ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਕੀਤੀ ਨਿੰਦਾ ਡਾ. ਅੰਬੇਡਕਰ ਦੇ ਬੁੱਤ ਦੀ ਬੇਅਦਬੀ ਦੀ ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਨੇ ਨਿੰਦਾ ਕੀਤੀ
Publish Date: Sun, 13 Sep 2026 06:59 PM (IST)
Updated Date: Mon, 14 Sep 2026 04:05 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਿਕੰਦਰ ਮੁਰਾਦਪੁਰਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿਚ ਪੰਜਾਬ ਦੇ ਸੀਨੀਅਰ ਵਾਈਸ ਪ੍ਰਧਾਨ ਸਰਵਨ ਸਭਰਵਾਲ ਅਤੇ ਪੰਜਾਬ ਵਾਈਸ ਪ੍ਰਧਾਨ ਤਰਲੋਕ ਸਹੋਤਾ ਵਿਸ਼ੇਸ਼ ਤੌਰ ’ਤੇ ਪਹੁੰਚੇ। ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸਿਕੰਦਰ ਮੁਰਾਦਪੁਰਾ ਵੱਲੋਂ ਜ਼ਿਲ੍ਹਾ ਟੀਮ ਨੂੰ ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਵੱਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਨੇ ਜ਼ਿਲ੍ਹਾ ਟੀਮ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਜਥੇਬੰਦੀ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਤੇ ਲੋਕ-ਹਿੱਤ ਦੇ ਮੁੱਦਿਆਂ ਲਈ ਸਰਗਰਮੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਆਗੂਆਂ ਨੇ ਪਿਛਲੇ ਦਿਨੀਂ ਲੁਧਿਆਣਾ ਵਿਖੇ ਭਾਰਤ ਰਤਨ ਡਾ. ਬੀਆਰ ਅੰਬੇਡਕਰ ਦੇ ਬੁੱਤ ਨਾਲ ਵਾਪਰੀ ਕਥਿਤ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਮਾਜਿਕ ਭਾਈਚਾਰੇ ਅਤੇ ਆਪਸੀ ਸਦਭਾਵਨਾ ਨੂੰ ਠੇਸ ਪਹੁੰਚਾਉਂਦੀਆਂ ਹਨ ਅਤੇ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤੀਆਂ ਜਾ ਸਕਦੀਆਂ। ਆਗੂਆਂ ਨੇ ਕਿਹਾ ਕਿ ਭਗਵਾਨ ਵਾਲਮੀਕਿ ਕ੍ਰਾਂਤੀ ਸੈਨਾ ਪੰਜਾਬ ਵਿਚ ਅਜਿਹੀਆਂ ਘਟਨਾਵਾਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਘਟਨਾ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਜੇਕਰ ਦੋਸ਼ ਸਾਬਿਤ ਹੁੰਦੇ ਹਨ ਤਾਂ ਦੋਸ਼ੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਡਾ. ਬੀਆਰ ਅੰਬੇਡਕਰ ਨੇ ਦੇਸ਼ ਦੇ ਸੰਵਿਧਾਨ ਦੀ ਰਚਨਾ ਵਿਚ ਅਹਿਮ ਭੂਮਿਕਾ ਨਿਭਾਈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਇਸ ਲਈ ਮਹਾਨ ਸ਼ਖ਼ਸੀਅਤਾਂ ਦੇ ਬੁੱਤਾਂ ਅਤੇ ਯਾਦਗਾਰਾਂ ਦਾ ਸਤਿਕਾਰ ਕਰਨਾ ਹਰੇਕ ਨਾਗਰਿਕ ਦੀ ਜ਼ਿੰਮੇਵਾਰੀ ਹੈ। ਇਸ ਮੌਕੇ ਅਮਰਜੀਤ ਸਿੰਘ ਦਿਓ, ਗੋਰਾ ਮਥਰੇਵਾਲ, ਰਿੰਕੂ ਨੌਸ਼ਹਿਰਾ, ਕਾਕਾ ਗੰਡੀਵਿੰਡ, ਦੇਸਰਾਜ ਸਿੰਘ, ਹਰਜੀਤ ਸਿੰਘ ਖੱਬੇ ਡੋਗਰਾਂ, ਮੱਲੀ ਸ਼ਫੀਪੁਰ, ਮਨਪ੍ਰੀਤ ਸਿੰਘ ਨੋਨੇ, ਗੋਰਾ ਅਮੀਸ਼ਾਹ, ਸਰਬਜੀਤ ਸਿੰਘ, ਗੁਰਲਾਲ ਸਿੰਘ, ਕਵਲਜੀਤ ਸਿੰਘ ਕਾਲਾ ਸਮੇਤ ਹੋਰ ਅਹੁਦੇਦਾਰ ਅਤੇ ਮੈਂਬਰ ਹਾਜ਼ਰ ਸਨ।