- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਕੀਤਾ ਰੋਸ ਪ੍ਰਦਰਸ਼ਨ, ਮੰਗਾਂ ਸਬੰਧੀ ਮੰਗ ਪੱਤਰ ਸੌਂਪਿਆ

ਲਟਕਦੀਆਂ ਮੰਗਾਂ ਸਬੰਧੀ ਸਿਵਲ ਹਸਪਤਾਲ ਵਿਖੇ ਪ੍ਰਦਰਸ਼ਨ ’ਚ ਕੀਤੀ ਸ਼ਮੂਲੀਅਤ
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਸਾਂਝਾ ਮੋਰਚਾ ਪੰਜਾਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਹੱਕੀ ਮੰਗਾਂ ਦੇ ਹੱਲ ਦੀ ਮੰਗ ਨੂੰ ਲੈ ਕੇ ਵੀਰਵਾਰ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਪ੍ਰਦਰਸ਼ਨ ਸੂਬਾ ਜਨਰਲ ਸਕੱਤਰ ਲਖਵਿੰਦਰ ਕੌਰ ਝਬਾਲ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿਚ ਜ਼ਿਲ੍ਹੇ ਦੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਲਖਵਿੰਦਰ ਕੌਰ ਝਬਾਲ ਨੇ ਕਿਹਾ ਕਿ ਪੰਜਾਬ ਵਿਚ ਆਸ਼ਾ ਵਰਕਰਾਂ ਵੱਲੋਂ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਨੂੰ ਆਮ ਲੋਕਾਂ ਤਕ ਪਹੁੰਚਾਉਣ ਵਿਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਇਨ੍ਹਾਂ ਵਰਕਰਾਂ ਦੀਆਂ ਮੰਗਾਂ ਦੇ ਹੱਲ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸੱਤਾ ਵਿਚ ਆਉਣ ਤੋਂ ਪਹਿਲਾਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀਆਂ ਮੰਗਾਂ ਹੱਲ ਕਰਨ ਦੇ ਵਾਅਦੇ ਕੀਤੇ ਗਏ ਸਨ, ਪਰ ਅਜੇ ਤਕ ਕਈ ਮੰਗਾਂ ਲਾਗੂ ਨਹੀਂ ਹੋਈਆਂ। ਉਨ੍ਹਾਂ ਦੀਆਂ ਪ੍ਰਮੁੱਖ ਮੰਗਾਂ ਵਿਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਘੱਟੋ-ਘੱਟ ਉਜਰਤ ਦੇ ਘੇਰੇ ਵਿਚ ਲਿਆਉਣਾ, ਕੱਟੇ ਗਏ ਇਨਸੈਂਟਿਵ ਮੁੜ ਬਹਾਲ ਕਰਕੇ, ਉਨ੍ਹਾਂ ਵਿਚ ਵਾਧਾ ਕਰਨਾ, ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦੀ ਹਾਜ਼ਰੀ ਰਜਿਸਟਰ ਲਗਾ ਕੇ ਯਕੀਨੀ ਬਣਾਉਣਾ ਅਤੇ ਸੱਤ ਆਸ਼ਾ ਵਰਕਰਾਂ ਪਿੱਛੇ ਇਕ ਆਸ਼ਾ ਫੈਸਿਲੀਟੇਟਰ ਦੀ ਨਿਯੁਕਤੀ ਕਰਨਾ ਸ਼ਾਮਲ ਹੈ।
ਇਸ ਤੋਂ ਇਲਾਵਾ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦੇਣ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਮੰਗ ਕੀਤੀ ਗਈ। ਸੇਵਾ-ਮੁਕਤ ਹੋ ਰਹੀਆਂ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੂੰ ਮਾਣ-ਸਨਮਾਨ ਵਜੋਂ ਘੱਟੋ-ਘੱਟ ਪੰਜ ਲੱਖ ਰੁਪਏ ਦੀ ਰਾਸ਼ੀ ਦੇਣ ਅਤੇ ਸੇਵਾ-ਮੁਕਤੀ ਤੋਂ ਬਾਅਦ ਘੱਟੋਂ-ਘੱਟ ਪੰਜ ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦੀ ਮੰਗ ਵੀ ਕੀਤੀ ਗਈ।
ਲਖਵਿੰਦਰ ਕੌਰ ਝਬਾਲ ਨੇ ਕਿਹਾ ਕਿ ਸਿਹਤ ਮੰਤਰੀ ਅਤੇ ਸਬੰਧਤ ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਦੌਰਾਨ ਜਿਹੜੀਆਂ ਮੰਗਾਂ ਮੰਨੀਆਂ ਗਈਆਂ ਸਨ, ਉਨ੍ਹਾਂ ਨੂੰ ਵੀ ਅਜੇ ਤਕ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਜਥੇਬੰਦੀ ਨੂੰ ਮੀਟਿੰਗ ਲਈ ਸਮਾਂ ਨਾ ਦਿੱਤੇ ਜਾਣ ਕਾਰਨ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਜਥੇਬੰਦੀ ਨੂੰ ਮੰਗਾਂ ਦੇ ਹੱਲ ਲਈ ਮੀਟਿੰਗ ਦਾ ਸਮਾਂ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪ੍ਰਦਰਸ਼ਨਕਾਰੀਆਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਡਾਇਰੈਕਟਰ, ਐੱਨਐੱਚਐੱਮ ਪੰਜਾਬ, ਚੰਡੀਗੜ੍ਹ ਦੇ ਨਾਮ ਡਾ. ਜਸਪ੍ਰੀਤ ਸਿੰਘ ਨੂੰ ਸੌਂਪਿਆ ਗਿਆ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜਿੰਦਰ ਕੌਰ ਤੋਂ ਇਲਾਵਾ ਰਾਜਵੰਤ ਕੌਰ, ਕੰਵਲਜੀਤ ਕੌਰ, ਰਮਨਦੀਪ ਕੌਰ, ਕੁਲਵੰਤ ਕੌਰ, ਰਾਜਵਿੰਦਰ ਕੌਰ, ਗਗਨਦੀਪ ਕੌਰ, ਪਰਮਜੀਤ ਕੌਰ, ਜਸਬੀਰ ਕੌਰ, ਗੁਰਮੀਤ ਕੌਰ ਅਤੇ ਲਖਵਿੰਦਰ ਕੌਰ ਆਦਿ ਹਾਜ਼ਰ ਸਨ।