ਪੱਟੀ ਸ਼ਹਿਰ ’ਚ ਹੁਣ ਹਲਵਾਈ ਦੀ ਦੁਕਾਨ ’ਤੇ ਚੱਲੀਆਂ ਗੋਲ਼ੀਆਂ ਪੱਟੀ ਸ਼ਹਿਰ ’ਚ ਹੁਣ ਹਲਵਾਈ ਦੀ ਦੁਕਾਨ ’ਤੇ ਚੱਲੀਆਂ ਗੋਲੀਆਂ
Publish Date: Sat, 12 Sep 2026 07:14 PM (IST)
Updated Date: Sat, 12 Sep 2026 07:17 PM (IST)
ਬੱਲੂ ਮਹਿਤਾ, •ਪੰਜਾਬੀ ਜਾਗਰਣ ਪੱਟੀ : ਤਰਨਤਾਰਨ ਜ਼ਿਲ੍ਹੇ ਦੇ ਪੱਟੀ ਸ਼ਹਿਰ ਵਿਚ ਗੋਲ਼ੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਲੰਘੀ ਰਾਤ ਪੱਟੀ ਦੀ ਵੱਡੀ ਮੰਡੀ ਵਿਖੇ ਸਥਿਤ ਇਕ ਹਲਵਾਈ ਦੀ ਦੁਕਾਨ ਨੂੰ ਨਿਸ਼ਾਨਾ ਬਣਾ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਗੋਲ਼ੀਆਂ ਚਲਾਏ ਜਾਣ ਦੀ ਘਟਨਾ ਸਾਹਮਣੇ ਆਈ ਹੈ। ਗੋਲ਼ੀਬਾਰੀ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਘਟਨਾ ਕਾਰਨ ਦੁਕਾਨਦਾਰਾਂ ਅਤੇ ਆਸ-ਪਾਸ ਦੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਗਿਆ। ਪਿਛਲੇ ਕੁਝ ਸਮੇਂ ਤੋਂ ਪੱਟੀ ਇਲਾਕੇ ਅੰਦਰ ਦੁਕਾਨਦਾਰਾਂ ਅਤੇ ਛੋਟੇ-ਵੱਡੇ ਕਾਰੋਬਾਰੀਆਂ ਨੂੰ ਕਥਿਤ ਤੌਰ ’ਤੇ ਫਿਰੌਤੀ ਦੀਆਂ ਕਾਲਾਂ ਆਉਣ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਇਸ ਕਾਰਨ ਕਾਰੋਬਾਰੀ ਵਰਗ ਵਿਚ ਚਿੰਤਾ ਪਾਈ ਜਾ ਰਹੀ ਹੈ। ਲੰਘੀ ਰਾਤ ਵਾਪਰੀ ਗੋਲ਼ੀਬਾਰੀ ਦੀ ਘਟਨਾ ਨੂੰ ਵੀ ਇਸੇ ਪਿਛੋਕੜ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ, ਹਾਲਾਂਕਿ ਇਸ ਸਬੰਧੀ ਅਜੇ ਕੋਈ ਪੁਸ਼ਟੀ ਨਹੀਂ ਹੋਈ। ਘਟਨਾ ਤੋਂ ਬਾਅਦ ਥਾਣਾ ਸਿਟੀ ਪੱਟੀ ਦੀ ਪੁਲਿਸ ਮੌਕੇ ’ਤੇ ਪੁੱਜੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਆਸ-ਪਾਸ ਦੇ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ, ਤਾਂ ਜੋ ਗੋਲੀਬਾਰੀ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾ ਸਕੇ। ਦੂਜੇ ਪਾਸੇ, ਜਿਸ ਦੁਕਾਨ ’ਤੇ ਗੋਲ਼ੀਆਂ ਚਲਾਈਆਂ ਗਈਆਂ, ਉਸ ਦੇ ਦੁਕਾਨਦਾਰ ਨੇ ਇਸ ਮਾਮਲੇ ਸਬੰਧੀ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਪੁਲਿਸ ਜਾਂਚ ਤੋਂ ਬਾਅਦ ਹੀ ਘਟਨਾ ਦੇ ਅਸਲ ਕਾਰਨਾਂ ਅਤੇ ਗੋਲ਼ੀਬਾਰੀ ਵਿਚ ਸ਼ਾਮਲ ਵਿਅਕਤੀਆਂ ਬਾਰੇ ਸਥਿਤੀ ਸਪੱਸ਼ਟ ਹੋ ਸਕੇਗੀ। ਸ਼ਹਿਰ ਦੇ ਕਾਰੋਬਾਰੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਅਜਿਹੀਆਂ ਘਟਨਾਵਾਂ ’ਤੇ ਰੋਕ ਲਗਾਉਣ ਅਤੇ ਬਾਜ਼ਾਰਾਂ ਵਿਚ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰਨ ਦੀ ਮੰਗ ਕੀਤੀ ਹੈ।