ਮੁੱਖ ਚੋਣ ਕਮਿਸ਼ਨਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੱਜ ਧਰਨਾ ਦੇਵੇਗੀ ਕਾਂਗਰਸ : ਭੁੱਲਰ ਮੁੱਖ ਚੋਣ ਕਮਿਸ਼ਨਰ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੱਜ ਧਰਨਾ ਦੇਵੇਗੀ ਕਾਂਗਰਸ ਪਾਰਟੀ - ਰਾਜਬੀਰ ਭੁੱਲਰ
Publish Date: Sun, 27 Sep 2026 07:43 PM (IST)
Updated Date: Sun, 27 Sep 2026 07:45 PM (IST)
ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸੂਰਜ ਠਾਕੁਰ ਕਰਨਗੇ ਅਗਵਾਈ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ, ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਸਚਿਨ ਪਾਇਲਟ ਦੇ ਨਿਯਮਾਂ ਤਹਿਤ ‘ਵੋਟ ਚੋਰੀ’ ਦੇ ਮੁੱਦੇ ਨੂੰ ਲੈ ਕੇ ਜ਼ਿਲ੍ਹਾ ਕਾਂਗਰਸ ਕਮੇਟੀ ਤਰਨਤਾਰਨ ਵੱਲੋਂ ਅੱਜ 28 ਸਤੰਬਰ ਨੂੰ ਸਵੇਰੇ 11.30 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ ਵਿਖੇ ਵਿਸ਼ਾਲ ਰੋਸ ਧਰਨਾ ਦਿੱਤਾ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਦਿੱਤੀ। ਭੁੱਲਰ ਨੇ ਦੱਸਿਆ ਕਿ ਕਾਂਗਰਸ ਪਾਰਟੀ ਵੱਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਗੰਭੀਰ ਸਵਾਲ ਉਠਾਉਂਦਿਆਂ ਉਨ੍ਹਾਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਮੰਗ ਨੂੰ ਲੈ ਕੇ ਤਰਨਤਾਰਨ ਜ਼ਿਲ੍ਹੇ ਵਿਚ ਵੀ ਪਾਰਟੀ ਵੱਲੋਂ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਧਰਨੇ ਉਪਰੰਤ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪਿਆ ਜਾਵੇਗਾ, ਜਿਸ ਰਾਹੀਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਰੱਖੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੋਣ ਪ੍ਰਕਿਰਿਆ ਅਤੇ ਵੋਟਰ ਸੂਚੀਆਂ ਨਾਲ ਸਬੰਧਤ ਉਠਾਏ ਜਾ ਰਹੇ ਸਵਾਲਾਂ ਦੀ ਸੁਤੰਤਰ ਜਾਂਚ ਦੀ ਮੰਗ ਵੀ ਕੀਤੀ ਜਾ ਰਹੀ ਹੈ। ਜ਼ਿਲ੍ਹਾ ਪ੍ਰਧਾਨ ਰਾਜਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਰੋਸ ਧਰਨੇ ਨੂੰ ਮਜ਼ਬੂਤ ਕਰਨ ਅਤੇ ਕਾਂਗਰਸੀ ਵਰਕਰਾਂ ਵਿਚ ਜੋਸ਼ ਭਰਨ ਲਈ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਸੂਰਜ ਠਾਕੁਰ ਵਿਸ਼ੇਸ਼ ਤੌਰ ’ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਧਰਨੇ ਵਿਚ ਹਲਕਾ ਇੰਚਾਰਜ, ਜ਼ਿਲ੍ਹੇ ਦੇ ਸਮੂਹ ਕਾਂਗਰਸੀ ਆਗੂ, ਅਹੁਦੇਦਾਰ, ਬਲਾਕ ਪ੍ਰਧਾਨ, ਮਹਿਲਾ ਕਾਂਗਰਸ, ਯੂਥ ਕਾਂਗਰਸ ਅਤੇ ਹੋਰ ਵਿੰਗਾਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੇ। ਉਨ੍ਹਾਂ ਨੇ ਸਮੂਹ ਕਾਂਗਰਸੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਸਾਥੀਆਂ ਸਮੇਤ ਪਹੁੰਚ ਕੇ ਧਰਨੇ ਵਿਚ ਸ਼ਮੂਲੀਅਤ ਕਰਨ ਅਤੇ ਪਾਰਟੀ ਵੱਲੋਂ ਉਠਾਏ ਜਾ ਰਹੇ ਮੁੱਦੇ ਨੂੰ ਮਜ਼ਬੂਤੀ ਨਾਲ ਰੱਖਣ।