ਨੌਜਵਾਨਾਂ ਨਾਲ ਹੋ ਰਹੇ ਅਨਿਆਂ ਖ਼ਿਲਾਫ਼ ਯੂਥ ਕਾਂਗਰਸ ਕਰੇਗੀ ਆਵਾਜ਼ ਬੁਲੰਦ : ਅਰੋੜਾ ਨੌਜਵਾਨਾਂ ਨਾਲ ਹੋ ਰਹੇ ਅਨਿਆਂ ਖ਼ਿਲਾਫ਼ ਯੂਥ ਕਾਂਗਰਸ ਕਰੇਗੀ ਆਵਾਜ਼ ਬੁਲੰਦ- ਰਿਤਿਕ ਅਰੋੜਾ
Publish Date: Wed, 30 Sep 2026 08:37 PM (IST)
Updated Date: Wed, 30 Sep 2026 08:39 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਯੂਥ ਕਾਂਗਰਸ ਵੱਲੋਂ ਜ਼ਿਲ੍ਹਾ ਲੁਧਿਆਣਾ ਅਰਬਨ ਦੇ ਇੰਚਾਰਜ ਰਿਤਿਕ ਅਰੋੜਾ ਦੀ ਅਗਵਾਈ ਹੇਠ ਪਾਰਟੀ ਵੱਲੋਂ ਉਲੀਕਿਆ ‘ਪ੍ਰੈੱਸ ਕਾਨਫਰੰਸ’ ਪ੍ਰੋਗਰਾਮ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਥਿਤ ਵੋਟ ਚੋਰੀ, ਵਧ ਰਹੀ ਬੇਰੁਜ਼ਗਾਰੀ ਅਤੇ ਨੌਜਵਾਨਾਂ ਨਾਲ ਹੋ ਰਹੇ ਅਨਿਆਂ ਦੇ ਮੁੱਦਿਆਂ ਨੂੰ ਉਠਾਉਂਦਿਆਂ ਸਰਕਾਰ ਅਤੇ ਸਬੰਧਤ ਧਿਰਾਂ ਤੋਂ ਨੌਜਵਾਨਾਂ ਦੇ ਹੱਕਾਂ ਦੀ ਰਾਖੀ ਯਕੀਨੀ ਬਣਾਉਣ ਦੀ ਮੰਗ ਕੀਤੀ। ਰਿਤਿਕ ਅਰੋੜਾ ਨੇ ਕਿਹਾ ਕਿ ਅੱਜ ਪੰਜਾਬ ਦਾ ਨੌਜਵਾਨ ਰੁਜ਼ਗਾਰ, ਸਿੱਖਿਆ ਅਤੇ ਆਪਣੇ ਭਵਿੱਖ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਠੋਸ ਕਦਮ ਚੁੱਕਣ ਦੀ ਲੋੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਨੌਜਵਾਨਾਂ ਦੇ ਹਿੱਤਾਂ ਨਾਲ ਜੁੜੇ ਮੁੱਦਿਆਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਵੋਟਾਂ ਨਾਲ ਸਬੰਧਤ ਕਥਿਤ ਬੇਨਿਯਮੀਆਂ ਦਾ ਮੁੱਦਾ ਵੀ ਚੁੱਕਦਿਆਂ ਕਿਹਾ ਕਿ ਲੋਕਤੰਤਰ ਵਿਚ ਹਰ ਯੋਗ ਵੋਟਰ ਦੇ ਵੋਟ ਦੇ ਅਧਿਕਾਰ ਦੀ ਰਾਖੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਦੀ ਪਾਰਦਰਸ਼ਤਾ ਅਤੇ ਨਿਰਪੱਖਤਾ ਨੂੰ ਲੈ ਕੇ ਜੇਕਰ ਕਿਸੇ ਤਰ੍ਹਾਂ ਦੇ ਸਵਾਲ ਖੜ੍ਹੇ ਹੁੰਦੇ ਹਨ ਤਾਂ ਉਨ੍ਹਾਂ ਦਾ ਨਿਪਟਾਰਾ ਪਾਰਦਰਸ਼ੀ ਢੰਗ ਨਾਲ ਕੀਤਾ ਜਾਣਾ ਚਾਹੀਦਾ ਹੈ। ਰਿਤਿਕ ਅਰੋੜਾ ਨੇ ਕਿਹਾ ਕਿ ਬੇਰੁਜ਼ਗਾਰੀ ਦਾ ਮੁੱਦਾ ਪੰਜਾਬ ਦੇ ਨੌਜਵਾਨਾਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਦੇ ਯੋਗ ਮੌਕੇ, ਹੁਨਰ ਵਿਕਾਸ ਅਤੇ ਨੌਜਵਾਨਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਕਰਨ ਲਈ ਪ੍ਰਭਾਵਸ਼ਾਲੀ ਨੀਤੀਆਂ ਦੀ ਲੋੜ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਨਾਲ-ਨਾਲ ਨੌਕਰੀਆਂ ਵਿਚ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ। ਰਿਤਿਕ ਨੇ ਕਿਹਾ ਕਿ ਪੰਜਾਬ ਯੂਥ ਕਾਂਗਰਸ ਨੌਜਵਾਨਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੇਗੀ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹੱਕਾਂ, ਰੁਜ਼ਗਾਰ ਅਤੇ ਭਵਿੱਖ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਲੋਕਾਂ ਅਤੇ ਸਰਕਾਰ ਤੱਕ ਪਹੁੰਚਾਉਣ ਲਈ ਆਵਾਜ਼ ਬੁਲੰਦ ਕੀਤੀ ਜਾਂਦੀ ਰਹੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਰਾਜ ਠੁਕਰਾਲ, ਸਾਬਕਾ ਜ਼ਿਲ੍ਹਾ ਪ੍ਰਧਾਨ ਹੈਪੀ ਲਾਲੀ, ਵਾਈਸ ਪ੍ਰਧਾਨ ਰੌਹਾਨ ਲਾਲਕਾ ਆਦਿ ਵੀ ਮੌਜੂਦ ਸਨ।