ਨਸ਼ਿਆਂ ਦੇ ਖ਼ਾਤਮੇ ਲਈ ਅਹਿਮ ਉਪਰਾਲੇ ਵਜੋਂ ਉੱਭਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ : ਜੱਸਾ ਪੱਟੀ ਨਸ਼ਿਆਂ ਦੇ ਖ਼ਾਤਮੇ ਲਈ ਅਹਿਮ ਉਪਰਾਲੇ ਵਜੋਂ ਉੱਭਰੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ - ਜੱਸਾ ਪੱਟੀ
Publish Date: Fri, 18 Sep 2026 05:49 PM (IST)
Updated Date: Fri, 18 Sep 2026 05:50 PM (IST)
ਹਲਕਾ ਪੱਟੀ ਦੀ ਨਸ਼ਾ ਮੁਕਤੀ ਮੋਰਚਾ ਟੀਮ ਨੂੰ ਮੁਹਿੰਮ ਦੇ ਅੰਤਿਮ ਪੜਾਅ ਬਾਰੇ ਕਰਵਾਇਆ ਜਾਣੂ ਬੱਲੂ ਮਹਿਤਾ•, ਪੰਜਾਬੀ ਜਾਗਰਣ ਪੱਟੀ : ਵਿਧਾਨ ਸਭਾ ਹਲਕਾ ਪੱਟੀ ਦੇ ਵਿਲੇਜ ਡਿਫੈਂਸ ਕਮੇਟੀਆਂ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਮੀਖਿਆ ਮੀਟਿੰਗ ਹੋਈ। ਹਲਕਾ ਇੰਚਾਰਜ ਜਸਕੰਵਰ ਸਿੰਘ ਜੱਸਾ ਪੱਟੀ, ਐੱਸਡੀਐੱਮ ਪੱਟੀ ਅਮਨਦੀਪ, ਡੀਐੱਸਪੀ ਰਵੀਸ਼ੇਰ ਸਿੰਘ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ, ਵਾਈਸ ਜ਼ਿਲ੍ਹਾ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋਂ ਅਤੇ ਹੋਰਨਾਂ ਸ਼ਖਸੀਅਤਾਂ ਦੀ ਮੌਜੂਦਗੀ ਵਿਚ ਹੋਈ। ਇਸ ਸਮੀਖਿਆ ਮੀਟਿੰਗ ਦੌਰਾਨ ਹੇਠਲੇ ਪੱਧਰ ਤਕ ਸਾਂਝੀ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨ ਅਤੇ ਹਲਕੇ ਵਿਚ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਨੂੰ ਹੋਰ ਤੇਜ਼ ਕਰਨ ’ਤੇ ਜ਼ੋਰ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਸਕੰਵਰ ਸਿੰਘ ਜੱਸਾ ਪੱਟੀ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਸਾਂਝੀ ਜ਼ਿੰਮੇਵਾਰੀ ਹੈ ਅਤੇ ਅਸੀਂ ਮਿਲ ਕੇ ਪੰਜਾਬ ਦੀ ਨੌਜਵਾਨ ਪੀੜ੍ਹੀ ਦਾ ਭਵਿੱਖ ਸੁਰੱਖਿਅਤ ਕਰਾਂਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਲਾਹਨਤ ਦੇ ਜੜ੍ਹੋਂ ਖ਼ਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਹਿਮ ਉਪਰਾਲੇ ਵਜੋਂ ਉੱਭਰੀ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਨਾਲ-ਨਾਲ ਮੁੜ ਵਸੇਬਾ ਉਪਾਵਾਂ ਸਮੇਤ ਬਹੁ-ਮੰਤਵੀ ਪਹੁੰਚ ਨੂੰ ਅਪਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਵੱਲ ਲਗਾਉਣ ਦੇ ਉਪਰਾਲੇ ਕੀਤੇ ਜਾ ਰਹੇ ਹਨ, ਇਸ ਲਈ ਪਿੰਡਾਂ ਵਿਚ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ, ਜੋ ਨੌਜਵਾਨਾਂ ਦੀ ਖੇਡਾਂ ਵਿਚ ਸ਼ਮੂਲੀਅਤ ’ਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਨਸ਼ਿਆਂ ਤੋਂ ਪ੍ਰਭਾਵਿਤ ਲੋਕਾਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਚਲਾਈ ਗਈ 551 ਦਿਨਾਂ ਦੀ ਇਸ ਮੁਹਿੰਮ ਦੌਰਾਨ 76 ਹਜ਼ਾਰ ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੇ ਅਗਲੇ ਪੜਾਅ ਦੌਰਾਨ ਨਸ਼ਾ ਮੁਕਤੀ ਮੋਰਚਾ ਮੈਂਬਰਾਂ ਵਲੋਂ ਹਰੇਕ ਪਿੰਡ ਅਤੇ ਵਾਰਡ ਵਿਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਜਾਗਰੂਕਤਾ ਫੈਲਾਈ ਜਾਵੇਗੀ ਅਤੇ ਨਸ਼ਿਆਂ ਖਿਲਾਫ਼ ਜੰਗ ਦੀ ਪ੍ਰਗਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਇਸ ਮੌਕੇ ਹੋਰਨਾਂ ਬੁਲਾਰਿਆਂ ਵੱਲੋਂ ਵੀ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਆਪਣੇ-ਆਪਣੇ ਪਿੰਡਾਂ ਤੇ ਵਾਰਡਾਂ ਵਿਚ ਸਰਗਰਮ ਰਹਿ ਕੇ ਲੋਕਾਂ ਨਾਲ ਜੁੜੇ ਰਹਿਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਐੱਸਐੱਚਓ ਵਿਪਨ ਕੁਮਾਰ, ਨਸ਼ਾ ਮੁਕਤੀ ਮੋਰਚੇ ਦੇ ਹਲਕਾ ਕੋਆਰਡੀਨੇਟਰ ਪਰਮਜੀਤ ਸਿੰਘ ਚੰਬਲ, ਵਾਈਸ ਕੋਆਰਡੀਨੇਟਰ ਸੋਨਬੀਰ ਸਿੰਘ ਤੇ ਬਲਵਿੰਦਰ ਸਿੰਘ ਚੂਸਲੇਵੜ, ਸਮੂਹ ਬਲਾਕ ਕੋਆਰਡੀਨੇਟਰ, ਕਨਵੀਨਰ, ਐਕਟਿੰਗ ਪ੍ਰਧਾਨ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।