ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਅੰਜ਼ਾਮ ਤਕ ਪਹੁੰਚਾਉਣ ਲਈ ਲੋਕਾਂ ਦਾ ਸਹਿਯੋਗ ਜ਼ਰੂਰੀ : ਧੁੰਨ ਨਸ਼ਿਆਂ ਖ਼ਿਲਾਫ਼ ਮੁਹਿੰਮ ਨੂੰ ਅੰਜ਼ਾਮ ਤਕ ਪਹੁੰਚਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ : ਵਿਧਾਇਕ ਸਰਵਨ ਸਿੰਘ ਧੁੰਨ
Publish Date: Tue, 22 Sep 2026 07:14 PM (IST)
Updated Date: Tue, 22 Sep 2026 07:15 PM (IST)
ਕਿਹਾ, 25 ਸਤੰਬਰ ਤੋਂ ਹਰੇਕ ਪਿੰਡ ਤੇ ਵਾਰਡ ’ਚ ਪਹੁੰਚ ਕੇ ਲੋਕਾਂ ਨੂੰ ਜਾਗਰੂਕ ਕਰਨਗੀਆਂ ਟੀਮਾਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖੇਮਕਰਨ ਹਲਕੇ ਦੀ ਹੋਈ ਸਮੀਖਿਆ ਮੀਟਿੰਗ ਹੋਈ ਰਾਜਵਿੰਦਰ ਸਿੰਘ ਰਾਜੂ•, ਪੰਜਾਬੀ ਜਾਗਰਣ ਵਲਟੋਹਾ : ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਹਲਕਾ ਖੇਮਕਰਨ ਦੇ ਵਾਰਡ ਅਤੇ ਵਿਲੇਜ ਡਿਫੈਂਸ ਕਮੇਟੀ ਮੈਂਬਰਾਂ ਦੀ ਸਮੀਖਿਆ ਮੀਟਿੰਗ ਹੋਈ। ਇਸ ਮੌਕੇ ਹਲਕਾ ਵਿਧਾਇਕ ਸਰਵਨ ਸਿੰਘ ਧੁੰਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਆਪਣੇ ਸੰਬੋਧਨ ਵਿਚ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਸਮੱਸਿਆ ਦੇ ਖ਼ਾਤਮੇ ਲਈ ਵਿਆਪਕ ਪੱਧਰ ’ਤੇ ਚਲਾਈ ਜਾ ਰਹੀ ਮੁਹਿੰਮ ਹੁਣ ਫੈਸਲਾਕੁੰਨ ਦੌਰ ਵਿਚ ਪਹੁੰਚ ਚੁੱਕੀ ਹੈ ਅਤੇ ਇਸ ਨੂੰ ਅੰਜ਼ਾਮ ਤਕ ਪਹੁੰਚਾਉਣ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ 551 ਦਿਨਾਂ ਦੌਰਾਨ 77 ਹਜ਼ਾਰ ਦੇ ਕਰੀਬ ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹੁਣ ਅੰਤਿਮ ਪੜਾਅ ਵਿਚ ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਹਰੇਕ ਪਿੰਡ ਤੇ ਵਾਰਡ ’ਚ ਪਹੁੰਚਣਗੀਆਂ। ਉਨ੍ਹਾਂ ਕਿਹਾ ਕਿ 25 ਸਤੰਬਰ ਤੋਂ ਨਸ਼ਾ ਮੁਕਤੀ ਮੋਰਚੇ ਦੀਆਂ ਟੀਮਾਂ ਪਿੰਡ-ਪਿੰਡ ਅਤੇ ਵਾਰਡ-ਵਾਰਡ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਗੀਆਂ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਨਸ਼ਾ ਮੁਕਤੀ ਮੋਰਚਾ ਦੇ ਐਕਟਿੰਗ ਪ੍ਰਧਾਨ ਤੇ ਕਨਵੀਨਰ ਲੋਕਾਂ ਨੂੰ ਮਿਲਣਗੇ ਅਤੇ ਨਸ਼ਿਆਂ ਦੀ ਸਮੱਸਿਆ ਵਿਰੁੱਧ ਲੜਾਈ ਵਿਚ ਹੋਈ ਪ੍ਰਗਤੀ ਬਾਰੇ ਚਰਚਾ ਕਰਨਗੇ। ਉਨ੍ਹਾਂ ਵਾਰਡਾਂ ਅਤੇ ਪਿੰਡਾਂ ’ਚ ਬਣੀਆਂ ਕਮੇਟੀਆਂ ਨੂੰ ਪੁਲਿਸ ਪ੍ਰਸ਼ਾਸਨ ਨਾਲ ਬਿਹਤਰ ਤਾਲਮੇਲ ਕਾਇਮ ਕਰ ਕੇ ਨਸ਼ਿਆਂ ਦੀ ਰੋਕਥਾਮ ਲਈ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਵੱਲ ਪ੍ਰੇਰਿਤ ਕਰਨਾ ਬਹੁਤ ਜ਼ਰੂਰੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ’ਚ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਉਣ ਅਤੇ ਨੌਜਵਾਨਾਂ ਨੂੰ ਖੇਡ ਗਤੀਵਿਧੀਆਂ ਨਾਲ ਜੋੜਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਦੌਰਾਨ ਹੋਰਨਾਂ ਵੱਖ-ਵੱਖ ਬੁਲਾਰਿਆਂ ਨੇ ਵੀ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਐੱਸਡੀਐੱਮ ਭਿੱਖੀਵਿੰਡ ਜਗਦੀਪ ਸਿੰਘ, ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਵਾਈਸ ਕੋਆਰਡੀਨੇਟਰ ਕੁਲਦੀਪ ਸਿੰਘ ਢਿੱਲੋ, ਅਸੰਬਲੀ ਕੋਆਰਡੀਨੇਟਰ ਜੋਗਿੰਦਰ ਸਿੰਘ ਸੰਧੂ ਅਤੇ ਸਮੂਹ ਬਲਾਕ ਕੋਆਰਡੀਨੇਟਰਾਂ ਤੋਂ ਇਲਾਵਾ ਸਿਵਲ ਤੇ ਪੁਲਿਸ ਅਧਿਕਾਰੀ, ਪਿੰਡਾਂ ਅਤੇ ਵਾਰਡਾਂ ਦੇ ਕਨਵੀਨਰ, ਸਰਪੰਚ, ਕੌਂਸਲਰ, ਐਕਟਿੰਗ ਪ੍ਰਧਾਨ ਅਤੇ ਹੋਰ ਅਹਿਮ ਸ਼ਖਸੀਅਤਾਂ ਹਾਜ਼ਰ ਸਨ।