ਸੰਗਰਾਂਦ ਦੇ ਦਿਹਾੜੇ ’ਤੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਪੁੱਜੀ ਹਜ਼ਾਰਾਂ ਸੰਗਤ ਸੰਗਰਾਂਦ ਦੇ ਦਿਹਾੜੇ ’ਤੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਪੁੱਜੀ ਹਜ਼ਾਰਾਂ ਸੰਗਤ
Publish Date: Thu, 17 Sep 2026 07:55 PM (IST)
Updated Date: Thu, 17 Sep 2026 07:56 PM (IST)
ਗੁਰੂ ਘਰ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਕੀਤੀ ਅਰਦਾਸ ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਸ੍ਰੀ ਗੁਰੂ ਅਰਜਨ ਦੇਵ ਜੀ ਦੀ ਪਾਵਨ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਤਰਨਤਾਰਨ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ ’ਚ ਵੀਰਵਾਰ ਨੂੰ ਸੰਗਰਾਂਦ ਦੇ ਪਵਿੱਤਰ ਦਿਹਾੜੇ ਮੌਕੇ ਦੂਰ-ਦੁਰਾਡੇ ਇਲਾਕਿਆਂ ਤੇ ਸਥਾਨਕ ਇਲਾਕੇ ’ਚੋਂ ਵੱਡੀ ਗਿਣਤੀ ਸੰਗਤ ਨਤਮਸਤਕ ਹੋਣ ਲਈ ਪੁੱਜੀ। ਸਵੇਰੇ ਤੜਕਸਾਰ ਤੋਂ ਲੈ ਕੇ ਦੇਰ ਰਾਤ ਤਕ ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤਾਂ ਦੀ ਆਮਦ ਲਗਾਤਾਰ ਜਾਰੀ ਰਹੀ। ਇਸ ਪਵਿੱਤਰ ਦਿਹਾੜੇ ਮੌਕੇ ਵੱਖ-ਵੱਖ ਇਲਾਕਿਆਂ ਵਿਚ ਸ਼ਰਧਾਲੂਆਂ ਨੇ ਸੰਗਤ ਲਈ ਕਈ ਪ੍ਰਕਾਰ ਦੇ ਲੰਗਰ ਵੀ ਲਗਾਏ। ਸੰਗਤਾਂ ਨੇ ਪਵਿੱਤਰ ਸਰੋਵਰ ਵਿਚ ਇਸ਼ਨਾਨ ਕਰਕੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਸੀਸ ਨਿਵਾ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸਾਲਾ ਦਿਨ ਹਜ਼ੂਰੀ ਰਾਗੀ ਜਥਿਆਂ ਨੇ ਇਲਾਹੀ ਬਾਣੀ ਦਾ ਕੀਰਤਨ ਸਰਵਣ ਕਰਵਾ ਕੇ ਸੰਗਤ ਨੂੰ ਨਿਹਾਲ ਕੀਤਾ। ਜਦੋਂਕਿ ਸੰਗਤ ਕੜਾਹ ਪ੍ਰਸ਼ਾਦ ਦੀ ਦੇਗ ਕਰਵਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਵੀ ਕੀਤੀ। ਸੰਗਰਾਂਦ ਦੇ ਦਿਹਾੜੇ ਨੂੰ ਮੁੱਖ ਰੱਖਦਿਆਂ ਸ੍ਰੀ ਦਰਬਾਰ ਸਾਹਿਬ ਦੇ ਸਟਾਫ਼ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ। ਸ਼ਰਧਾਲੂਆਂ ਨੇ ਗੁਰੂ ਘਰ ਅੰਦਰ ਬੈਠ ਕੇ ਗੁਰਬਾਣੀ ਦਾ ਸਰਵਣ ਕੀਤਾ ਅਤੇ ਮਨੁੱਖਤਾ ਦੀ ਚੜ੍ਹਦੀ ਕਲਾ, ਪਰਿਵਾਰਾਂ ਦੀ ਸੁੱਖ-ਸ਼ਾਂਤੀ, ਖੁਸ਼ਹਾਲੀ ਅਤੇ ਸਰਬੱਤ ਦੇ ਭਲੇ ਲਈ ਅਰਦਾਸਾਂ ਕੀਤੀਆਂ। ਇਸ ਦੌਰਾਨ ਗੁਰੂ ਘਰ ਵਿਖੇ ਆਉਣ ਵਾਲੀਆਂ ਸੰਗਤਾਂ ਵੱਲੋਂ ਪੂਰੀ ਸ਼ਰਧਾ ਅਤੇ ਗੁਰਮਤਿ ਮਰਿਆਦਾ ਦਾ ਪਾਲਣ ਕਰਦਿਆਂ ਗੁਰੂ ਘਰ ’ਚ ਹਾਜ਼ਰੀ ਭਰੀ। ਲੰਗਰ ਹਾਲ ਵਿਚ ਗੁਰੂ ਕੇ ਲੰਗਰ ਅਤੁੱਟ ਵਰਤਦੇ ਰਹੇ। ਮੈਨੇਜਰ ਸ੍ਰੀ ਦਰਬਾਰ ਸਾਹਿਬ ਹਰਜਿੰਦਰ ਸਿੰਘ ਪੱਟੀ ਨੇ ਦੱਸਿਆ ਕਿ ਪਵਿੱਤਰ ਦਿਹਾੜਿਆਂ ’ਤੇ ਸੰਗਤ ਦੀ ਗੁਰੂ ਘਰ ਵਿਚ ਹੋਣ ਵਾਲੀ ਵੱਡੀ ਆਮਦ ਨੂੰ ਮੱਦੇ ਨਜ਼ਰ ਰੱਖਦਿਆਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਜਾਂਦੇ ਹਨ। ਉਨ੍ਹਾਂ ਨੇ ਕਿਹਾ ਕਿ ਗੁਰੂ ਘਰ ਆਉਣ ਵਾਲੀ ਸੰਗਤ ਨੂੰ ਸਮੁੱਚੇ ਸਟਾਫ਼ ਨੇ ਤਹਿ ਦਿਲੋਂ ‘ਜੀ ਆਇਆਂ’ ਆਖਿਆ।