- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਨੌਜਵਾਨ ਦੇ ਕਤਲ ਮਾਮਲੇ ਵਿਚ ਇਨਸਾਫ਼ ਲਈ ਪਾਣੀ ਵਾਲੀ ਟੈਂਕੀ ’ਤੇ ਚੜ੍ਹਿਆ ਪਰਿਵਾਰ

ਅਗਵਾ ਕਰ ਕੇ ਕੁੱਟਮਾਰ ਕਰਨ ਤੋਂ ਬਾਅਦ ਹੋਈ ਸੀ ਨੌਜਵਾਨ ਦੀ ਮੌਤ
ਨਾਮਜ਼ਦ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਕਰ ਰਿਹਾ ਹੈ ਪਰਿਵਾਰ
ਰਾਜਨ ਚੋਪੜਾ•, ਪੰਜਾਬੀ ਜਾਗਰਣ
ਭਿੱਖੀਵਿੰਡ : ਅਲਗੋਂ ਕੋਠੀ ਦੀ ਦਾਣਾ ਮੰਡੀ ’ਚ 6 ਨਵੰਬਰ 2025 ਨੂੰ ਕਥਿਤ ਤੌਰ ’ਤੇ ਅਗਵਾ ਕਰ ਕੇ ਕੁੱਟਮਾਰ ਕਰਨ ਤੋਂ ਬਾਅਦ ਨੌਜਵਾਨ ਗੁਰਲਾਲ ਸਿੰਘ ਦੀ ਹੋਈ ਮੌਤ ਸਬੰਧੀ ਇਨਸਾਫ਼ ਦੀ ਮੰਗ ਨੂੰ ਲੈ ਕੇ ਬੁੱਧਵਾਰ ਉਸ ਦੇ ਪਰਿਵਾਰਕ ਮੈਂਬਰ ਮਾੜੀ ਨੌਆਬਾਦ ਵਿਖੇ ਪਾਣੀ ਵਾਲੀ ਟੈਂਕੀ ’ਤੇ ਚੜ੍ਹ ਗਿਆ। ਪਰਿਵਾਰ ਨੇ ਪੁਲਿਸ ’ਤੇ ਕੇਸ ਦਰਜ ਹੋਣ ਦੇ ਬਾਵਜੂਦ ਨਾਮਜ਼ਦ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਾ ਕਰਨ ਦੇ ਦੋਸ਼ ਲਗਾਏ। ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਕਾਰਵਾਈ ਦਾ ਭਰੋਸਾ ਦਿੱਤੇ ਜਾਣ ਮਗਰੋਂ ਪਰਿਵਾਰਕ ਮੈਂਬਰ ਟੈਂਕੀ ਤੋਂ ਹੇਠਾਂ ਉੱਤਰ ਆਏ।
ਮ੍ਰਿਤਕ ਦੀ ਪਤਨੀ ਗੁਰਪ੍ਰੀਤ ਕੌਰ ਨੇ ਦੱਸਿਆ ਕਿ 6 ਨਵੰਬਰ 2025 ਨੂੰ ਉਸ ਦੇ ਪਤੀ ਗੁਰਲਾਲ ਸਿੰਘ ਸਮੇਤ ਕੁਝ ਹੋਰ ਨੌਜਵਾਨ ਦਾਣਾ ਮੰਡੀ ਅਲਗੋਂ ਕੋਠੀ ਵਿਚ ਮੌਜੂਦ ਸਨ। ਇਸੇ ਦੌਰਾਨ ਦੋ ਕਾਰਾਂ ਵਿਚ ਸਵਾਰ ਹੋ ਕੇ ਆਏ ਕੁਝ ਵਿਅਕਤੀਆਂ ਵੱਲੋਂ ਉਨ੍ਹਾਂ ਨੂੰ ਕਥਿਤ ਤੌਰ ’ਤੇ ਅਗਵਾ ਕਰ ਲਿਆ ਗਿਆ। ਉਸ ਨੇ ਦੋਸ਼ ਲਾਇਆ ਕਿ ਗੁਰਲਾਲ ਸਿੰਘ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਇਸ ਮਾਮਲੇ ਸਬੰਧੀ ਥਾਣਾ ਵਲਟੋਹਾ ਦੀ ਪੁਲਿਸ ਨੇ ਕੇਸ ਦਰਜ ਕਰ ਕੇ ਕੁਝ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਸੀ।
ਪਰਿਵਾਰ ਦਾ ਦੋਸ਼ ਹੈ ਕਿ ਨਾਮਜ਼ਦ ਕੀਤੇ ਗਏ ਦੋ ਮੁਲਜ਼ਮਾਂ ਦੀ ਅਜੇ ਤਕ ਗ੍ਰਿਫ਼ਤਾਰੀ ਨਹੀਂ ਹੋਈ। ਗੁਰਪ੍ਰੀਤ ਕੌਰ ਅਨੁਸਾਰ ਕਥਿਤ ਮੁਲਜ਼ਮ ਖੁੱਲ੍ਹੇ ਆਮ ਘੁੰਮ ਰਹੇ ਹਨ, ਜਿਸ ਕਾਰਨ ਪਰਿਵਾਰ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਪੁਲਿਸ ਤੋਂ ਵਾਰ-ਵਾਰ ਇਨਸਾਫ਼ ਦੀ ਮੰਗ ਕਰਨ ਦੇ ਬਾਵਜੂਦ ਕਾਰਵਾਈ ਨਾ ਹੋਣ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ।
ਮ੍ਰਿਤਕ ਦੇ ਭਰਾ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਭਰਾ ਦੀ ਮੌਤ ਦੇ ਮਾਮਲੇ ਵਿਚ ਇਨਸਾਫ਼ ਲਈ ਐੱਸਐੱਸਪੀ, ਡੀਐੱਸਪੀ ਅਤੇ ਪੁਲਿਸ ਦੇ ਹੋਰ ਸੀਨੀਅਰ ਅਧਿਕਾਰੀਆਂ ਨੂੰ ਕਈ ਵਾਰ ਮਿਲ ਚੁੱਕਾ ਹੈ। ਉਸ ਨੇ ਦੋਸ਼ ਲਾਇਆ ਕਿ ਕੁਝ ਦਿਨ ਪਹਿਲਾਂ ਸੋਸ਼ਲ ਮੀਡੀਆ ’ਤੇ ਇਨਸਾਫ਼ ਦੀ ਮੰਗ ਸਬੰਧੀ ਵੀਡੀਓ ਪਾਉਣ ਤੋਂ ਬਾਅਦ ਉਸ ਨੂੰ ਕਥਿਤ ਤੌਰ ’ਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਉਸ ਨੇ ਪੁਲਿਸ ਪ੍ਰਸ਼ਾਸਨ ਤੋਂ ਆਪਣੇ ਪਰਿਵਾਰ ਦੀ ਸੁਰੱਖਿਆ ਦੀ ਵੀ ਮੰਗ ਕੀਤੀ। ਪਰਿਵਾਰ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਜਾਂਚ ਕਰਵਾਈ ਜਾਵੇ, ਨਾਮਜ਼ਦ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਜਾਵੇ।
ਪੁਲਿਸ ਨੇ ਕਾਰਵਾਈ ਕਰਨ ਦਾ ਦਿੱਤਾ ਭਰੋਸਾ
ਮੌਕੇ ’ਤੇ ਪਹੁੰਚੇ ਸਬ-ਇੰਸਪੈਕਟਰ ਪਰਵਿੰਦਰ ਸਿੰਘ ਨੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਇਸ ਮਗਰੋਂ ਪਰਿਵਾਰਕ ਮੈਂਬਰ ਟੈਂਕੀ ਤੋਂ ਹੇਠਾਂ ਉੱਤਰ ਆਏ। ਪਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਰਹਿੰਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਕੀਤੀ ਜਾ ਰਹੀ ਹੈ।