ਸਬਜ਼ੀਆਂ ਤੇ ਫਲਾਂ ਦੀ ਪੌਸ਼ਟਿਕ ਬਗੀਚੀ ਸਬੰਧੀ ਜਾਗਰੂਕਤਾ ਕੈਂਪ ਸਬਜ਼ੀਆਂ ਅਤੇ ਫਲਾਂ ਦੀ ਪੌਸ਼ਟਿਕ ਬਗੀਚੀ ਸਬੰਧੀ ਲਗਾਇਆ ਜਾਗਰੂਕਤਾ ਕੈਂਪ
Publish Date: Mon, 14 Sep 2026 07:14 PM (IST)
Updated Date: Tue, 15 Sep 2026 04:06 AM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੀਏਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਸੋਮਵਾਰ ਨੂੰ ਸਬਜ਼ੀਆਂ ਅਤੇ ਫਲਾਂ ਲਈ ਪੌਸ਼ਟਿਕ ਬਗੀਚੀ ਸਬੰਧੀ ਪਿੰਡ ਸ਼ਿੰਗਾਰਪੁਰ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿਚ 70 ਤੋਂ ਵੱਧ ਕਿਸਾਨਾਂ ਨੇ ਬੜੀ ਦਿਲਚਸਪੀ ਨਾਲ ਭਾਗ ਲਿਆ। ਕੈਂਪ ਦਾ ਮੁੱਖ ਉਦੇਸ਼ ਕਿਸਾਨਾਂ ਨੂੰ ਘਰੇਲੂ ਪੱਧਰ ਤੇ ਪੌਸ਼ਟਿਕ ਬਗੀਚੀ ਅਪਣਾਉਣ ਲਈ ਪ੍ਰੇਰਿਤ ਕਰਨਾ ਸੀ। ਪ੍ਰਮੁੱਖ ਪਸਾਰ ਵਿਗਿਆਨੀ ਸਬਜ਼ੀਆਂ ਅਤੇ ਇੰਚਾਰਜ ਡਾ. ਪਰਵਿੰਦਰ ਸਿੰਘ ਨੇ ਕਿਸਾਨਾਂ ਨੂੰ ਸਬਜ਼ੀਆਂ ਅਤੇ ਫ਼ਲਾਂ ਲਈ ਘਰੇਲੂ ਪੱਧਰ ਤੇ ਪੌਸ਼ਟਿਕ ਬਗੀਚੀ ਲਗਾਉਣ ਦੀ ਮਹੱਤਤਾ ਅਤੇ ਵਿਉਂਤਬੰਦੀ ਬਾਰੇ ਦੱਸਿਆ। ਉਨ੍ਹਾਂ ਨੇ ਪੋਸ਼ਟਿਕ ਬਗੀਚੀ ਵਿਚ ਸਰਦੀਆਂ ਦੀਆਂ ਸਬਜ਼ੀਆਂ ਅਤੇ ਫ਼ਲਦਾਰ ਬੂਟਿਆਂ ਦੀ ਸਫ਼ਲ ਕਾਸ਼ਤ ਲਈ ਨੁਕਤੇ ਵੀ ਸਾਂਝੇ ਕੀਤੇ। ਪ੍ਰਮੁੱਖ ਪਸਾਰ ਵਿਗਿਆਨੀ ਪੌਦਾ ਰੋਗ ਡਾ. ਪਰਮਿੰਦਰ ਕੌਰ ਸਹਿਜਪਾਲ ਨੇ ਝੋਨੇ ਅਤੇ ਬਾਸਮਤੀ ਵਿਚ ਮੁੱਖ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਮੁੱਖ ਕੀੜੇ-ਮਕੌੜਿਆਂ ਅਤੇ ਬਿਮਾਰੀਆਂ ਦੇ ਲੱਛਣ ਅਤੇ ਰੋਕਥਾਮ ਬਾਰੇ ਸਿਫਾਰਿਸ਼ ਕੀਟਨਾਸ਼ਕਾਂ ਨੂੰ ਸਮੇਂ ਸਿਰ ਅਪਨਾਉਣ ਤੇ ਜ਼ੋਰ ਦਿੱਤਾ। ਜ਼ਿਲ੍ਹਾ ਪਸਾਰ ਵਿਗਿਆਨੀ ਫ਼ਸਲ ਵਿਗਿਆਨ ਡਾ. ਪਰਮਿੰਦਰ ਸਿੰਘ ਸੰਧੂ ਨੇ ਝੋਨੇ ਵਿਚ ਪੋਟਾਸ਼ੀਅਮ ਨਾਈਟ੍ਰੇਟ ਦੇ ਛਿੜਕਾਅ ਕਰਨ ਦੀ ਮਹੱਤਤਾ ਬਾਰੇ ਦੱਸਿਆ। ਉਨ੍ਹਾਂ ਕਿਸਾਨਾਂ ਨੂੰ ਕਣਕ ਦੀ ਨਵੀਂ ਸਿਫ਼ਾਰਸ਼ ਕੀਤੀ ਕਿਸਮ ਪੀਬੀਡਬਲਿਯੂ 887 ਅਤੇ ਰਾਇਆ, ਦਾਲ ਅਤੇ ਬਰਸੀਮ ਦੀਆਂ ਫ਼ਸਲਾਂ ਦੀਆਂ ਹੋਰ ਕਿਸਮਾਂ ਬਾਰੇ ਵੀ ਜਾਣੂੰ ਕਰਵਾਇਆ ਅਤੇ ਇਨ੍ਹਾਂ ਦੀਆਂ ਮਹੱਤਵਪੂਰਨ ਵਿਸ਼ੇਸ਼ਤਾਵਾਂ ਅਤੇ ਕਾਸ਼ਤਕਾਰੀ ਢੰਗਾਂ ਬਾਰੇ ਵੀ ਚਾਨਣਾ ਪਾਇਆ। ਏਈਓ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੌਸ਼ਹਿਰਾ ਪੰਨੂਆਂ ਮਨਦੀਪ ਸਿੰਘ ਨੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ। ਇਸ ਮੌਕੇ ਪੀਏਯੂ ਸਾਹਿਤ ਦੀ ਪ੍ਰਦਰਸ਼ਨੀ ਲਗਾਈ ਗਈ ਅਤੇ ਕਿਸਾਨਾਂ ਨੂੰ ਸਰਦੀ ਦੀਆਂ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਦਿੱਤੀਆਂ ਗਈਆਂ। ਮਾਹਿਰਾਂ ਨੇ ਫ਼ਸਲਾਂ, ਫਲਾਂ ਅਤੇ ਸਬਜੀਆਂ ਦੇ ਕੀੜੇ-ਮਕੌੜੇ, ਬਿਮਾਰੀਆਂ, ਖਾਦ, ਸਿੰਚਾਈ ਅਤੇ ਨਦੀਨਾਂ ਦੇ ਪ੍ਰਬੰਧਨ ਸਬੰਧੀ ਕਿਸਾਨਾਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ।