ਅਕਾਲੀ ਦਲ ਦੇ ਵਰਕਰਾਂ ਨੇ ਭਿੱਖੀਵਿੰਡ ਬਿਜਲੀ ਦਫ਼ਤਰ ਅੱਗੇ ਦਿੱਤਾ ਜ਼ਬਰਦਸਤ ਧਰਨਾ ਅਕਾਲੀ ਦਲ ਦੇ ਵਰਕਰਾਂ ਨੇ ਭਿੱਖੀਵਿੰਡ ਬਿਜਲੀ ਦਫਤਰ ਅੱਗੇ ਦਿੱਤਾ ਜਬਰਦਸਤ ਧਰਨਾ
Publish Date: Wed, 16 Sep 2026 08:20 PM (IST)
Updated Date: Wed, 16 Sep 2026 08:20 PM (IST)
ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ ਪੰਜਾਬ ਨੂੰ ਬਿਜਲੀ ਸਰਪਲਸ ਸੂਬਾ ਬਣਾਇਆ ਸੀ : ਪ੍ਰੋ. ਵਲਟੋਹਾ ਰਾਜਨ ਚੋਪੜਾ, •ਪੰਜਾਬੀ ਜਾਗਰਣ, ਭਿੱਖੀਵਿੰਡ : ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ਵਿਚ ਲਗਾਏ ਜਾ ਰਹੇ ਬਿਜਲੀ ਕੱਟਾਂ ਦੇ ਵਿਰੋਧ ਵਿਚ ਸਥਾਨਕ ਬਿਜਲੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਗਿਆ। ਇਸ ਧਰਨੇ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਕੀਤੀ। ਇਸ ਮੌਕੇ ਹਲਕਾ ਖੇਮਕਰਨ ਨਾਲ ਸਬੰਧਤ ਪਾਰਟੀ ਦੇ ਆਗੂ, ਵਰਕਰ ਤੇ ਸਮਰਥਕ ਵੱਡੀ ਗਿਣਤੀ ਵਿਚ ਹਾਜ਼ਰ ਸਨ। ਧਰਨੇ ਨੂੰ ਸੰਬੋਧਨ ਕਰਦਿਆਂ ਵਿਰਸਾ ਸਿੰਘ ਵਲਟੋਹਾ ਨੇ ਪੰਜਾਬ ਸਰਕਾਰ ’ਤੇ ਸੂਬੇ ਦੇ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੇਣ ਵਿਚ ਨਾਕਾਮ ਰਹਿਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਫਤ ਬਿਜਲੀ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਦੂਜੇ ਪਾਸੇ ਲੋਕਾਂ ਨੂੰ ਬਿਜਲੀ ਦੇ ਭਾਰੀ ਬਿੱਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਧਰਨੇ ਦੌਰਾਨ ਅਜਿਹੇ ਕੁਝ ਲੋਕਾਂ ਨੂੰ ਵੀ ਸਾਹਮਣੇ ਲਿਆਂਦਾ, ਜਿਨ੍ਹਾਂ ਅਨੁਸਾਰ ਉਨ੍ਹਾਂ ਨੂੰ ਪਿਛਲੇ ਕੁਝ ਮਹੀਨਿਆਂ ਦੌਰਾਨ ਹਜ਼ਾਰਾਂ ਅਤੇ ਲੱਖਾਂ ਰੁਪਏ ਦੇ ਬਿਜਲੀ ਬਿੱਲ ਪ੍ਰਾਪਤ ਹੋਏ ਹਨ। ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਨੂੰ ਬਿਜਲੀ ਉਤਪਾਦਨ ਦੇ ਮਾਮਲੇ ਵਿਚ ਸਰਪਲਸ ਸੂਬਾ ਬਣਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਪੰਜਾਬ ਵਿਚ 12 ਹਜਾਰ 464 ਮੈਗਾਵਾਟ ਤੱਕ ਬਿਜਲੀ ਉਤਪਾਦਨ ਦੀ ਸਮਰੱਥਾ ਸੀ, ਜਦੋਂਕਿ ਸੂਬੇ ਦੀ ਮੰਗ ਕਰੀਬ 11 ਹਜਾਰ ਮੈਗਾਵਾਟ ਸੀ। ਉਨ੍ਹਾਂ ਅਨੁਸਾਰ ਇਸ ਕਾਰਨ ਪੰਜਾਬ ਵੱਲੋਂ ਹੋਰਨਾਂ ਸੂਬਿਆਂ ਨੂੰ ਵੀ ਬਿਜਲੀ ਵੇਚੀ ਜਾਂਦੀ ਰਹੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਦੌਰਾਨ ਬਿਜਲੀ ਦੇ ਉਤਪਾਦਨ ਅਤੇ ਵੰਡ ਨਾਲ ਸਬੰਧਤ ਬੁਨਿਆਦੀ ਢਾਂਚੇ ’ਤੇ ਕਰੀਬ 27 ਹਜ਼ਾਰ ਕਰੋੜ ਰੁਪਏ ਖਰਚ ਕੀਤੇ ਗਏ ਸਨ। ਵਲਟੋਹਾ ਨੇ ਦੋਸ਼ ਲਗਾਇਆ ਕਿ ਮੌਜੂਦਾ ਸਰਕਾਰ ਨੂੰ ਬਿਜਲੀ ਦੀਆਂ ਲੋੜਾਂ ਪੂਰੀਆਂ ਕਰਨ ਲਈ ਮਹਿੰਗੇ ਭਾਅ ’ਤੇ ਬਿਜਲੀ ਖਰੀਦਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਵੀ ਬਿਜਲੀ ਉਤਪਾਦਨ ਵਧਾਉਣ ਦੀ ਦਿਸ਼ਾ ਵਿਚ ਲੋੜੀਂਦੇ ਕਦਮ ਨਹੀਂ ਚੁੱਕੇ। ਵਲਟੋਹਾ ਨੇ ਕਿਹਾ ਕਿ ਬਿਜਲੀ ਦੀ ਸਮੱਸਿਆ ਦਾ ਸਿੱਧਾ ਪ੍ਰਭਾਵ ਪੰਜਾਬ ਦੇ ਉਦਯੋਗ ਅਤੇ ਖੇਤੀਬਾੜੀ ਖੇਤਰ ’ਤੇ ਪੈ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਬਿਜਲੀ ਦੀ ਅਨਿਯਮਿਤ ਸਪਲਾਈ ਕਾਰਨ ਸਨਅਤੀ ਇਕਾਈਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਕਿਸਾਨ ਵੀ ਪ੍ਰਭਾਵਿਤ ਹੋ ਰਹੇ ਹਨ। ਉਨ੍ਹਾਂ ਸਰਕਾਰ ਤੋਂ ਸਵਾਲ ਕੀਤਾ ਕਿ ਮੌਜੂਦਾ ਕਾਰਜਕਾਲ ਦੌਰਾਨ ਕਿੰਨੇ ਨਵੇਂ ਬਿਜਲੀ ਗਰਿੱਡ ਬਣਾਏ ਗਏ ਅਤੇ ਕਿੰਨੇ ਗਰਿੱਡ ਚਾਲੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਬਿਜਲੀ ਉਤਪਾਦਨ ਅਤੇ ਸਪਲਾਈ ਨਾਲ ਸਬੰਧਤ ਜਿਹੜਾ ਬੁਨਿਆਦੀ ਢਾਂਚਾ ਅੱਜ ਵਰਤੋਂ ਵਿਚ ਹੈ, ਉਸ ਵਿਚ ਅਕਾਲੀ ਦਲ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸਥਾਪਤ ਕੀਤੇ ਗਏ ਥਰਮਲ ਪਲਾਂਟਾਂ ਅਤੇ ਗਰਿੱਡਾਂ ਦੀ ਅਹਿਮ ਭੂਮਿਕਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਦੇ ਲੋਕਾਂ ਅਤੇ ਉਦਯੋਗ ਨੂੰ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣ। ਇਸ ਮੌਕੇ ਹਲਕਾ ਖੇਮਕਰਨ ਦੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਆਗੂ, ਵਰਕਰ ਅਤੇ ਸਮਰਥਕ ਹਾਜ਼ਰ ਸਨ।