ਪਿੰਡ ਸਭਰਾ ‘ਚ ਬਿਜਲੀ ਕੱਟਾਂ ਖ਼ਿਲਾਫ਼ ਕਿਸਾਨ ਸੰਘਰਸ਼ ਕਮੇਟੀ ਨੇ ਕੀਤਾ ਰੋਸ ਮੁਜ਼ਾਹਰਾ ਪਿੰਡ ਸਭਰਾ ‘ਚ ਬਿਜਲੀ ਕੱਟਾਂ ਖ਼ਿਲਾਫ਼ ਕਿਸਾਨ ਸੰਘਰਸ਼ ਕਮੇਟੀ ਨੇ ਕੀਤਾ ਰੋਸ ਪ੍ਰਦਰਸ਼ਨ
Publish Date: Sat, 12 Sep 2026 08:01 PM (IST)
Updated Date: Sat, 12 Sep 2026 08:02 PM (IST)
ਪੰਜਾਬ ਸਰਕਾਰ ਤੇ ਕੇਂਦਰ ਸਰਕਾਰ ਵਿਰੁੱਧ ਕੀਤੀ ਨਾਅਰੇਬਾਜ਼ੀ, ਪੁਤਲਾ ਫੂਕਿਆ ਸਤਨਾਮ ਸਿੰਘ ਚੀਮਾ•, ਪੰਜਾਬੀ ਜਾਗਰਣ ਘਰਿਆਲਾ : ਕਿਸਾਨ ਸੰਘਰਸ਼ ਕਮੇਟੀ ਪੰਜਾਬ, ਇੰਦਰਜੀਤ ਸਿੰਘ ਕੋਟ ਬੁੱਢਾ ਦੀ ਜਥੇਬੰਦੀ ਵੱਲੋਂ ਇਲਾਕੇ ਵਿਚ ਲੱਗ ਰਹੇ ਬਿਜਲੀ ਦੇ ਕੱਟਾਂ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵਿਰੁੱਧ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਕਿਸਾਨਾਂ ਨੇ ਸਰਕਾਰਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਆਪਣਾ ਰੋਸ ਜ਼ਾਹਰ ਕੀਤਾ। ਇਹ ਰੋਸ ਮੁਜ਼ਾਹਰਾ ਕਿਸਾਨ ਆਗੂ ਸਾਹਿਬ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਅਤੇ ਜਥੇਬੰਦੀ ਦੇ ਵਰਕਰ ਇਕੱਠੇ ਹੋਏ। ਕਿਸਾਨ ਆਗੂਆਂ ਨੇ ਕਿਹਾ ਕਿ ਬਿਜਲੀ ਦੇ ਲਗਾਤਾਰ ਕੱਟਾਂ ਕਾਰਨ ਕਿਸਾਨਾਂ ਨੂੰ ਖੇਤੀਬਾੜੀ ਦੇ ਕੰਮਾਂ ਵਿਚ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਖੇਤੀਬਾੜੀ ਪਹਿਲਾਂ ਹੀ ਕਈ ਚੁਣੌਤੀਆਂ ਵਿੱਚੋਂ ਗੁਜ਼ਰ ਰਹੀ ਹੈ ਅਤੇ ਉੱਪਰੋਂ ਬਿਜਲੀ ਦੇ ਅਣਐਲਾਨੇ ਜਾਂ ਲੰਬੇ ਕੱਟਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਹੋਰ ਵਧਾ ਦਿੱਤੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਖੇਤੀਬਾੜੀ ਲਈ ਨਿਰਵਿਘਨ ਅਤੇ ਨਿਰਧਾਰਤ ਸਮੇਂ ਅਨੁਸਾਰ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇ। ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਵਿਰੁੱਧ ਰੋਸ ਜ਼ਾਹਿਰ ਕਰਦਿਆਂ ਕਿਹਾ ਕਿ ਜੇਕਰ ਬਿਜਲੀ ਸਪਲਾਈ ਦੀ ਸਮੱਸਿਆ ਦਾ ਜਲਦ ਹੱਲ ਨਾ ਕੀਤਾ ਗਿਆ, ਤਾਂ ਕਿਸਾਨ ਜਥੇਬੰਦੀ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਰੋਸ ਪ੍ਰਦਰਸ਼ਨ ਦੌਰਾਨ ਕਿਸਾਨਾਂ ਵੱਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਨ ਉਪਰੰਤ ਪੁਤਲਾ ਫੂਕ ਕੇ ਆਪਣਾ ਰੋਸ ਦਰਜ ਕਰਵਾਇਆ ਗਿਆ। ਕਿਸਾਨ ਆਗੂ ਸਾਹਿਬ ਸਿੰਘ ਨੇ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਵੱਲ ਸਰਕਾਰਾਂ ਨੂੰ ਗੰਭੀਰਤਾ ਨਾਲ ਧਿਆਨ ਦੇਣਾ ਚਾਹੀਦਾ ਹੈ ਅਤੇ ਬਿਜਲੀ ਸਪਲਾਈ ਵਿਚ ਆ ਰਹੀਆਂ ਮੁਸ਼ਕਿਲਾਂ ਨੂੰ ਤੁਰੰਤ ਦੂਰ ਕਰਨਾ ਚਾਹੀਦਾ ਹੈ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿਚ ਜਥੇਬੰਦੀ ਵੱਲੋਂ ਵੱਡੇ ਪੱਧਰ ’ਤੇ ਸੰਘਰਸ਼ ਉਲੀਕਿਆ ਜਾਵੇਗਾ। ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਅਤੇ ਜਥੇਬੰਦੀ ਦੇ ਮੈਂਬਰ ਹਾਜ਼ਰ ਸਨ।