ਆਰਐੱਮਪੀਆਈ ਨੇ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਭਿੱਖੀਵਿੰਡ ’ਚ ਕੀਤਾ ਰੋਸ ਮਾਰਚ ਆਰਐੱਮਪੀਆਈ ਨੇ ਭਿੱਖੀਵਿੰਡ ਵਿਚ ਕੀਤਾ ਰੋਸ ਮਾਰਚ
Publish Date: Sat, 26 Sep 2026 04:50 PM (IST)
Updated Date: Sat, 26 Sep 2026 04:51 PM (IST)
ਮੇਨ ਚੌਕ ’ਚ ਪ੍ਰਧਾਨ ਮੰਤਰੀ ਦਾ ਫੂਕ ਕੇ ਕੀਤਾ ਮੁਜ਼ਾਹਰਾ ਰਾਜਨ ਚੋਪੜਾ•, ਪੰਜਾਬੀ ਜਾਗਰਣ ਭਿੱਖੀਵਿੰਡ : ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਆਰਐੱਮਪੀਆਈ ਵੱਲੋਂ ਵੱਖ-ਵੱਖ ਮੁੱਦਿਆਂ ਨੂੰ ਲੈ ਕੇ ਭਿੱਖੀਵਿੰਡ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕੀਤਾ ਗਿਆ। ਇਸ ਉਪਰੰਤ ਪਾਰਟੀ ਵਰਕਰਾਂ ਵੱਲੋਂ ਮੇਨ ਚੌਕ ਵਿਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਕੇਂਦਰ ਸਰਕਾਰ ਤੇ ਚੋਣ ਪ੍ਰਬੰਧ ਨਾਲ ਸਬੰਧਿਤ ਮੁੱਦਿਆਂ ਨੂੰ ਲੈ ਕੇ ਨਾਅਰੇਬਾਜ਼ੀ ਵੀ ਕੀਤੀ ਗਈ। ਰੋਸ ਮਾਰਚ ਉਪਰੰਤ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਆਰਐੱਮਪੀਆਈ ਦੇ ਜ਼ਿਲ੍ਹਾ ਪ੍ਰਧਾਨ ਚਮਨ ਲਾਲ ਦਰਾਜਕੇ ਨੇ ਕਿਹਾ ਕਿ ਪਾਰਟੀ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਲਗਾਤਾਰ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿਵਲ ਸੁਸਾਇਟੀ ਦੇ ਮੈਂਬਰਾਂ ਅਤੇ ਖੱਬੇਪੱਖੀ ਆਗੂਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚਮਨ ਲਾਲ ਦਰਾਜਕੇ ਨੇ ਕਿਹਾ ਕਿ ਦੀਪਾਂਕਰ ਭੱਟਾਚਾਰੀਆ, ਪੁਰਸ਼ੋਤਮ ਸ਼ਰਮਾ, ਨੇਹਾ ਬੋਰਾ ਸਮੇਤ ਹੋਰ ਆਗੂਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪਾਰਟੀ ਵਰਕਰਾਂ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਖ਼ਿਲਾਫ਼ ਦੇਸ਼ ਦੇ ਕਿਰਤੀ ਲੋਕਾਂ ਵਿਚ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਗ੍ਰਿਫ਼ਤਾਰ ਕੀਤੇ ਗਏ ਆਗੂਆਂ ਨੂੰ ਰਿਹਾਅ ਕਰਨ ਦੀ ਮੰਗ ਕੀਤੀ। ਪਾਰਟੀ ਆਗੂਆਂ ਨੇ ਕਿਹਾ ਕਿ ਲੋਕਤੰਤਰ ਵਿਚ ਹਰ ਨਾਗਰਿਕ ਅਤੇ ਜਥੇਬੰਦੀ ਨੂੰ ਆਪਣੇ ਵਿਚਾਰ ਸ਼ਾਂਤਮਈ ਢੰਗ ਨਾਲ ਪ੍ਰਗਟ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰ ਨਾਲ ਜੁੜੇ ਮੁੱਦਿਆਂ ’ਤੇ ਆਵਾਜ਼ ਉਠਾਉਣ ਵਾਲੇ ਆਗੂਆਂ ਅਤੇ ਕਾਰਕੁੰਨਾਂ ਖ਼ਿਲਾਫ਼ ਕੀਤੀ ਜਾਣ ਵਾਲੀ ਕਿਸੇ ਵੀ ਕਾਰਵਾਈ ਦਾ ਪਾਰਟੀ ਵੱਲੋਂ ਵਿਰੋਧ ਕੀਤਾ ਜਾਵੇਗਾ। ਇਸ ਮੌਕੇ ਆਗੂਆਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਵੀ ਆਲੋਚਨਾ ਕੀਤੀ ਅਤੇ ਲੋਕਾਂ ਨੂੰ ਆਪਣੇ ਹੱਕਾਂ ਲਈ ਇਕਜੁੱਟ ਹੋਣ ਦਾ ਸੱਦਾ ਦਿੱਤਾ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਚੁੰਗ, ਸਵਿੰਦਰ ਸਿੰਘ ਚੱਕ, ਜਸਵੰਤ ਸਿੰਘ ਭਿੱਖੀਵਿੰਡ, ਗੱਜਣ ਸਿੰਘ ਨਾਰਲਾ, ਨਿਰਵੈਲ ਸਿੰਘ ਚੱਕ, ਸਰਬਜੀਤ ਸਿੰਘ ਚੁੰਗ, ਕਸ਼ਮੀਰ ਸਿੰਘ ਭਿੱਖੀਵਿੰਡ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।