ਬਿਜਲੀ ਸਪਲਾਈ ’ਚ ਸੁਧਾਰ ਨਾ ਹੋਇਆ ਤਾਂ ਐਕਸੀਅਨ ਦਫ਼ਤਰ ਅੱਗੇ ਲੱਗੇਗਾ ਧਰਨਾ ਬਿਜਲੀ ਸਪਲਾਈ ’ਚ ਸੁਧਾਰ ਨਾ ਹੋਇਆ ਤਾਂ ਐਕਸੀਅਨ ਦਫ਼ਤਰ ਅੱਗੇ ਲੱਗੇਗਾ ਧਰਨਾ
Publish Date: Sat, 12 Sep 2026 06:18 PM (IST)
Updated Date: Sat, 12 Sep 2026 06:20 PM (IST)
ਨਰਿੰਦਰ ਸਿੰਘ ਦੋਦੇ•, ਪੰਜਾਬੀ ਜਾਗਰਣ ਸਰਾਏ ਅਮਾਨਤ ਖਾਂ : ਸੰਯੁਕਤ ਮੋਰਚੇ ਦੇ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਵੱਲੋਂ ਪੁੱਤਾਂ ਵਾਂਗ ਪਾਲੀ ਝੋਨੇ ਦੀ ਫ਼ਸਲ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਨਾ ਮਿਲਣ ਕਾਰਨ ਲੱਗ ਰਹੇ ਲੰਮੇ-ਲੰਮੇ ਕੱਟਾਂ ਦੇ ਚੱਲਦਿਆਂ ਭਾਰੀ ਨੁਕਸਾਨ ਹੋਣ ਦਾ ਖ਼ਦਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਝੋਨੇ ਦੀ ਫ਼ਸਲ ਨਿਸਾਰੇ ’ਤੇ ਹੋਣ ਕਾਰਨ ਖੇਤਾਂ ਨੂੰ ਸਮੇਂ ਸਿਰ ਪਾਣੀ ਦੇਣਾ ਬਹੁਤ ਜ਼ਰੂਰੀ ਹੈ, ਪਰ ਬਿਜਲੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੰਯੁਕਤ ਮੋਰਚੇ ਦੇ ਆਗੂਆਂ ਨੇ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਭਾਸ਼ਣਾਂ ਵਿਚ ਕਿਸਾਨਾਂ ਨੂੰ ਅੱਠ ਘੰਟੇ ਬਿਜਲੀ ਸਪਲਾਈ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਜ਼ਮੀਨੀ ਹਕੀਕਤ ਇਸ ਤੋਂ ਵੱਖਰੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਲੰਮੇ ਬਿਜਲੀ ਕੱਟਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਫ਼ਸਲਾਂ ਪ੍ਰਭਾਵਿਤ ਹੋ ਰਹੀਆਂ ਹਨ। ਆਗੂਆਂ ਨੇ ਦੱਸਿਆ ਕਿ ਸੰਯੁਕਤ ਮੋਰਚੇ ਵੱਲੋਂ ਵੱਖ-ਵੱਖ ਸਬ-ਡਵੀਜ਼ਨਾਂ ਵਿਚ ਪਹੁੰਚ ਕੇ ਬਿਜਲੀ ਦੇ ਲੱਗ ਰਹੇ ਪਾਵਰ ਕੱਟਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਅਜੇ ਤਕ ਸਰਕਾਰ ਵੱਲੋਂ ਇਸ ਸਮੱਸਿਆ ਦਾ ਕੋਈ ਢੁੱਕਵਾਂ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਨੂੰ ਤੁਰੰਤ ਲੋੜ ਅਨੁਸਾਰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾਵੇ। ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਕ ਹਫ਼ਤੇ ਦੇ ਅੰਦਰ ਬਿਜਲੀ ਸਪਲਾਈ ’ਚ ਸੁਧਾਰ ਨਾ ਕੀਤਾ ਗਿਆ ਅਤੇ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਨਾ ਮਿਲੀ ਤਾਂ ਕਿਸਾਨਾਂ ਨੂੰ ਵੱਡਾ ਆਰਥਿਕ ਨੁਕਸਾਨ ਝੱਲਣਾ ਪੈ ਸਕਦਾ ਹੈ। ਇਸ ਦੇ ਚੱਲਦਿਆਂ ਕਿਸਾਨ ਜਥੇਬੰਦੀਆਂ ਵੱਲੋਂ ਮਜ਼ਬੂਰ ਹੋ ਕੇ ਐਕਸੀਅਨ ਦਫ਼ਤਰ ਅੱਗੇ ਧਰਨਾ ਲਗਾਇਆ ਜਾਵੇਗਾ। ਇਸ ਮੌਕੇ ਕੌਮੀ ਕਿਸਾਨ ਯੂਨੀਅਨ ਦੇ ਆਗੂ ਕੈਪਟਨ ਸਿੰਘ ਬਘਿਆੜੀ, ਸੂਰਤਾ ਸਿੰਘ, ਸਾਬਕਾ ਸਰਪੰਚ ਪਰਮਜੀਤ ਸਿੰਘ, ਰਣਜੀਤ ਸਿੰਘ, ਕਾਰਜ ਸਿੰਘ ਦੋਧੀ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਮਲਕੀਤ ਸਿੰਘ ਬਘਿਆੜੀ, ਗੁਰਜੀਤ ਸਿੰਘ ਗੰਡੀਵਿੰਡ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਆਗੂ ਨਿਰੰਜਨ ਸਿੰਘ ਚਾਹਲ, ਜਮਹੂਰੀ ਕਿਸਾਨ ਸਭਾ ਦੇ ਆਗੂ ਹਰਦੀਪ ਸਿੰਘ ਰਸੂਲਪੁਰ, ਸੁਖਦੇਵ ਸਿੰਘ, ਕਰਮ ਸਿੰਘ, ਨੰਬਰਦਾਰ ਪ੍ਰਕਾਸ਼ ਸਿੰਘ, ਜਗੀਰ ਸਿੰਘ, ਗੁਰਲਾਲ ਸਿੰਘ, ਬਲਬੀਰ ਸਿੰਘ, ਕਾਰਜ ਸਿੰਘ ਸਰਾਂ, ਸੁਲੱਖਣ ਸਿੰਘ, ਰਤਨ ਸਿੰਘ, ਅਵਤਾਰ ਸਿੰਘ, ਰਣਜੀਤ ਸਿੰਘ, ਗੁਰਦੇਵ ਸਿੰਘ, ਹਰਪਾਲ ਸਿੰਘ, ਦਿਲਬਾਗ ਸਿੰਘ, ਹਰਦੇਵ ਸਿੰਘ ਸ਼ਾਹ, ਹਰਪਿੰਦਰ ਸਿੰਘ, ਪ੍ਰਿਤਪਾਲ ਸਿੰਘ, ਡਾਕਟਰ ਲਾਲੀ, ਗੁਰਵਿੰਦਰ ਸਿੰਘ, ਅਮਰਜੀਤ ਸਿੰਘ ਕੋਟ, ਖਜ਼ਾਨ ਸਿੰਘ ਮਿੰਟੂ, ਬਾਊ ਦੋਧੀ, ਸਾਹਿਬ ਸਿੰਘ ਅਤੇ ਯਾਦਵਿੰਦਰ ਸਿੰਘ ਆਦਿ ਹਾਜ਼ਰ ਸਨ।