‘ਪੰਜਾਬ ਬਚਾਓ ਰੈਲੀ’ ਨੇ ਵਿਰੋਧੀਆਂ ਦੇ ਭੁਲੇਖੇ ਕੀਤੇ ਦੂਰ : ਬ੍ਰਹਮਪੁਰਾ ਹਲਕਾ ਖਡੂਰ ਸਾਹਿਬ ਦੀ ‘ਪੰਜਾਬ ਬਚਾਓ ਰੈਲੀ’ ਨੇ ਵਿਰੋਧੀਆਂ ਦੇ ਭੁਲੇਖੇ ਕੀਤੇ ਦੂਰ : ਰੁਪਿੰਦਰ ਕੌਰ ਬ੍ਰਹਮਪੁਰਾ
Publish Date: Mon, 14 Sep 2026 06:06 PM (IST)
Updated Date: Tue, 15 Sep 2026 04:05 AM (IST)
ਕਿਹਾ- ਰਿਕਾਰਡ ਤੋੜ ਇਕੱਠ ਨੇ ਦੱਸਿਆ ਕਿ ਲੋਕ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਉਤਾਵਲੇ ਰਾਕੇਸ਼ ਨਈਅਰ, •ਪੰਜਾਬੀ ਜਾਗਰਣ, ਚੋਹਲਾ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਇਤਿਹਾਸਕ ਕਸਬਾ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਬੀਬਾ ਰਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਈ ਗਈ ‘ਪੰਜਾਬ ਬਚਾਓ ਰੈਲੀ’ ਵਿਚ ਹੋਏ ਰਿਕਾਰਡ ਤੋੜ ਇਕੱਠ ਨੇ ਵਿਰੋਧੀ ਪਾਰਟੀਆਂ ਵੱਲੋਂ ਅਕਾਲੀ ਦਲ ਦੀ ਲੋਕਪ੍ਰਿਯਤਾ ਸਬੰਧੀ ਫੈਲਾਏ ਜਾ ਰਹੇ ਭਰਮ-ਭੁਲੇਖਿਆਂ ਨੂੰ ਪੂਰੀ ਤਰ੍ਹਾਂ ਦੂਰ ਕਰ ਦਿੱਤਾ ਹੈ। ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਸੰਬੋਧਨ ਕੀਤਾ ਗਿਆ। ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਹਲਕਾ ਖਡੂਰ ਸਾਹਿਬ ਦੀ ਸੀਨੀਅਰ ਆਗੂ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਰੈਲੀ ਵਿਚ ਵੱਡੇ ਕਾਫਲੇ ਸਮੇਤ ਸ਼ਮੂਲੀਅਤ ਕਰਨ ਉਪਰੰਤ ਕੀਤਾ।ਉਨ੍ਹਾਂ ਰੈਲੀ ਨੂੰ ਸਫ਼ਲ ਬਣਾਉਣ ਲਈ ਵੱਡੀ ਗਿਣਤੀ ’ਚ ਪਹੁੰਚੇ ਅਕਾਲੀ ਵਰਕਰਾਂ, ਆਗੂਆਂ ਅਤੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਰਕਰਾਂ ਦੇ ਉਤਸ਼ਾਹ ਅਤੇ ਲੋਕਾਂ ਦੇ ਭਰਵੇਂ ਹੁੰਗਾਰੇ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੀ ਜਥੇਬੰਦਕ ਤਾਕਤ ਹਲਕਾ ਖਡੂਰ ਸਾਹਿਬ ਵਿਚ ਮਜ਼ਬੂਤ ਹੈ। ਬੀਬਾ ਬ੍ਰਹਮਪੁਰਾ ਨੇ ਕਿਹਾ ਕਿ ਰੈਲੀ ਵਿਚ ਹੋਇਆ ਵਿਸ਼ਾਲ ਇਕੱਠ ਇਸ ਗੱਲ ਦਾ ਸੰਕੇਤ ਹੈ ਕਿ ਹਲਕੇ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਸੰਤੁਸ਼ਟ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਬਦਲਾਅ ਦੇ ਨਾਮ ’ਤੇ ਕੀਤੇ ਗਏ ਵਾਅਦਿਆਂ ਦੀ ਹਕੀਕਤ ਨੂੰ ਸਮਝ ਚੁੱਕੇ ਹਨ ਅਤੇ ਸੂਬੇ ਦੀ ਤਰੱਕੀ, ਅਮਨ-ਸ਼ਾਂਤੀ ਅਤੇ ਪੰਜਾਬ ਦੇ ਹੱਕਾਂ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਕਰਨ ਵੱਲ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਪੰਜਾਬ ਦੇ ਵਿਕਾਸ ਅਤੇ ਲੋਕ ਭਲਾਈ ਲਈ ਕਈ ਮਹੱਤਵਪੂਰਨ ਕੰਮ ਕੀਤੇ ਸਨ। ਅੱਜ ਪੰਜਾਬ ਦੇ ਲੋਕ ਉਨ੍ਹਾਂ ਕੰਮਾਂ ਨੂੰ ਯਾਦ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਲਕਾ ਖਡੂਰ ਸਾਹਿਬ ਵਿਚ ਅਕਾਲੀ ਦਲ ਪ੍ਰਤੀ ਲੋਕਾਂ ਦਾ ਰੁਝਾਨ ਲਗਾਤਾਰ ਵਧ ਰਿਹਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਇੱਥੋਂ ਵੱਡੀ ਲੀਡ ਨਾਲ ਜਿੱਤ ਹਾਸਿਲ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰ ਪੂਰੀ ਤਨਦੇਹੀ ਨਾਲ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਅਕਾਲੀ ਵਰਕਰਾਂ ਦੀ ਇਕਜੁੱਟਤਾ ਅਤੇ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦਾ ਰਾਹ ਪੱਧਰਾ ਹੋਵੇਗਾ।