ਬਸੰਤੀ ਦਸਤਾਰਾਂ ਸਜਾ ਕੇ ‘ਜਸ਼ਨ-ਏ-ਇਨਕਲਾਬ’ ’ਚ ਹੁੰਮ-ਹੁਮਾ ਕੇ ਪੁੱਜਣ ਨੌਜਵਾਨ : ਵਿਧਾਇਕ ਲਾਲਪੁਰਾ ਬਸੰਤੀ ਦਸਤਾਰਾਂ ਸਜਾ ਕੇ ‘ਜਸ਼ਨ-ਏ-ਇਨਕਲਾਬ’ ਵਿਚ ਹੁੰਮ-ਹੁਮਾ ਕੇ ਪੁੱਜਣ ਨੌਜਵਾਨ : ਵਿਧਾਇਕ ਲਾਲਪੁਰਾ
Publish Date: Sat, 26 Sep 2026 08:13 PM (IST)
Updated Date: Sat, 26 Sep 2026 08:15 PM (IST)
28 ਸਤੰਬਰ ਨੂੰ ਪੀਏਯੂ ਲੁਧਿਆਣਾ ’ਚ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਵੇਗਾ ਸਮਾਗਮ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਆਮ ਆਦਮੀ ਪਾਰਟੀ ਦੇ ਯੂਥ ਵਿੰਗ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ 28 ਸਤੰਬਰ ਨੂੰ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀਏਯੂ) ਲੁਧਿਆਣਾ ਦੇ ਮੈਦਾਨ ਵਿਚ ‘ਜਸ਼ਨ-ਏ-ਇਨਕਲਾਬ’ ਨਾਂ ਹੇਠ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਨੂੰ ਲੈ ਕੇ ਯੂਥ ਵਿੰਗ ਵੱਲੋਂ ਤਿਆਰੀਆਂ ਜ਼ੋਰਾਂ ’ਤੇ ਕੀਤੀਆਂ ਜਾ ਰਹੀਆਂ ਹਨ ਅਤੇ ਪੰਜਾਬ ਭਰ ਤੋਂ ਨੌਜਵਾਨਾਂ ਦੀ ਵੱਡੀ ਸ਼ਮੂਲੀਅਤ ਲਈ ਸੰਪਰਕ ਮੁਹਿੰਮ ਚਲਾਈ ਜਾ ਰਹੀ ਹੈ। ਆਮ ਆਦਮੀ ਪਾਰਟੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਅਤੇ ਖਡੂਰ ਸਾਹਿਬ ਹਲਕੇ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਮਾਗਮ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਿਲ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਨੌਜਵਾਨ 28 ਸਤੰਬਰ ਨੂੰ ਬਸੰਤੀ ਦਸਤਾਰਾਂ ਸਜਾ ਕੇ ਪੀਏਯੂ ਦੇ ਮੈਦਾਨ ਵਿਚ ਹੁੰਮ-ਹੁਮਾ ਕੇ ਪਹੁੰਚਣ। ਉਨ੍ਹਾਂ ਕਿਹਾ ਕਿ ‘ਜਸ਼ਨ-ਏ-ਇਨਕਲਾਬ’ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਹੋਵੇਗਾ ਅਤੇ ਇਸ ਮੌਕੇ ਨੌਜਵਾਨਾਂ ਵੱਲੋਂ ਸ਼ਹੀਦ ਦੀ ਸੋਚ ਅਤੇ ਦੇਸ਼ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਯਾਦ ਕੀਤਾ ਜਾਵੇਗਾ। ਲਾਲਪੁਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਪੰਜਾਬ ਦੇ ਨੌਜਵਾਨਾਂ ਲਈ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇ ਹਨ। ਉਨ੍ਹਾਂ ਦੀ ਕੁਰਬਾਨੀ, ਦਲੇਰੀ ਅਤੇ ਵਿਚਾਰਾਂ ਨੇ ਦੇਸ਼ ਦੀ ਆਜ਼ਾਦੀ ਦੀ ਲਹਿਰ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਿਰਫ਼ ਰਸਮੀ ਤੌਰ ’ਤੇ ਮਨਾਉਣ ਦੀ ਬਜਾਏ ਨੌਜਵਾਨਾਂ ਨੂੰ ਉਨ੍ਹਾਂ ਦੇ ਵਿਚਾਰਾਂ ਅਤੇ ਜੀਵਨ ਤੋਂ ਪ੍ਰੇਰਣਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਵਿਚ ਅਥਾਹ ਸਮਰੱਥਾ ਹੈ ਅਤੇ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਖੇਡਾਂ, ਸੱਭਿਆਚਾਰਕ ਗਤੀਵਿਧੀਆਂ, ਸਮਾਜ ਸੇਵਾ ਅਤੇ ਹੋਰ ਰਚਨਾਤਮਕ ਕਾਰਜਾਂ ਵਿਚ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਸਮਾਜ ਨੂੰ ਨਵੀਂ ਦਿਸ਼ਾ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ‘ਜਸ਼ਨ-ਏ-ਇਨਕਲਾਬ’ ਵੀ ਨੌਜਵਾਨਾਂ ਦੀ ਇਸੇ ਊਰਜਾ ਨੂੰ ਇਕ ਮੰਚ ’ਤੇ ਇਕੱਠਾ ਕਰਨ ਦਾ ਉਪਰਾਲਾ ਹੈ। ਯੂਥ ਵਿੰਗ ਦੇ ਆਗੂ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਪਣੀ ਛੋਟੀ ਉਮਰ ਵਿਚ ਹੀ ਦੇਸ਼ ਅਤੇ ਸਮਾਜ ਲਈ ਵੱਡਾ ਸੁਪਨਾ ਦੇਖਿਆ ਸੀ। ਉਨ੍ਹਾਂ ਦਾ ਜੀਵਨ ਨੌਜਵਾਨਾਂ ਨੂੰ ਹਿੰਮਤ, ਸਮਰਪਣ ਅਤੇ ਆਪਣੇ ਮਕਸਦ ਪ੍ਰਤੀ ਦ੍ਰਿੜ੍ਹ ਰਹਿਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਭਗਤ ਸਿੰਘ ਦੇ ਜੀਵਨ ਅਤੇ ਵਿਚਾਰਾਂ ਤੋਂ ਜਾਣੂੰ ਕਰਵਾਉਣਾ ਬਹੁਤ ਜ਼ਰੂਰੀ ਹੈ। ਲਾਲਪੁਰਾ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਮਾਗਮ ਵਿਚ ਪੂਰੇ ਉਤਸ਼ਾਹ ਨਾਲ ਸ਼ਾਮਲ ਹੋਣ ਅਤੇ ਬਸੰਤੀ ਦਸਤਾਰਾਂ ਸਜਾ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ। ਉਨ੍ਹਾਂ ਕਿਹਾ ਕਿ 28 ਸਤੰਬਰ ਨੂੰ ਪੀਏਯੂ ਦਾ ਮੈਦਾਨ ਬਸੰਤੀ ਰੰਗ ਵਿਚ ਰੰਗਿਆ ਨਜ਼ਰ ਆਵੇਗਾ ਅਤੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਨੌਜਵਾਨ ਇਸ ਸਮਾਗਮ ਦਾ ਹਿੱਸਾ ਬਣਨਗੇ। ਉਨ੍ਹਾਂ ਕਿਹਾ ਕਿ ‘ਜਸ਼ਨ-ਏ-ਇਨਕਲਾਬ’ ਸਿਰਫ਼ ਇਕ ਸਮਾਗਮ ਨਹੀਂ, ਸਗੋਂ ਨੌਜਵਾਨਾਂ ਨੂੰ ਸ਼ਹੀਦ ਭਗਤ ਸਿੰਘ ਦੀ ਵਿਰਾਸਤ ਅਤੇ ਉਨ੍ਹਾਂ ਦੇ ਵਿਚਾਰਾਂ ਨਾਲ ਜੋੜਨ ਦਾ ਇਕ ਮੌਕਾ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪਹੁੰਚ ਕੇ ਇਸ ਸਮਾਗਮ ਨੂੰ ਯਾਦਗਾਰ ਬਣਾਉਣ।