ਭਾਜਪਾ ਨਸ਼ਾ ਵਿਰੋਧੀ ਯਾਤਰਾ ਕੱਢ ਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ : ਜਾਮਾਰਾਏ, ਪੰਡੋਰੀ ਭਾਜਪਾ ਨਸ਼ਾ ਵਿਰੋਧੀ ਯਾਤਰਾ ਕੱਢ ਕੇ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ : ਜਾਮਾਰਾਏ, ਪੰਡੋਰੀ
Publish Date: Thu, 24 Sep 2026 05:02 PM (IST)
Updated Date: Thu, 24 Sep 2026 05:03 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐੱਮਪੀਆਈ ਦੇ ਸੂਬਾਈ ਸਕੱਤਰ ਪ੍ਰਗਟ ਸਿੰਘ ਜਾਮਾਰਾਏ ਅਤੇ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਭਾਜਪਾ ਵੱਲੋਂ ਨਸ਼ਿਆਂ ਵਿਰੁੱਧ ਕੱਢੀ ਜਾ ਰਹੀ ਯਾਤਰਾ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਭਾਜਪਾ ਅਤੇ ਆਰਐੱਸਐੱਸ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿਚ ਨਸ਼ਿਆਂ ਦਾ ਸੇਵਨ ਅਤੇ ਤਸਕਰੀ ਵੱਡੇ ਪੱਧਰ ’ਤੇ ਹੁੰਦੀ ਰਹੀ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ਦੀ ਸਰਹੱਦੀ ਪੱਟੀ ਵਿਚ ਬੀਐੱਸਐੱਫ ਦੀ ਤਾਇਨਾਤੀ ਦੇ ਬਾਵਜੂਦ ਡਰੋਨਾਂ ਰਾਹੀਂ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ, ਜਿਸ ਕਾਰਨ ਨੌਜਵਾਨ ਪੀੜ੍ਹੀ ਪ੍ਰਭਾਵਿਤ ਹੋ ਰਹੀ ਹੈ। ਜਾਮਾਰਾਏ ਅਤੇ ਪੰਡੋਰੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੇ ਸਮੇਂ ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਮੇਤ ਕਈ ਆਗੂਆਂ ਵੱਲੋਂ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਵਾਅਦੇ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਉਸ ਸਮੇਂ ਕਈ ਆਗੂਆਂ ਨੇ ਨਸ਼ਿਆਂ ਦਾ ਲੱਕ ਤੋੜਨ ਦੀ ਗੱਲ ਕਹੀ ਸੀ, ਪਰ ਹੁਣ ਉਨ੍ਹਾਂ ਵਿੱਚੋਂ ਕੁਝ ਆਗੂ ਭਾਜਪਾ ਵਿਚ ਸ਼ਾਮਿਲ ਹੋ ਕੇ ਨਸ਼ਿਆਂ ਵਿਰੁੱਧ ਯਾਤਰਾਵਾਂ ਕੱਢ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਜਿਹੀ ਸਿਆਸਤ ਤੋਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਨਸ਼ਿਆਂ ਦੀ ਸਮੱਸਿਆ ਦੇ ਸਥਾਈ ਹੱਲ ਲਈ ਠੋਸ ਨੀਤੀਆਂ ਅਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ। ਉਨ੍ਹਾਂ ਧਾਰਮਿਕ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਅਜਿਹੀ ਸਿਆਸਤ ਦਾ ਹਿੱਸਾ ਨਾ ਬਣਨ, ਸਗੋਂ ਸਮਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਆਪਣੀ ਭੂਮਿਕਾ ਨਿਭਾਉਣ। ਆਗੂਆਂ ਨੇ ਦੋਸ਼ ਲਗਾਇਆ ਕਿ ਦੇਸ਼ ਦੇ ਕੁਝ ਸੂਬਿਆਂ ਵਿਚ ਸਿੰਥੈਟਿਕ ਨਸ਼ਿਆਂ ਦੀ ਗੈਰ-ਕਾਨੂੰਨੀ ਤਿਆਰੀ ਅਤੇ ਤਸਕਰੀ ਦੇ ਮਾਮਲੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ ਮਿਲ ਕੇ ਪ੍ਰਭਾਵਸ਼ਾਲੀ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਹੋਣ ਅਤੇ ਨੌਜਵਾਨ ਪੀੜ੍ਹੀ ਨੂੰ ਇਸ ਬੁਰਾਈ ਤੋਂ ਬਚਾਉਣ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ।