‘ਪੰਜਾਬ ਬਚਾਓ ਰੈਲੀ’ ਦੀ ਸਫ਼ਲਤਾ ਅਕਾਲੀ ਦਲ ਦੀ ਮਜ਼ਬੂਤੀ ਦਾ ਸੰਕੇਤ : ਜਥੇ. ਜਹਾਂਗੀਰ ‘ਪੰਜਾਬ ਬਚਾਓ ਰੈਲੀ’ ਦੀ ਸਫ਼ਲਤਾ ਨੇ ਅਕਾਲੀ ਦਲ ਦੀ ਮਜ਼ਬੂਤੀ ਦਾ ਸੰਕੇਤ ਦਿੱਤਾ : ਜਥੇਦਾਰ ਦਲਬੀਰ ਸਿੰਘ ਜਹਾਂਗੀਰ
Publish Date: Mon, 14 Sep 2026 05:09 PM (IST)
Updated Date: Tue, 15 Sep 2026 04:03 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਸ੍ਰੀ ਗੋਇੰਦਵਾਲ ਸਾਹਿਬ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਦੀ ਸਫ਼ਲਤਾ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਜਥੇਦਾਰ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਰੈਲੀ ਵਿਚ ਹੋਇਆ ਵਿਸ਼ਾਲ ਇਕੱਠ ਅਕਾਲੀ ਵਰਕਰਾਂ ਤੇ ਪੰਜਾਬ ਵਾਸੀਆਂ ਦੇ ਪਾਰਟੀ ਪ੍ਰਤੀ ਮੁੜ ਵੱਧ ਰਹੇ ਭਰੋਸੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਹਲਕਾ ਖਡੂਰ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਆਉਣ ਵਾਲੇ ਸਮੇਂ ਵਿਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਆਪਣੀ ਮਜ਼ਬੂਤ ਹਾਜ਼ਰੀ ਦਰਜ ਕਰਵਾਏਗਾ। ਜਥੇਦਾਰ ਜਹਾਂਗੀਰ ਨੇ ਕਿਹਾ ਕਿ ਰੈਲੀ ਨੂੰ ਸਫ਼ਲ ਬਣਾਉਣ ਲਈ ਹਲਕਾ ਇੰਚਾਰਜ ਬੀਬੀ ਰਮਨਦੀਪ ਕੌਰ ਸ਼ੇਰੋਂ, ਸਰਪੰਚ ਅਵਤਾਰ ਸਿੰਘ ਬਿੱਲਾ ਸ਼ੇਰੋਂ ਅਤੇ ਸਮੁੱਚੀ ਅਕਾਲੀ ਲੀਡਰਸ਼ਿਪ ਤੇ ਵਰਕਰਾਂ ਨੇ ਸਖ਼ਤ ਮਿਹਨਤ ਕੀਤੀ ਹੈ। ਖਾਸ ਤੌਰ ’ਤੇ ਅਵਤਾਰ ਸਿੰਘ ਬਿੱਲਾ ਦੀ ਸਰਗਰਮ ਭੂਮਿਕਾ ਅਤੇ ਲਾਮਬੰਦੀ ਦੀ ਉਨ੍ਹਾਂ ਸ਼ਲਾਘਾ ਕੀਤੀ। ਜਥੇਦਾਰ ਜਹਾਂਗੀਰ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸਮੁੱਚੀ ਲੀਡਰਸ਼ਿਪ ਨੇ ਵੀ ਗੋਇੰਦਵਾਲ ਸਾਹਿਬ ਦੀ ਧਰਤੀ ’ਤੇ ਹੋਏ ਇਕੱਠ ’ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਹਲਕਾ ਇੰਚਾਰਜ ਰਮਨਦੀਪ ਕੌਰ ਸ਼ੇਰੋਂ ਅਤੇ ਸਰਪੰਚ ਅਵਤਾਰ ਸਿੰਘ ਬਿੱਲਾ ਦੀ ਸ਼ਲਾਘਾ ਕੀਤੀ। ਜਥੇਦਾਰ ਦਲਬੀਰ ਸਿੰਘ ਜਹਾਂਗੀਰ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਵਾਲੀ ਮਜ਼ਬੂਤ ਤੇ ਤਜ਼ਰਬੇਕਾਰ ਖੇਤਰੀ ਪਾਰਟੀ ਦੀ ਲੋੜ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪੰਜਾਬ ਦੇ ਵਿਕਾਸ, ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਨਾਲ ਸਬੰਧਤ ਕਈ ਵੱਡੇ ਇਤਿਹਾਸਕ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ‘ਪੰਜਾਬ ਬਚਾਓ ਰੈਲੀ’ ਨੇ ਅਕਾਲੀ ਦਲ ਵਰਕਰਾਂ ’ਚ ਨਵਾਂ ਜੋਸ਼ ਅਤੇ ਉਤਸ਼ਾਹ ਪੈਦਾ ਕੀਤਾ ਹੈ।