ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲਾਗੂ ਕਰਨ ’ਚ ਸਖੀਆਂ ਨੇ ਨਿਭਾਈ ਅਹਿਮ ਭੂਮਿਕਾ : ਵਿਧਾਇਕ ਸੰਧੂ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲਾਗੂ ਕਰਨ ’ਚ ਸਖੀਆਂ ਨੇ ਨਿਭਾਈ ਅਹਿਮ ਭੂਮਿਕਾ- ਵਿਧਾਇਕ ਸੰਧੂ
Publish Date: Tue, 15 Sep 2026 08:04 PM (IST)
Updated Date: Tue, 15 Sep 2026 08:05 PM (IST)
ਸਖੀਆਂ ਦੇ ਸਨਮਾਨ ਲਈ ਰੱਖੇ ਸਮਾਗਮ ’ਚ ਪੁੱਜੇ ਹਰਮੀਤ ਸਿੰਘ ਸੰਧੂ ਨੇ ਕੀਤੀ ਸ਼ਲਾਘਾ ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ, ਤਰਨਤਾਰਨ : ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਲਾਗੂ ਕਰਨ ਲਈ ਵਾਰਡ ਤੇ ਪਿੰਡ ਪੱਧਰ ’ਤੇ ਸਖੀਆਂ ਨੇ ਅਹਿਮ ਭੂਮਿਕਾ ਨਿਭਾਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਖੀਆਂ ਦੇ ਸਨਮਾਨ ਲਈ ਸੂਬਾ ਪੱਧਰੀ ਸਮਾਗਮ ਕਰ ਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਵੀ ਕੀਤੀ ਗਈ ਹੈ। ਇਹ ਪ੍ਰਗਟਾਵਾ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਮੰਗਲਵਾਰ ਨੂੰ ਤਰਨਤਾਰਨ ਵਿਖੇ ਹਲਕੇ ਨਾਲ ਸਬੰਧਤ ਸਖੀਆਂ ਦੇ ਸਨਮਾਨ ’ਚ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕਰਦਿਆਂ ਸੰਬੋਧਨ ਕਰਨ ਮੌਕੇ ਕੀਤਾ। ਉੱਧਰ, ਹਲਕਾ ਸੰਗਠਨ ਇੰਚਾਰਜ ਤੇ ਮਾਰਕੀਟ ਕਮੇਟੀ ਤਰਨਤਾਰਨ ਦੀ ਚੇਅਰਪਰਸਨ ਰੁਪਿੰਦਰ ਕੌਰ ਸੰਧੂ ਨੇ ਸਮਾਗਮ ਵਿਚ ਪੁੱਜੀਆਂ ਸਖੀਆਂ ਦਾ ਸਵਾਗਤ ਕੀਤਾ। ਇਸ ਮੌਕੇ ਮਾਵਾਂ-ਧੀਆਂ ਨਾਲ ਸਬੰਧਤ ਮੁੱਦਿਆਂ, ਉਨ੍ਹਾਂ ਦੀ ਭਲਾਈ ਅਤੇ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖ-ਵੱਖ ਸਹੂਲਤਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਧੂ ਨੇ ਕਿਹਾ ਕਿ ਔਰਤਾਂ ਅਤੇ ਧੀਆਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਦਿਵਾਉਣ ਲਈ ਜਾਗਰੂਕਤਾ ਅਤੇ ਸਹੀ ਜਾਣਕਾਰੀ ਬਹੁਤ ਮਹੱਤਵਪੂਰਨ ਹੈ। ਵਿਧਾਇਕ ਹਰਮੀਤ ਸਿੰਘ ਸੰਧੂ ਨੇ ਕਿਹਾ ਕਿ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਮਕਸਦ ਮਾਵਾਂ ਅਤੇ ਧੀਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੇ ਨਾਲ-ਨਾਲ ਉਨ੍ਹਾਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਭਲਾਈ ਯੋਜਨਾਵਾਂ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਰਕਾਰੀ ਯੋਜਨਾ ਦਾ ਲਾਭ ਉਸ ਸਮੇਂ ਹੀ ਪੂਰੀ ਤਰ੍ਹਾਂ ਲੋਕਾਂ ਤਕ ਪਹੁੰਚ ਸਕਦਾ ਹੈ, ਜਦੋਂ ਇਸ ਬਾਰੇ ਲੋਕਾਂ ਵਿਚ ਲੋੜੀਂਦੀ ਜਾਗਰੂਕਤਾ ਹੋਵੇ। ਵਿਧਾਇਕ ਨੇ ਕਿਹਾ ਕਿ ਇਸ ਕਾਰਜ ਵਿਚ ਸਖੀਆਂ ਦੀ ਭੂਮਿਕਾ ਬੇਹੱਦ ਅਹਿਮ ਹੈ। ਸਖੀਆਂ ਆਪਣੇ ਇਲਾਕਿਆਂ ਵਿਚ ਮਾਵਾਂ ਅਤੇ ਧੀਆਂ ਨਾਲ ਸੰਪਰਕ ਕਰ ਕੇ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣ, ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਦੇਣ ਅਤੇ ਲੋੜਵੰਦ ਪਰਿਵਾਰਾਂ ਨੂੰ ਬਣਦਾ ਲਾਭ ਦਿਵਾਉਣ ਵਿਚ ਇਕ ਮਹੱਤਵਪੂਰਨ ਕੜੀ ਵਜੋਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਧੀਆਂ ਨੂੰ ਸਿੱਖਿਆ, ਸੁਰੱਖਿਆ, ਸਨਮਾਨ ਅਤੇ ਬਰਾਬਰ ਮੌਕੇ ਦੇਣਾ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਮੌਜੂਦ ਸਖੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਖੇਤਰਾਂ ਵਿਚ ਲਗਾਤਾਰ ਸੰਪਰਕ ਬਣਾਈ ਰੱਖਣ ਅਤੇ ਸਰਕਾਰੀ ਸਹੂਲਤਾਂ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਵਿਚ ਆਪਣੀ ਭੂਮਿਕਾ ਹੋਰ ਸਰਗਰਮੀ ਨਾਲ ਨਿਭਾਉਣ। ਸਮਾਗਮ ਦੌਰਾਨ ਸਰਕਾਰੀ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਯੋਜਨਾ ਨੂੰ ਲਾਗੂ ਕਰਨ ਅਤੇ ਲੋਕਾਂ ਤਕ ਇਸ ਦਾ ਲਾਭ ਪਹੁੰਚਾਉਣ ਵਿਚ ਯੋਗਦਾਨ ਪਾਉਣ ਵਾਲੀਆਂ ਸਖੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਗਰ ਕੌਂਸਲ ਤਰਨਤਾਰਨ ਦੇ ਸਾਬਕਾ ਪ੍ਰਧਾਨ ਭੁਪਿੰਦਰ ਸਿੰਘ ਖੇੜਾ, ਸਰਬਜੀਤ ਸਿੰਘ ਲਾਲੀ, ਯਾਦਵਿੰਦਰ ਸਿੰਘ ਯਾਦੂ, ਨਰਿੰਦਰ ਸਿੰਘ ਨਾਗੀ, ਜਰਨੈਲ ਸਿੰਘ, ਸੁਰਿੰਦਰ ਸਿੰਘ ਮੱਲ੍ਹੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਆਗੂ, ਸਖੀਆਂ ਤੇ ਇਲਾਕੇ ਦੀਆਂ ਮਾਵਾਂ-ਧੀਆਂ ਹਾਜ਼ਰ ਸਨ। ਰੁਪਿੰਦਰ ਕੌਰ ਸੰਧੂ ਨੇ ਸਖੀਆਂ ਦਾ ਕੀਤਾ ਸਵਾਗਤ ਇਸ ਦੌਰਾਨ ਹਲਕਾ ਸੰਗਠਨ ਇੰਚਾਰਜ ਅਤੇ ਮਾਰਕੀਟ ਕਮੇਟੀ ਤਰਨਤਾਰਨ ਦੀ ਚੇਅਰਪਰਸਨ ਰੁਪਿੰਦਰ ਕੌਰ ਸੰਧੂ ਨੇ ਸਮਾਗਮ ਵਿਚ ਪਹੁੰਚੀਆਂ ਸਖੀਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਮਾਵਾਂ-ਧੀਆਂ ਸਤਿਕਾਰ ਯੋਜਨਾ ਨੂੰ ਜ਼ਮੀਨੀ ਪੱਧਰ ਤਕ ਪਹੁੰਚਾਉਣ ’ਚ ਸਖੀਆਂ ਦੀ ਭੂਮਿਕਾ ਅਹਿਮ ਹੈ। ਉਨ੍ਹਾਂ ਕਿਹਾ ਕਿ ਸਖੀਆਂ ਲੋਕਾਂ ਅਤੇ ਸਰਕਾਰੀ ਪ੍ਰਬੰਧ ਵਿਚਕਾਰ ਇਕ ਪ੍ਰਭਾਵਸ਼ਾਲੀ ਕੜੀ ਬਣ ਕੇ ਕੰਮ ਕਰ ਸਕਦੀਆਂ ਹਨ। ਉਨ੍ਹਾਂ ਸਮਾਗਮ ਵਿਚ ਸ਼ਮੂਲੀਅਤ ਕਰਨ ਵਾਲੀਆਂ ਸਾਰੀਆਂ ਸਖੀਆਂ ਦਾ ਧੰਨਵਾਦ ਵੀ ਕੀਤਾ।