ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਹੋਵੇਗਾ ‘ਜਸ਼ਨ-ਏ-ਇਨਕਲਾਬ’ : ਲਾਲਪੁਰਾ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ 28 ਸਤੰਬਰ ਨੂੰ ਹੋਵੇਗਾ ‘ਜਸ਼ਨ-ਏ-ਇਨਕਲਾਬ’ : ਮਨਜਿੰਦਰ ਸਿੰਘ ਲਾਲਪੁਰਾ
Publish Date: Sat, 12 Sep 2026 08:52 PM (IST)
Updated Date: Sat, 12 Sep 2026 08:53 PM (IST)
ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ, ਤਰਨਤਾਰਨ : ਆਮ ਆਦਮੀ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਅਤੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮ ‘ਜਸ਼ਨ-ਏ-ਇਨਕਲਾਬ’ ਦਾ ਪੋਸਟਰ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਆਗੂਆਂ ਸਮੇਤ ਪੋਸਟਰ ਜਾਰੀ ਕਰਦਿਆਂ ਲੋਕਾਂ ਨੂੰ ਵੱਡੀ ਗਿਣਤੀ ਵਿਚ ਸਮਾਗਮ ’ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਇਹ ਵਿਸ਼ਾਲ ਸਮਾਗਮ 28 ਸਤੰਬਰ ਨੂੰ ਪੀਏਯੂ ਗਰਾਊਂਡ, ਲੁਧਿਆਣਾ ਵਿਖੇ ਕਰਵਾਇਆ ਜਾਵੇਗਾ, ਜਿਸ ਵਿਚ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਵੱਡੀ ਗਿਣਤੀ ਵਿਚ ਪਾਰਟੀ ਆਗੂ ਤੇ ਵਰਕਰ ਸ਼ਾਮਲ ਹੋਣਗੇ। ਲਾਲਪੁਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਅਤੇ ਉਨ੍ਹਾਂ ਦੀ ਇਨਕਲਾਬੀ ਸੋਚ ਨੌਜਵਾਨਾਂ ਸਮੇਤ ਹਰ ਪੰਜਾਬੀ ਲਈ ਪ੍ਰੇਰਣਾ ਦਾ ਸਰੋਤ ਹੈ। ਪੰਜਾਬ ਸਰਕਾਰ ਸ਼ਹੀਦ-ਏ-ਆਜ਼ਮ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਸਿਰਜਣ ਲਈ ਸਿੱਖਿਆ, ਰੁਜ਼ਗਾਰ, ਵਿਕਾਸ ਅਤੇ ਲੋਕ-ਭਲਾਈ ਦੇ ਖੇਤਰਾਂ ਵਿਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ‘ਜਸ਼ਨ-ਏ-ਇਨਕਲਾਬ’ ਸਿਰਫ਼ ਇਕ ਸਮਾਗਮ ਨਹੀਂ, ਸਗੋਂ ਮਹਾਨ ਸ਼ਹੀਦ ਦੀ ਸੋਚ, ਕੁਰਬਾਨੀ ਅਤੇ ਦੇਸ਼-ਪ੍ਰੇਮ ਨੂੰ ਯਾਦ ਕਰਨ ਦਾ ਮੌਕਾ ਹੈ। ਉਨ੍ਹਾਂ ਪੰਜਾਬ ਵਾਸੀਆਂ ਨੂੰ ਸੱਦਾ ਦਿੱਤਾ ਕਿ 28 ਸਤੰਬਰ ਨੂੰ ਵੱਡੀ ਗਿਣਤੀ ਵਿਚ ਲੁਧਿਆਣਾ ਪਹੁੰਚ ਕੇ ਸ਼ਹੀਦ ਭਗਤ ਸਿੰਘ ਜੀ ਨੂੰ ਸ਼ਰਧਾਂਜਲੀ ਭੇਟ ਕਰਨ ਅਤੇ ਉਨ੍ਹਾਂ ਦੇ ਸੁਪਨਿਆਂ ਵਾਲੇ ਪੰਜਾਬ ਦੀ ਸਿਰਜਣਾ ਲਈ ਆਪਣਾ ਯੋਗਦਾਨ ਪਾਉਣ।