ਮਰਹੂਮ ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਰੋਸ ਧਰਨਾ ਮਰਹੂਮ ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਲਈ ਕਾਂਗਰਸ ਦਾ ਰੋਸ ਧਰਨਾ
Publish Date: Tue, 15 Sep 2026 05:39 PM (IST)
Updated Date: Tue, 15 Sep 2026 05:41 PM (IST)
ਹਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਚੰਡੀਗੜ੍ਹ ਲਈ ਕਾਂਗਰਸੀ ਵਰਕਰਾਂ ਦਾ ਜਥਾ ਰਵਾਨਾ ਬੱਲੂ ਮਹਿਤਾ•, ਪੰਜਾਬੀ ਜਾਗਰਣ, ਪੱਟੀ : ਮਰਹੂਮ ਗੁਲਜ਼ਾਰ ਸਿੰਘ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਕਾਂਗਰਸ ਵੱਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਕੋਠੀ ਅੱਗੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿਚ ਸ਼ਾਮਿਲ ਹੋਣ ਲਈ ਪੱਟੀ ਹਲਕੇ ਤੋਂ ਪੀਪੀਸੀਸੀ ਮੈਂਬਰ ਹਰਪ੍ਰੀਤ ਸਿੰਘ ਸੰਧੂ ਦੀ ਅਗਵਾਈ ਹੇਠ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਜਥਾ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਮਰਹੂਮ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਅਤੇ ਇਸ ਮਾਮਲੇ ਵਿਚ ਸਰਕਾਰ ਨੂੰ ਗੰਭੀਰਤਾ ਨਾਲ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੀੜਤ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਜਦੋਂ ਤਕ ਇਨਸਾਫ਼ ਨਹੀਂ ਮਿਲਦਾ, ਪਾਰਟੀ ਵੱਲੋਂ ਲੋਕਤੰਤਰਿਕ ਢੰਗ ਨਾਲ ਆਪਣੀ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ। ਸੰਧੂ ਨੇ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਪਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਕਿਸੇ ਵੀ ਘਟਨਾ ਦੇ ਪੀੜਤ ਪਰਿਵਾਰ ਨੂੰ ਨਿਆਂ ਦਿਵਾਉਣ ਲਈ ਪਾਰਦਰਸ਼ੀ ਅਤੇ ਨਿਰਪੱਖ ਕਾਰਵਾਈ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਹੋਣ ਵਾਲਾ ਰੋਸ ਧਰਨਾ ਸਰਕਾਰ ਦਾ ਧਿਆਨ ਮਰਹੂਮ ਗੁਲਜ਼ਾਰ ਸਿੰਘ ਦੇ ਮਾਮਲੇ ਵੱਲ ਖਿੱਚਣ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਹੋਰ ਮਜ਼ਬੂਤ ਕਰਨ ਲਈ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸੀ ਵਰਕਰ ਪੂਰੀ ਇਕਜੁੱਟਤਾ ਨਾਲ ਇਸ ਸੰਘਰਸ਼ ਵਿਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਸੰਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਹੱਕਾਂ ਅਤੇ ਇਨਸਾਫ਼ ਲਈ ਸੰਘਰਸ਼ ਕਰਦੀ ਰਹੀ ਹੈ ਅਤੇ ਅੱਗੇ ਵੀ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤਕ ਪਹੁੰਚਾਉਣ ਲਈ ਹਰ ਸੰਭਵ ਯਤਨ ਕਰੇਗੀ। ਇਸ ਮੌਕੇ ਸੀਮਾ ਰਾਣੀ ਸਾਬਕਾ ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ, ਗੁਰਪ੍ਰੀਤ ਸਿੰਘ ਗਲੈਰੀ ਮੰਡ, ਰਾਜਵੀਰ ਸਿੰਘ ਬੁਰਜ਼ ਪੂਲਾ, ਬੁਰਜ ਦੇਵਾ ਸਿੰਘ, ਗੁਰਭੇਜ ਸਿੰਘ ਧਾਰੀਵਾਲ, ਸਿੰਘ ਨੌਸ਼ਹਿਰਾ ਪੰਨੂਆਂ, ਦਰਬਾਰਾ ਸਿੰਘ ਬਾਹਮਣੀ ਵਾਲਾ, ਟਹਿਲ ਸਿੰਘ ਸਰਹਾਲੀ ਮੰਡ, ਅਜੀਤਪੁਰੀ, ਹਰਦਿਆਲ ਸਿੰਘ ਦਦੇਹਰ ਸਾਹਿਬ, ਜਤਿੰਦਰ ਸਿੰਘ ਛਕਰੀ, ਮੋਹਿਤ ਹਰੀਕੇ, ਗੁਲਪ੍ਰੀਤ ਦਿਓਲ ਅਤੇ ਬੌਬੀ ਤਖ਼ਤੂ ਚੱਕ ਸਮੇਤ ਹੋਰ ਕਾਂਗਰਸੀ ਆਗੂ ਤੇ ਵਰਕਰ ਹਾਜ਼ਰ ਸਨ।