ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਕੀਤੀ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਨੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਸਬੰਧੀ ਕੀਤੀ ਅਹਿਮ ਮੀਟਿੰਗ
Publish Date: Tue, 29 Sep 2026 08:08 PM (IST)
Updated Date: Tue, 29 Sep 2026 08:09 PM (IST)
ਆੜ੍ਹਤੀਆਂ ਨੂੰ ਦਿੱਤਾ ਭਰੋਸਾ, ਸੀਜ਼ਨ ਦੌਰਾਨ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਮੁਸ਼ਕਲ ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ ਤਰਨਤਾਰਨ : ਜ਼ਿਲ੍ਹਾ ਤਰਨਤਾਰਨ ਵਿਚ ਖਰੀਦ ਸੀਜ਼ਨ 2026-27 ਦੌਰਾਨ ਝੋਨੇ ਦੀ ਕੀਤੀ ਜਾਣ ਵਾਲੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ, ਜ਼ਿਲ੍ਹਾ ਕੰਟਰੋਲਰ ਫੂਡ ਸਪਲਾਈ ਵਿਭਾਗ, ਜ਼ਿਲ੍ਹਾ ਮੰਡੀ ਅਫ਼ਸਰ ਅਤੇ ਵੱਖ-ਵੱਖ ਮੰਡੀਆਂ ਤੋਂ ਆਏ ਆੜ੍ਹਤੀਆਂ ਤੇ ਪ੍ਰਧਾਨਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਭਰੋਸਾ ਦਿਵਾਇਆ ਗਿਆ ਕਿ ਸੀਜ਼ਨ ਦੌਰਾਨ ਉਨ੍ਹਾਂ ਨੂੰ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਮੰਡੀਆਂ ਵਿਚ ਸੁੱਕਾ ਝੋਨਾ ਹੀ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਝੋਨੇ ਦੀ ਕਟਾਈ ਸਵੇਰੇ 10 ਤੋਂ ਸ਼ਾਮ 6 ਵਜੇ ਤਕ ਹੀ ਕੀਤੀ ਜਾਵੇ ਤਾਂ ਜੋ ਕਿਸਾਨਾਂ ਵੱਲੋਂ ਮੰਡੀਆਂ ਵਿਚ ਸੁੱਕਾ ਝੋਨਾ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਸ਼ਾਮ 6 ਤੋਂ ਸਵੇਰੇ 10 ਵਜੇ ਤਕ ਕਟਾਈ ਕਰਨ ਦੀ ਸਖ਼ਤ ਮਨਾਹੀ ਕੀਤੀ ਗਈ ਹੈ। ਉਨ੍ਹਾਂ ਜ਼ਿਲ੍ਹੇ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਜ਼ਿਲ੍ਹਾ ਮੈਨੇਜਰਾਂ ਨੂੰ ਹਦਾਇਤਾਂ ਕੀਤੀ ਕਿ ਸੀਜ਼ਨ ਤੋਂ ਪਹਿਲਾਂ-ਪਹਿਲਾਂ ਮੰਡੀਆਂ ਵਿਚ ਬਾਰਦਾਨੇ ਦਾ ਪ੍ਰਬੰਧ ਕੀਤਾ ਜਾਵੇ। ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਖ਼ਰੀਦ ਸੀਜ਼ਨ ਦੇ ਮੱਦੇ ਨਜ਼ਰ ਮੰਡੀਆਂ ਵਿਚ ਜ਼ਰੂਰੀ ਪ੍ਰਬੰਧ ਜਿਵੇਂ ਸਾਫ਼-ਸਫਾਈ, ਪੀਣ ਵਾਲੇ ਪਾਣੀ ਅਤੇ ਬਿਜਲੀ ਆਦਿ ਸਮੇਂ ਸਿਰ ਮੁਕੰਮਲ ਕਰ ਲਏ ਜਾਣ ਅਤੇ ਇਸਦੇ ਨਾਲ ਹੀ ਮੰਡੀਆਂ ਦੇ ਗੇਟਾਂ ਤੇ ਟੀਮਾਂ ਲਗਾਉਂਦੇ ਹੋਏ ਨਮੀ ਚੈੱਕ ਕੀਤੀ ਜਾਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਕੇਵਲ 17 ਫ਼ੀਸਦੀ ਨਮੀ ਵਾਲਾ ਝੋਨਾਂ ਹੀ ਮੰਡੀਆਂ ਵਿਚ ਆਉਣ ਦਿੱਤਾ ਜਾਵੇ, ਤਾਂ ਜੋ ਕਿਸਾਨਾਂ ਨੂੰ ਫ਼ਸਲ ਵੇਚਣ ਵਿਚ ਕੋਈ ਵੀ ਮੁਸ਼ਕਿਲ ਨਾ ਆਵੇ।