- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰੋਲ ਅਬਜ਼ਰਵਰ ਰਾਹੁਲ ਭੰਡਾਰੀ ਨੇ ਕੀਤੀ ਐੱਸਆਈਆਰ ਤਹਿਤ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਸੁਪਰ ਚੈਕਿੰਗ

ਰਾਹੁਲ ਭੰਡਾਰੀ ਨੇ ਅਧਿਕਾਰੀਆਂ ਨੂੰ ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ ਪੂਰੀ ਸਾਵਧਾਨੀ, ਪਾਰਦਰਸ਼ਤਾ ਤੇ ਨਿਰਪੱਖਤਾ ਨਾਲ ਕਰਨ ਦੇ ਦਿੱਤੇ ਆਦੇਸ਼
ਜਸਪਾਲ ਸਿੰਘ ਜੱਸੀ, •ਪੰਜਾਬੀ ਜਾਗਰਣ
ਤਰਨਤਾਰਨ : ਵਿੱਤੀ ਕਮਿਸ਼ਨਰ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਪੰਜਾਬ ਰਾਹੁਲ ਭੰਡਾਰੀ, ਜਿਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ ਐੱਸਆਈਆਰ 2026 ਸਬੰਧੀ ਤਰਨਤਾਰਨ ਅਤੇ ਕਪੂਰਥਲਾ ਜ਼ਿਲ੍ਹਿਆਂ ਦਾ ਰੋਲ ਅਬਜ਼ਰਵਰ ਨਿਯੁਕਤ ਕੀਤਾ ਗਿਆ ਹੈ, ਵੱਲੋਂ ਮੰਗਲਵਾਰ ਨੂੰ ਜ਼ਿਲ੍ਹਾ ਚੋਣ ਅਫ਼ਸਰ ਰਾਹੁਲ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਆਦਿੱਤਿਆ ਸ਼ਰਮਾ ਸਮੇਤ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਅਤੇ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।
ਐੱਸਡੀਐੱਮ ਦਫ਼ਤਰ ਖਡੂਰ ਸਾਹਿਬ ਵਿਖੇ ਹੋਈ ਇਸ ਮੀਟਿੰਗ ਦੌਰਾਨ ਰੋਲ ਅਬਜ਼ਰਵਰ ਰਾਹੁਲ ਭੰਡਾਰੀ ਨੇ ਐੱਸਆਈਆਰ-2026 ਤਹਿਤ ਤਰਨਤਾਰਨ ਜ਼ਿਲ੍ਹੇ ਵਿਚ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਪ੍ਰਾਪਤ ਹੋਏ ਫਾਰਮਾਂ ਦੀ ਸੁਪਰ ਚੈਕਿੰਗ ਕੀਤੀ।
ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਨਾਗਰਿਕਾਂ ਵੱਲੋਂ ਦਾਇਰ ਕੀਤੇ ਗਏ ਦਾਅਵਿਆਂ ਅਤੇ ਇਤਰਾਜ਼ਾਂ ਦਾ ਫ਼ੈਸਲਾ ਕਰਦੇ ਸਮੇਂ ਪੂਰੀ ਸਾਵਧਾਨੀ, ਨਿਰਪੱਖਤਾ ਅਤੇ ਪਾਰਦਰਸ਼ਤਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਹਰ ਦਾਅਵੇ ਅਤੇ ਇਤਰਾਜ਼ ਦੀ ਨਿਰਧਾਰਤ ਨਿਯਮਾਂ ਅਨੁਸਾਰ ਬਾਰੀਕੀ ਨਾਲ ਜਾਂਚ ਕੀਤੀ ਜਾਵੇ, ਤਾਂ ਜੋ ਕਿਸੇ ਵੀ ਯੋਗ ਵਿਅਕਤੀ ਨੂੰ ਕਿਸੇ ਕਿਸਮ ਦੀ ਸ਼ਿਕਾਇਤ ਨਾ ਹੋਵੇ। ਉਨ੍ਹਾਂ ਕਿਹਾ ਕਿ 5 ਅਕਤੂਬਰ ਤਕ ਇਸ ਕੰਮ ਦਾ ਨਿਪਟਾਰਾ ਕਰ ਦਿੱਤਾ ਜਾਵੇ, ਤਾਂ ਜੋ ਫਾਈਨਲ ਵੋਟਰ ਸੂਚੀ ਦੀ ਪ੍ਰਕਾਸ਼ਨਾ ਸਮੇਂ ਸਿਰ ਕੀਤੀ ਜਾ ਸਕੇ।
ਇਸ ਮੌਕੇ ਰੋਲ ਅਬਜ਼ਰਵਰ ਵੱਲੋਂ ਚੋਣਕਾਰ ਰਜਿਸਟ੍ਰੇਸ਼ਨ ਅਫਸਰਾਂ ਵੱਲੋਂ ਨਿਪਟਾਏ ਗਏ ਦਾਅਵਿਆਂ ਅਤੇ ਇਤਰਾਜ਼ਾਂ ਵਿਚੋਂ 142 ਦੀ ਸੁਪਰ ਚੈਕਿੰਗ ਕੀਤੀ ਗਈ। ਉਨ੍ਹਾਂ ਨੇ ਸਬੰਧਿਤ ਵੇਰਵਿਆਂ ਦੀ ਬਾਰੀਕੀ ਨਾਲ ਜਾਂਚ ਕਰਦਿਆਂ ਅਧਿਕਾਰੀਆਂ ਨੂੰ ਨਿਪਟਾਰੇ ਦੀ ਸਮੁੱਚੀ ਪ੍ਰਕਿਰਿਆ ਵਿਚ ਤੱਥਾਂ ਦੀ ਸ਼ੁੱਧਤਾ ਅਤੇ ਨਿਰਧਾਰਤ ਪ੍ਰਕਿਰਿਆ ਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਜ਼ਿਲ੍ਹੇ ਵਿਚ ਐੱਸਆਈਆਰ ਸਬੰਧੀ ਚੱਲ ਰਹੇ ਕੰਮ 'ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਇਸ ਕੰਮ ਵਿਚ ਲੱਗੇ ਅਧਿਕਾਰੀਆਂ ਦੀ ਸ਼ਲਾਘਾ ਕੀਤੀ।
ਡਿਪਟੀ ਕਮਿਸ਼ਨਰ ਰਾਹੁਲ ਨੇ ਉਨ੍ਹਾਂ ਨੂੰ ਦੱਸਿਆ ਕਿ ਜ਼ਿਲ੍ਹੇ ਵਿਚ ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ ਦੀ ਪ੍ਰਕਿਰਿਆ ਨਿਰਧਾਰਤ ਸਮਾਂ-ਸਾਰਣੀ ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਦੇ ਮੁਕੰਮਲ ਹੋਣ ਉਪਰੰਤ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ ਨੂੰ ਕੀਤੀ ਜਾਣੀ ਨਿਰਧਾਰਤ ਹੈ।
ਇਸ ਮੌਕੇ ਐੱਸਡੀਐੱਮ ਤਰਨਤਾਰਨ ਡਾ. ਕਰਨਵੀਰ ਸਿੰਘ, ਐੱਸਡੀਐੱਮ ਪੱਟੀ ਅਮਨਦੀਪ, ਐੱਸਡੀਐੱਮ ਭਿੱਖੀਵਿੰਡ ਜਗਦੀਪ ਸਿੰਘ, ਐੱਸਡੀਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ, ਚੋਣ ਤਹਿਸੀਲਦਾਰ ਇੰਦਰਜੀਤ ਸਿੰਘ ਅਤੇ ਚੋਣ ਕਾਨੂੰਗੋ ਦਿਲਬਾਗ ਸਿੰਘ ਤੋਂ ਇਲਾਵਾ ਸਮੂਹ ਸਹਾਇਕ ਚੋਣਕਾਰ ਰਿਟਰਨਿੰਗ ਅਫ਼ਸਰ ਮੌਜੂਦ ਸਨ।