4 ਸਾਲਾਂ ’ਚ ਸੂਬੇ ਭਰ ’ਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਮੁਕੰਮਲ ਪੰਜਾਬ ਜਲ ਸਰੋਤ ਨਿਗਮ ਦੀ ਅਗਵਾਈ ਹੇਠ ਚਾਰ ਸਾਲਾਂ ’ਚ ਸੂਬੇ ਭਰ ’ਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਮੁਕੰਮਲ
Publish Date: Mon, 14 Sep 2026 05:27 PM (IST)
Updated Date: Tue, 15 Sep 2026 04:05 AM (IST)
ਪੱਟੀ ਹਲਕੇ ’ਚ 100 ਤੋਂ ਵੱਧ ਦੇ ਨਹਿਰੀ ਪਾਣੀ ਨਾਲ ਸਬੰਧਤ ਕੰਮ ਕਰਵਾਏ : ਚੇਅਰਮੈਨ ਰਣਜੀਤ ਸਿੰਘ ਚੀਮਾ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਪੱਟੀ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਨਹਿਰੀ ਪਾਣੀ ਦੀ ਬਿਹਤਰ ਸਹੂਲਤ ਮੁਹੱਈਆ ਕਰਵਾਉਣ ਲਈ ਵੱਖ-ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਇਸੇ ਤਹਿਤ ਪੰਜਾਬ ਜਲ ਸਰੋਤ ਨਿਗਮ ਵੱਲੋਂ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਭਰ ਵਿਚ ਨਹਿਰੀ ਪਾਣੀ ਤੇ ਪਾਣੀ ਨਾਲ ਸਬੰਧਤ ਬੁਨਿਆਦੀ ਢਾਂਚੇ ਦੇ ਵੱਡੀ ਗਿਣਤੀ ਵਿਚ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ। ਪੰਜਾਬ ਜਲ ਸਰੋਤ ਨਿਗਮ ਦੇ ਚੇਅਰਮੈਨ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਰਣਜੀਤ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਸਮਰੱਥਾ ਵਧਾਉਣ ਅਤੇ ਕਿਸਾਨਾਂ ਤਕ ਪਾਣੀ ਪਹੁੰਚਾਉਣ ਲਈ ਲਾਈਨਿੰਗ ਖਾਲਿਆਂ, ਨਹਿਰੀ ਪਾਣੀ ਦੇ ਵਿਕਾਸ ਕਾਰਜਾਂ ਅਤੇ ਅੰਡਰਗਰਾਊਂਡ ਪਾਈਪਾਂ ਨਾਲ ਸਬੰਧਤ ਪ੍ਰਾਜੈਕਟਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਇਨ੍ਹਾਂ ਕੰਮਾਂ ਨਾਲ ਜਿਥੇ ਪਾਣੀ ਦੀ ਬੱਚਤ ਹੋਵੇਗੀ, ਉ ਥੇ ਕਿਸਾਨਾਂ ਨੂੰ ਸਿੰਚਾਈ ਲਈ ਨਹਿਰੀ ਪਾਣੀ ਦੀ ਸਹੂਲਤ ਵੀ ਹੋਰ ਸੁਚਾਰੂ ਢੰਗ ਨਾਲ ਮਿਲੇਗੀ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ’ਚ 9.50 ਕਰੋੜ ਰੁਪਏ ਦੇ ਵਿਕਾਸ ਕਾਰਜ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਸੂਬੇ ਦੇ ਲੋਕਾਂ ਅਤੇ ਖਾਸ ਕਰਕੇ ਕਿਸਾਨਾਂ ਲਈ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਸੁਧਾਰਾਂ ਵੱਲ ਮਹੱਤਵਪੂਰਨ ਕਦਮ ਦੱਸਿਆ। ਚੀਮਾ ਨੇ ਕਿਹਾ ਕਿ ਪੰਜਾਬ ਵਿਚ ਨਹਿਰੀ ਪਾਣੀ ਦੀ ਵਰਤੋਂ ਨੂੰ ਵਧਾਉਣਾ ਅਤੇ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟਾਉਣਾ ਸਮੇਂ ਦੀ ਮੁੱਖ ਲੋੜ ਹੈ। ਬਾਕਸ - ਪੱਟੀ ਹਲਕੇ ਵਿਚ ਸੌ ਕਰੋੜ ਤੋਂ ਵੱਧ ਦੇ ਕੰਮ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਦੱਸਿਆ ਕਿ ਪੱਟੀ ਹਲਕੇ ਵਿਚ ਵੀ ਨਹਿਰੀ ਪਾਣੀ ਨਾਲ ਸਬੰਧਤ ਵਿਕਾਸ ਕਾਰਜਾਂ ਨੂੰ ਵੱਡੇ ਪੱਧਰ ’ਤੇ ਕਰਵਾਇਆ ਗਿਆ ਹੈ। ਉਨ੍ਹਾਂ ਦੇ ਅਨੁਸਾਰ ਪੱਟੀ ਹਲਕੇ ਵਿਚ 100 ਤੋਂ ਵੱਧ ਦੇ ਨਹਿਰੀ ਪਾਣੀ ਨਾਲ ਸਬੰਧਤ ਵਿਕਾਸ ਕਾਰਜ ਮੁਕੰਮਲ ਕਰਵਾਏ ਜਾ ਚੁੱਕੇ ਹਨ। ਇਨ੍ਹਾਂ ਵਿਚ ਲਾਈਨਿੰਗ ਖਾਲਿਆਂ, ਪਾਣੀ ਦੇ ਵਿਕਾਸ ਕਾਰਜਾਂ ਅਤੇ ਅੰਡਰਗਰਾਊਂਡ ਪਾਈਪਾਂ ਨਾਲ ਸਬੰਧਤ ਕੰਮ ਸ਼ਾਮਿਲ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਦਾ ਮੁੱਖ ਉਦੇਸ਼ ਖੇਤੀਬਾੜੀ ਲਈ ਨਹਿਰੀ ਪਾਣੀ ਦੀ ਉਪਲੱਬਧਤਾ ਨੂੰ ਬਿਹਤਰ ਬਣਾਉਣਾ ਅਤੇ ਪਾਣੀ ਦੀ ਬਰਬਾਦੀ ਨੂੰ ਰੋਕਣਾ ਹੈ। ਨਹਿਰੀ ਪਾਣੀ ਦੀ ਸਹੂਲਤ ਮਜ਼ਬੂਤ ਹੋਣ ਨਾਲ ਕਿਸਾਨਾਂ ਨੂੰ ਆਪਣੀਆਂ ਫ਼ਸਲਾਂ ਲਈ ਸਿੰਚਾਈ ਦਾ ਵਧੇਰੇ ਭਰੋਸੇਯੋਗ ਸਰੋਤ ਮਿਲੇਗਾ। ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਦੇ ਨਾਲ-ਨਾਲ ਪਾਣੀ ਦੇ ਕੁਦਰਤੀ ਸਰੋਤਾਂ ਦੀ ਸੰਭਾਲ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਨਹਿਰੀ ਪਾਣੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਇਹ ਕਾਰਜ ਆਉਣ ਵਾਲੇ ਸਮੇਂ ਵਿਚ ਪੰਜਾਬ ਦੇ ਖੇਤੀਬਾੜੀ ਖੇਤਰ ਲਈ ਲਾਹੇਵੰਦ ਸਾਬਿਤ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਪਾਣੀ ਪੱਖੋਂ ਮਜ਼ਬੂਤ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਨਹਿਰੀ ਪਾਣੀ ਦੇ ਵਿਕਾਸ ਕਾਰਜਾਂ ਰਾਹੀਂ ਲੰਬੇ ਸਮੇਂ ਤੋਂ ਚੱਲੇ ਆ ਰਹੇ ਸੁਪਨੇ ਨੂੰ ਸਾਕਾਰ ਕਰਨ ਵੱਲ ਕਦਮ ਵਧਾਏ ਜਾ ਰਹੇ ਹਨ।