ਨਸ਼ਾ ਪੀੜਤਾਂ ਲਈ ਸਿਵਲ ਹਸਪਤਾਲ ’ਚ ਮੈਥਾਡੋਨ ਕਲੀਨਿਕ ਸ਼ੁਰੂ ਨਸ਼ਾ ਪੀੜਤਾਂ ਲਈ ਸਿਵਲ ਹਸਪਤਾਲ ’ਚ ਮੈਥਾਡੋਨ ਕਲੀਨਿਕ ਸ਼ੁਰੂ
Publish Date: Mon, 14 Sep 2026 07:50 PM (IST)
Updated Date: Tue, 15 Sep 2026 04:08 AM (IST)
ਏਡੀਸੀ ਡਾ. ਆਦਿੱਤਿਆ ਸ਼ਰਮਾ ਤੇ ਸਿਵਲ ਸਰਜਨ ਡਾ. ਸੰਦੀਪ ਧਵਨ ਨੇ ਕੀਤਾ ਉਦਘਾਟਨ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਪੀੜਤਾਂ ਨੂੰ ਇਲਾਜ ਅਤੇ ਪੁਨਰਵਾਸ ਦੀਆਂ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸਿਵਲ ਹਸਪਤਾਲ ਤਰਨਤਾਰਨ ਵਿਖੇ ਮੈਥਾਡੋਨ ਮੇਨਟੇਨੈਂਸ ਥੈਰੇਪੀ ਕਲੀਨਿਕ ਦੀ ਸ਼ੁਰੂਆਤ ਕੀਤੀ ਗਈ। ਕਲੀਨਿਕ ਦਾ ਉਦਘਾਟਨ ਏਡੀਸੀ ਜਨਰਲ ਡਾ. ਆਦਿੱਤਿਆ ਸ਼ਰਮਾ ਅਤੇ ਸਿਵਲ ਸਰਜਨ ਡਾ. ਸੰਦੀਪ ਧਵਨ ਵੱਲੋਂ ਡਿਪਟੀ ਮੈਡੀਕਲ ਕਮਿਸ਼ਨਰ ਡਾ. ਰੂਪਮ ਚੌਧਰੀ ਦੀ ਮੌਜੂਦਗੀ ਵਿਚ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਏਡੀਸੀ ਡਾ. ਆਦਿੱਤਿਆ ਸ਼ਰਮਾ ਨੇ ਕਿਹਾ ਕਿ ਮੈਥਾਡੋਨ ਮੇਨਟੇਨੈਂਸ ਥੈਰੇਪੀ ਨਸ਼ੇ ਦੀ ਨਿਰਭਰਤਾ ਨਾਲ ਜੂਝ ਰਹੇ ਯੋਗ ਵਿਅਕਤੀਆਂ ਨੂੰ ਡਾਕਟਰ ਦੀ ਅਗਵਾਈ ਹੇਠ ਇਲਾਜ ਮੁਹੱਈਆ ਕਰਵਾਉਣ ਦੀ ਇਕ ਮਹੱਤਵਪੂਰਨ ਸਹੂਲਤ ਹੈ। ਇਸ ਥੈਰੇਪੀ ਦਾ ਉਦੇਸ਼ ਮਰੀਜ਼ਾਂ ਨੂੰ ਹੌਲੀ-ਹੌਲੀ ਨਸ਼ੇ ਦੀ ਨਿਰਭਰਤਾ ਤੋਂ ਬਾਹਰ ਕੱਢ ਕੇ ਉਨ੍ਹਾਂ ਨੂੰ ਆਮ ਅਤੇ ਸਿਹਤਮੰਦ ਜੀਵਨ ਵੱਲ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਸਿਰਫ਼ ਵਿਅਕਤੀ ਦੀ ਸਿਹਤ ਨੂੰ ਹੀ ਪ੍ਰਭਾਵਿਤ ਨਹੀਂ ਕਰਦਾ, ਸਗੋਂ ਇਸ ਦਾ ਅਸਰ ਪਰਿਵਾਰ ਅਤੇ ਸਮਾਜ ’ਤੇ ਵੀ ਪੈਂਦਾ ਹੈ। ਇਸ ਲਈ ਨਸ਼ਾ ਪੀੜਤ ਵਿਅਕਤੀਆਂ ਨਾਲ ਹਮਦਰਦੀ ਅਤੇ ਸਤਿਕਾਰ ਨਾਲ ਪੇਸ਼ ਆਉਂਦਿਆਂ ਉਨ੍ਹਾਂ ਨੂੰ ਇਲਾਜ ਨਾਲ ਜੋੜਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਢੁੱਕਵੇਂ ਇਲਾਜ ਅਤੇ ਲਗਾਤਾਰ ਕਾਊਂਸਲਿੰਗ ਰਾਹੀਂ ਮਰੀਜ਼ਾਂ ਨੂੰ ਮੁੜ ਆਪਣੀ ਪੜ੍ਹਾਈ, ਰੋਜ਼ਗਾਰ ਅਤੇ ਪਰਿਵਾਰਕ ਜ਼ਿੰਮੇਵਾਰੀਆਂ ਵੱਲ ਪਰਤਣ ਵਿਚ ਸਹਾਇਤਾ ਮਿਲ ਸਕਦੀ ਹੈ। ਇਸ ਦੇ ਨਾਲ ਮਰੀਜ਼ਾਂ ਨੂੰ ਕਾਊਂਸਲਿੰਗ ਅਤੇ ਮਨੋਵਿਗਿਆਨਕ ਸਹਾਇਤਾ ਵੀ ਮੁਹੱਈਆ ਕਰਵਾਈ ਜਾਵੇਗੀ, ਤਾਂ ਜੋ ਨਸ਼ਾ ਛੱਡਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ। ਸਿਹਤ ਵਿਭਾਗ ਦੀ ਟੀਮ ਵੱਲੋਂ ਲੋੜਵੰਦ ਵਿਅਕਤੀਆਂ ਤਕ ਪਹੁੰਚ ਕਰਕੇ ਉਨ੍ਹਾਂ ਨੂੰ ਇਲਾਜ ਦੀ ਸਹੂਲਤ ਨਾਲ ਜੋੜਨ ਲਈ ਲਗਾਤਾਰ ਯਤਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀ ‘ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਮੈਥਾਡੋਨ ਮੇਨਟੇਨੈਂਸ ਥੈਰੇਪੀ ਦੀ ਇਹ ਸਹੂਲਤ ਤਰਨਤਾਰਨ ਸਮੇਤ ਸੂਬੇ ਵਿਚ ਪੰਜ ਥਾਵਾਂ ’ਤੇ ਸ਼ੁਰੂ ਕੀਤੀ ਗਈ ਹੈ। ਇਸ ਨਾਲ ਤਰਨਤਾਰਨ ਜ਼ਿਲ੍ਹੇ ਦੇ ਨਸ਼ਾ ਪੀੜਤਾਂ ਨੂੰ ਆਪਣੇ ਜ਼ਿਲ੍ਹੇ ਵਿਚ ਹੀ ਇਲਾਜ ਅਤੇ ਪੁਨਰਵਾਸ ਸੇਵਾਵਾਂ ਹਾਸਿਲ ਕਰਨ ਦਾ ਮੌਕਾ ਮਿਲੇਗਾ ਅਤੇ ਉਨ੍ਹਾਂ ਨੂੰ ਇਲਾਜ ਲਈ ਦੂਰ-ਦੁਰਾਡੇ ਜਾਣ ਦੀ ਲੋੜ ਨਹੀਂ ਪਵੇਗੀ। ਇਸ ਮੌਕੇ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਵਿਚਕਾਰ ਤਾਲਮੇਲ ਨੂੰ ਵੀ ਮਹੱਤਵਪੂਰਨ ਦੱਸਿਆ ਗਿਆ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਇਲਾਜ, ਪੁਨਰਵਾਸ, ਜਾਗਰੂਕਤਾ ਅਤੇ ਕਾਨੂੰਨੀ ਕਾਰਵਾਈ ਦੇ ਖੇਤਰਾਂ ਵਿਚ ਆਪਸੀ ਤਾਲਮੇਲ ਨਾਲ ਕੰਮ ਕਰਨਾ ਜ਼ਰੂਰੀ ਹੈ। ਇਸ ਮੌਕੇ ਐੱਸਐੱਮਓ ਡਾ. ਸੁਰਿੰਦਰ ਕੁਮਾਰ, ਨੋਡਲ ਸਾਈਕਿਆਟ੍ਰਿਸਟ ਡਾ. ਗੁਰਿੰਦਰਬੀਰ, ਜਸਮੀਨ ਕੌਰ, ਸੁਰਜੀਤ, ਰਾਜੀਵ, ਵਰਿੰਦਰ ਸਿੰਘ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਪੀੜਤਾਂ ਨੂੰ ਸਮਾਜ ਤੋਂ ਦੂਰ ਕਰਨ ਦੀ ਬਜਾਏ, ਉਨ੍ਹਾਂ ਨੂੰ ਇਲਾਜ ਲਈ ਪ੍ਰੇਰਿਤ ਕਰਨ ਅਤੇ ਨਸ਼ਾ ਮੁਕਤੀ ਦੀ ਪ੍ਰਕਿਰਿਆ ਵਿਚ ਉਨ੍ਹਾਂ ਦਾ ਸਹਿਯੋਗ ਕਰਨ।