ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ 20 ਤੇ 21 ਨੂੰ ਜ਼ਿਲ੍ਹੇ 'ਚ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡ੍ਰੋਨ ਸ਼ੋਅ 20 ਤੇ 21 ਨੂੰ
Publish Date: Wed, 16 Sep 2026 05:42 PM (IST)
Updated Date: Wed, 16 Sep 2026 05:44 PM (IST)
ਪਹਿਲਾ ਸ਼ੋਅ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਤਰਨਤਾਰਨ ਤੇ ਦੂਜਾ ਸ਼ੋਅ ਸਕੂਲ ਆਫ ਐਮੀਨੈਂਸ ਪੱਟੀ ’ਚ ਹੋਵੇਗਾ ਗੁਰੂ ਜੀ ਦੇ ਜੀਵਨ, ਫ਼ਲਸਫ਼ੇ ਤੇ ਸਿੱਖਿਆਵਾਂ ਦੀ ਲਾਮਿਸਾਲ ਪੇਸ਼ਕਾਰੀ ਕਰਨਗੇ ਡ੍ਰੋਨ ਸ਼ੋਅ ਡਿਪਟੀ ਕਮਿਸ਼ਨਰ ਨੇ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ 20 ਅਤੇ 21 ਸਤੰਬਰ ਨੂੰ ਤਰਨਤਾਰਨ ਜ਼ਿਲ੍ਹੇ ਵਿਚ ਡ੍ਰੋਨ ਸ਼ੋਅ ਕਰਵਾਏ ਜਾ ਰਹੇ ਹਨ। ਇਸ ਤਹਿਤ ਪਹਿਲਾ ਸ਼ੋਅ 20 ਸਤੰਬਰ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, ਤਰਨਤਾਰਨ ਵਿਖੇ ਅਤੇ ਦੂਜਾ ਸ਼ੋਅ 21 ਸਤੰਬਰ ਨੂੰ ਸਕੂਲ ਆਫ ਐਮੀਨੈਂਸ, ਪੱਟੀ ਵਿਖੇ ਹੋਵੇਗਾ। ਡਿਪਟੀ ਕਮਿਸ਼ਨਰ ਰਾਹੁਲ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡ੍ਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਢੁੱਕਵੇਂ ਇੰਤਜ਼ਾਮ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਦੱਸਿਆ ਕਿ ਸ਼ਾਮ ਸਮੇਂ ਹੋਣ ਵਾਲੇ ਇਹ ਡ੍ਰੋਨ ਸ਼ੋਅ ਆਪਣੀ ਕਿਸਮ ਦੇ ਵਿਲੱਖਣ ਸ਼ੋਅ ਹਨ, ਜੋ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਿੱਖਿਆਵਾਂ ਦੀ ਬਾਕਮਾਲ ਪੇਸ਼ਕਾਰੀ ਕਰਨਗੇ। ਉਨ੍ਹਾਂ ਦੱਸਿਆ ਕਿ ਡ੍ਰੋਨ ਸ਼ੋਅ ਵਾਲੀਆਂ ਥਾਵਾਂ |ਤੇ ਸੰਗਤ ਦੇ ਬੈਠਣ ਦੇ ਢੁੱਕਵੇਂ ਇੰਤਜ਼ਾਮ ਹੋਣਗੇ, ਜਿੱਥੇ ਸ਼ੋਅ ਦੀ ਸ਼ੁਰੂਆਤ ਰਾਗੀ ਜਥੇ ਵੱਲੋਂ ਕੀਰਤਨ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼ਾਮ 6:30 ਵਜੇ ਤੋਂ ਸਮਾਗਮ ਸ਼ੁਰੂ ਹੋਣਗੇ, ਜਿਨ੍ਹਾਂ ਵਿਚ ਗੁਰਬਾਣੀ ਕੀਰਤਨ ਤੋਂ ਬਾਅਦ ਅੱਠ ਵਜੇ ਡ੍ਰੋਨ ਸ਼ੋਅ ਹੋਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਸਿੱਖਿਆਵਾਂ ’ਤੇ ਆਧਾਰਿਤ ਡ੍ਰੋਨ ਸ਼ੋਅ ਦੌਰਾਨ ਇੱਕੋ ਸਮੇਂ 500 ਡ੍ਰੋਨ ਅਸਮਾਨ ਵਿਚ ਉੱਡਦੇ ਹੋਏ ਗੁਰੂ ਜੀ ਦੇ ਫ਼ਲਸਫ਼ੇ ਬਾਰੇ ਡਿਜੀਟਲ ਢੰਗ ਨਾਲ ਪੇਸ਼ਕਾਰੀ ਕਰਨਗੇ। ਪੰਜਾਬ ਸਰਕਾਰ ਵੱਲੋਂ ਅਜਿਹੇ 92 ਡ੍ਰੋਨ ਸ਼ੋਅ ਸੂਬੇ ਭਰ ਵਿਚ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਵਿਲੱਖਣ ਪੇਸ਼ਕਾਰੀਆਂ ਨੂੰ ਦੇਖਣ ਲਈ ਹੁੰਮ-ਹੁੰਮਾ ਕੇ ਪਹੁੰਚਣ ਦਾ ਸੱਦਾ ਦਿੱਤਾ ਤਾਂ ਜੋ ਗੁਰੂ ਜੀ ਦੇ ਜੀਵਨ ਅਤੇ ਫ਼ਲਸਫ਼ੇ ਤੋਂ ਪ੍ਰੇਰਣਾ ਲਈ ਜਾ ਸਕੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ. ਆਦਿੱਤਿਆ ਸ਼ਰਮਾ, ਐੱਸਡੀਐੱਮ ਤਰਨਤਾਰਨ ਡਾ. ਕਰਨਵੀਰ ਸਿੰਘ, ਐੱਸਡੀਐੱਮ ਪੱਟੀ ਅਮਨਦੀਪ, ਡ੍ਰੋਨ ਕੰਪਨੀ ਦੇ ਨੁਮਾਇੰਦੇ ਗਿਆਨਜੋਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜ਼ਰ ਸਨ।