ਡੀਏਪੀ ਤੇ ਯੂਰੀਆ ਖਾਦ ਸਬੰਧੀ ਮੁਸ਼ਕਿਲਾਂ ਦੇ ਹੱਲ ਦਾ ਦਿੱਤਾ ਭਰੋਸਾ ਡੀਏਪੀ ਤੇ ਯੂਰੀਆ ਖਾਦ ਸਬੰਧੀ ਮੁਸ਼ਕਿਲਾਂ ਦੇ ਹੱਲ ਦਾ ਖੇਤੀਬਾੜੀ ਅਫ਼ਸਰ ਨੇ ਦਿੱਤਾ ਭਰੋਸਾ
Publish Date: Thu, 24 Sep 2026 04:35 PM (IST)
Updated Date: Thu, 24 Sep 2026 04:39 PM (IST)
ਪੱਤਰ ਪ੍ਰੇਰਕ, •ਪੰਜਬੀ ਜਾਗਰਣ, ਤਰਨਤਾਰਨ : ਡੀਏਪੀ, ਯੂਰੀਆ ਖਾਦ ਅਤੇ ਖੇਤੀਬਾੜੀ ਨਾਲ ਸਬੰਧਿਤ ਹੋਰ ਸਮੱਸਿਆਵਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਇਕ ਡੈਪੂਟੇਸ਼ਨ ਮੁੱਖ ਖੇਤੀਬਾੜੀ ਅਫ਼ਸਰ ਤੇਜਬੀਰ ਸਿੰਘ ਭੰਗੂ ਨੂੰ ਮਿਲਿਆ। ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਹਰਜੀਤ ਸਿੰਘ ਰਵੀ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਏਕਤਾ ਦੇ ਸੂਬਾ ਪ੍ਰਧਾਨ ਨਿਰਵੈਰ ਸਿੰਘ ਡਾਲੇਕੇ ਦੀ ਅਗਵਾਈ ਹੇਠ ਮਿਲੇ ਡੈਪੂਟੇਸ਼ਨ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਦਰਪੇਸ਼ ਖਾਦ ਦੀ ਸਮੱਸਿਆ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਕਿਸਾਨ ਆਗੂਆਂ ਨੇ ਮੁੱਖ ਖੇਤੀਬਾੜੀ ਅਫ਼ਸਰ ਦੇ ਧਿਆਨ ਵਿਚ ਲਿਆਂਦਾ ਕਿ ਜ਼ਿਲ੍ਹਾ ਤਰਨਤਾਰਨ ਵਿਚ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਲੋੜ ਅਨੁਸਾਰ ਡੀਏਪੀ ਅਤੇ ਯੂਰੀਆ ਖਾਦ ਮੁਹੱਈਆ ਕਰਵਾਉਣ ਦਾ ਪ੍ਰਬੰਧ ਕੀਤਾ ਜਾਵੇ। ਇਸ ਤੋਂ ਇਲਾਵਾ ਖਾਦ ਵਿਕਰੇਤਾਵਾਂ ਵੱਲੋਂ ਖਾਦ ਦੇ ਨਾਲ ਹੋਰ ਸਮਾਨ ਖਰੀਦਣ ਲਈ ਕਿਸਾਨਾਂ ’ਤੇ ਕਥਿਤ ਤੌਰ ’ਤੇ ਪਾਇਆ ਜਾਂਦਾ ਦਬਾਅ ਬੰਦ ਕਰਵਾਉਣ ਦੀ ਮੰਗ ਵੀ ਕੀਤੀ ਗਈ। ਮੁੱਖ ਖੇਤੀਬਾੜੀ ਅਫ਼ਸਰ ਤੇਜਬੀਰ ਸਿੰਘ ਭੰਗੂ ਨੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਖੇਤੀਬਾੜੀ ਵਿਭਾਗ ਦੀਆਂ ਸਿਫ਼ਾਰਸ਼ਾਂ ਅਨੁਸਾਰ ਸਬਜ਼ੀਆਂ ਦੀ ਕਾਸ਼ਤ ਕਰਨ ਵਾਲੇ ਅਤੇ ਕਣਕ ਦੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਖਾਦ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਖਾਦ ਵਿਕਰੇਤਾ ਕਿਸਾਨਾਂ ਨੂੰ ਖਾਦ ਦੇ ਨਾਲ ਜਬਰੀ ਹੋਰ ਸਮਾਨ ਖਰੀਦਣ ਲਈ ਕਹਿੰਦਾ ਹੈ ਤਾਂ ਉਹ ਸਿੱਧੇ ਤੌਰ ’ਤੇ ਖੇਤੀਬਾੜੀ ਵਿਭਾਗ ਜਾਂ ਸਬੰਧਿਤ ਬਲਾਕ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਖਾਦ ਵਿਕਰੇਤਾਵਾਂ ਨੂੰ ਦੁਕਾਨਾਂ ਦੇ ਬਾਹਰ ਖਾਦ ਦੇ ਸਟਾਕ ਅਤੇ ਕੀਮਤ ਸਬੰਧੀ ਜਾਣਕਾਰੀ ਪ੍ਰਦਰਸ਼ਿਤ ਕਰਨ ਦੀਆਂ ਹਦਾਇਤਾਂ ਦਿੱਤੀਆਂ ਜਾਣਗੀਆਂ, ਤਾਂ ਜੋ ਕਿਸਾਨਾਂ ਨੂੰ ਖਾਦ ਖਰੀਦਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਜਾਂ ਕਥਿਤ ਲੁੱਟ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਏਕਤਾ ਦੇ ਸੂਬਾ ਮੀਤ ਪ੍ਰਧਾਨ ਭੁਪਿੰਦਰ ਸਿੰਘ ਤਖ਼ਤ ਮੱਲ, ਜ਼ਿਲ੍ਹਾ ਪ੍ਰੈੱਸ ਸਕੱਤਰ ਜਤਿੰਦਰ ਸਿੰਘ, ਤਰਸੇਮ ਸਿੰਘ, ਜਰਨੈਲ ਸਿੰਘ ਤੋਂ ਇਲਾਵਾ ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਗਦਾਈਕੇ, ਪ੍ਰਦੀਪ ਸਿੰਘ ਛੰਨਾ ਸਰਜਾ ਮਿਰਜ਼ਾ, ਭੁਪਿੰਦਰ ਸਿੰਘ ਨਦੋਹਰ ਅਤੇ ਦਿਲਬਾਗ ਸਿੰਘ ਹਾਜ਼ਰ ਸਨ।