ਯੂਥ ਕਾਂਗਰਸ ਦੇ ਆਗੂਆਂ ਨਾਲ ਪਾਇਲਟ ਦੀ ਮੀਟਿੰਗ, ਰਿਤਿਕ ਅਰੋੜਾ ਵੀ ਪੁੱਜੇ ਯੂਥ ਕਾਂਗਰਸ ਦੇ ਆਗੂਆਂ ਨਾਲ ਸਚਿਨ ਪਾਇਲਟ ਦੀ ਮੀਟਿੰਗ, ਰਿਤਿਕ ਅਰੋੜਾ ਵੀ ਪੁੱਜੇ
Publish Date: Tue, 22 Sep 2026 07:51 PM (IST)
Updated Date: Tue, 22 Sep 2026 07:54 PM (IST)
ਮਿਸ਼ਨ-2027 ਦੀਆਂ ਤਿਆਰੀਆਂ ਤੇ ਸੰਗਠਨ ਨੂੰ ਮਜ਼ਬੂਤ ਕਰਨ ਸਬੰਧੀ ਹੋਈਆਂ ਵਿਚਾਰਾਂ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਵੱਲੋਂ ਪੰਜਾਬ ਯੂਥ ਕਾਂਗਰਸ ਦੇ ਸੂਬਾਈ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਠਨ ਨੂੰ ਮਜ਼ਬੂਤ ਕਰਨ, ਨੌਜਵਾਨ ਵਰਗ ਦੀ ਪਾਰਟੀ ਨਾਲ ਸ਼ਮੂਲੀਅਤ ਵਧਾਉਣ ਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਨਾਲ ਤਾਲਮੇਲ ਹੋਰ ਮਜ਼ਬੂਤ ਕਰਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਜਾਣਕਾਰੀ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਰਿਤਿਕ ਅਰੋੜਾ ਨੇ ਉਕਤ ਮੀਟਿੰਗ ਵਿਚ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨ ਉਪਰੰਤ ਪੱਤਰਕਾਰ ਵਾਰਤਾ ਦੌਰਾਨ ਦਿੱਤੀ ਹੈ। ਉਨ੍ਹਾਂ ਵੱਲੋਂ ਪੰਜਾਬ ਵਿਚ ਯੂਥ ਕਾਂਗਰਸ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵੀ ਸਚਿਨ ਪਾਇਲਟ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਮੀਟਿੰਗ ਦੌਰਾਨ ਰਿਤਿਕ ਅਰੋੜਾ ਨੇ ਵਿਸ਼ੇਸ਼ ਤੌਰ ’ਤੇ ਲੁਧਿਆਣਾ ਅਰਬਨ ਵਿਚ ਯੂਥ ਕਾਂਗਰਸ ਦੀਆਂ ਸਰਗਰਮੀਆਂ ਬਾਰੇ ਚਰਚਾ ਕੀਤੀ। ਉਨ੍ਹਾਂ ਵੱਲੋਂ ਲੁਧਿਆਣਾ ਸ਼ਹਿਰ ਵਿਚ ਨੌਜਵਾਨ ਵਰਕਰਾਂ ਨਾਲ ਕੀਤੇ ਜਾ ਰਹੇ ਸੰਪਰਕ, ਸੰਗਠਨ ਨੂੰ ਹੇਠਲੇ ਪੱਧਰ ਤਕ ਮਜ਼ਬੂਤ ਕਰਨ ਲਈ ਚੱਲ ਰਹੀਆਂ ਗਤੀਵਿਧੀਆਂ ਅਤੇ ਨੌਜਵਾਨਾਂ ਨਾਲ ਜੁੜੇ ਸਥਾਨਕ ਮੁੱਦਿਆਂ ਨੂੰ ਪਾਰਟੀ ਪੱਧਰ ’ਤੇ ਉਠਾਉਣ ਸਬੰਧੀ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਰਿਤਿਕ ਅਰੋੜਾ ਨੇ ਲੁਧਿਆਣਾ ਅਰਬਨ ਵਿਚ ਯੂਥ ਕਾਂਗਰਸ ਦੇ ਵਰਕਰਾਂ ਨਾਲ ਨਿਰੰਤਰ ਤਾਲਮੇਲ ਬਣਾਈ ਰੱਖਣ ਅਤੇ ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਕਰਨ ਸਬੰਧੀ ਵੀ ਵਿਚਾਰ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਨੌਜਵਾਨ ਵਰਗ ਨਾਲ ਸਿੱਧਾ ਸੰਪਰਕ ਬਣਾਉਣਾ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਉਠਾਉਣਾ ਯੂਥ ਕਾਂਗਰਸ ਦੀਆਂ ਗਤੀਵਿਧੀਆਂ ਦਾ ਅਹਿਮ ਹਿੱਸਾ ਹੈ। ਮੀਟਿੰਗ ਵਿਚ ਪੰਜਾਬ ਯੂਥ ਕਾਂਗਰਸ ਦੀਆਂ ਆਉਣ ਵਾਲੀਆਂ ਜਥੇਬੰਦਕ ਗਤੀਵਿਧੀਆਂ, ਵਰਕਰਾਂ ਨਾਲ ਤਾਲਮੇਲ ਵਧਾਉਣ ਅਤੇ ਪਾਰਟੀ ਦੇ ਪ੍ਰੋਗਰਾਮਾਂ ਨੂੰ ਜ਼ਮੀਨੀ ਪੱਧਰ ਤਕ ਲਿਜਾਣ ਸਬੰਧੀ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਮਿਸ਼ਨ-2027 ਨੂੰ ਲੈ ਕੇ ਯੂਥ ਕਾਂਗਰਸ ਦੇ ਸੰਗਠਨ ਨੂੰ ਹੋਰ ਸਰਗਰਮ ਕਰਨ ਅਤੇ ਨੌਜਵਾਨਾਂ ਦੀ ਭਾਗੀਦਾਰੀ ਵਧਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਇਸ ਦੌਰਾਨ ਸਚਿਨ ਪਾਇਲਟ ਨੇ ਯੂਥ ਕਾਂਗਰਸ ਦੇ ਅਹੁਦੇਦਾਰਾਂ ਨਾਲ ਸਿੱਧਾ ਸੰਵਾਦ ਕਰਦਿਆਂ ਸੰਗਠਨ ਨੂੰ ਮਜ਼ਬੂਤ ਕਰਨ, ਵਰਕਰਾਂ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਜ਼ਮੀਨੀ ਪੱਧਰ ’ਤੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਸਬੰਧੀ ਵਿਚਾਰ ਸਾਂਝੇ ਕੀਤੇ।