਮੁਰਾਦਪੁਰ ਇਲਾਕੇ ਵਿਚ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਉਸ ਦਾ ਪਿੱਛਾ ਕਰ ਰਹੀ ਸੀ, ਪਰ ਉਸ ਨੇ ਅੱਗੋਂ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਦੌਰਾਨ ਮੁਲਜ਼ਮ ਦੀ ਲੱਤ ’ਤੇ ਦੋ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਕੇ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਾਣਕਾਰੀ ਦਿੰਦਿਆਂ ਐੱਸਪੀ ਰਿਪੂਤਪਨ ਸਿੰਘ ਨੇ ਦੱਸਿਆ ਕਿ ਆਪਣੇ ਭਰਾ ਸਮੇਤ ਪੁਲਿਸ ਪਾਰਟੀ ’ਤੇ ਗੋਲੀ ਚਲਾਉਣ ਦੇ ਮਾਮਲੇ ਵਿਚ ਨਾਮਜ਼ਦ ਜਗਜੀਤ ਸਿੰਘ ਉਰਫ਼ ਜੱਗੀ ਪੁੱਤਰ ਮੰਗਲ ਸਿੰਘ ਵਾਸੀ ਮੁਰਾਦਪੁਰਾ ਸਬੰਧੀ ਸ਼ਨਿਚਰਵਾਰ ਨੂੰ ਥਾਣਾ ਸਿਟੀ ਤਰਨਤਾਰਨ ਦੀ ਪੁਲਿਸ ਦੇ ਹੱਥ ਸੂਚਨਾ ਲੱਗੀ ਸੀ ਕਿ ਉਹ ਮੁਰਾਦਪੁਰ ਇਲਾਕੇ ਵਿਚ ਮੌਜੂਦ ਹੈ। ਥਾਣਾ ਸਿਟੀ ਤਰਨਤਾਰਨ ਦੇ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਪੁਲਿਸ ਪਾਰਟੀ ਸਮੇਤ ਉਸਦਾ ਪਿੱਛਾ ਸ਼ੁਰੂ ਕਰ ਦਿੱਤਾ। ਕਾਰਵਾਈ ਦੌਰਾਨ ਮੁਲਜ਼ਮ ਨੇ ਪੈਟਰੋਲ ਪੰਪ ਨੇੜੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਉਸ ਦਾ ਮੋਟਰਸਾਈਕਲ ਸਲਿਪ ਹੋ ਗਿਆ ਅਤੇ ਉਹ ਡਿੱਗ ਪਿਆ। ਜਦੋਂ ਪੁਲਿਸ ਨੇ ਉਸ ਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਤਾਂ ਉਸਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਜਦੋਂਕਿ ਜਵਾਬੀ ਗੋਲੀਬਾਰੀ ਦੌਰਾਨ ਜਗਜੀਤ ਸਿੰਘ ਜੱਗੀ ਦੀ ਲੱਤ ਵਿਚ ਦੋ ਗੋਲੀਆਂ ਲੱਗੀਆਂ, ਜਿਸ ਤੋਂ ਬਾਅਦ ਉਸ ਨੂੰ ਕਾਬੂ ਕਰ ਕੇ ਤਰਨਤਾਰਨ ਦੇ ਸਿਵਲ ਹਸਪਤਾਲ ਵਿਚ ਦਾਖਲ ਕਰਵਾ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੁਕਾਬਲੇ ਸਬੰਧੀ ਜੱਗੀ ਵਿਰੁੱਧ ਪੁਲਿਸ ਪਾਰਟੀ ’ਤੇ ਜਾਨਲੇਵਾ ਹਮਲਾ ਕਰਨ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਹਿਲਾਂ ਤੋਂ ਹੀ ਇਕ ਅਜਿਹੇ ਮਾਮਲੇ ਵਿਚ ਲੁੜੀਂਦਾ ਸੀ, ਜਿਸ ਵਿਚ ਪੁਲਿਸ ਪਾਰਟੀ ’ਤੇ ਫਾਇਰਿੰਗ ਕੀਤੇ ਜਾਣ ਦੀ ਗੱਲ ਸਾਹਮਣੇ ਆਈ ਸੀ। ਉਨ੍ਹਾਂ ਦੱਸਿਆ ਕਿ ਮੌਕੇ ਤੋਂ ਇਕ ਪਿਸਟਲ ਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਜਦੋਂਕਿ ਮੁਲਜ਼ਮ ਦੀ ਪੂਰੀ ਭੂਮਿਕਾ, ਨਾਜਾਇਜ਼ ਹਥਿਆਰ ਦੇ ਸਰੋਤ ਅਤੇ ਉਸਦੇ ਸਾਥੀਆਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਉਸਦੇ ਫਰਾਰ ਚੱਲ ਰਹੇ ਭਰਾ ਦੀ ਗ੍ਰਿਫਤਾਰੀ ਲਈ ਪਹਿਲਾਂ ਹੀ ਕਾਰਵਾਈ ਕੀਤੀ ਜਾ ਰਹੀ ਹੈ।