ਤਰਨਤਾਰਨ ਜ਼ਿਲ੍ਹੇ ’ਚ ਐੱਸਆਈਆਰ ਦਾ ਕੰਮ 100 ਫ਼ੀਸਦੀ ਮੁਕੰਮਲ : ਜ਼ਿਲ੍ਹਾ ਚੋਣ ਅਫ਼ਸਰ ਤਰਨਤਾਰਨ ਜ਼ਿਲ੍ਹੇ ’ਚ ’ਚ ਐੱਸਆਈਆਰ ਦਾ ਕੰਮ ਸੌ ਫੀਸਦੀ ਮੁਕੰਮਲ - ਜ਼ਿਲ੍ਹਾ ਚੋਣ ਅਫ਼ਸਰ
Publish Date: Thu, 01 Oct 2026 07:18 PM (IST)
Updated Date: Thu, 01 Oct 2026 07:21 PM (IST)
ਸਟਾਫ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਜ਼ਿਲ੍ਹਾ ਤਰਨਤਾਰਨ ’ਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐੱਸਆਈਆਰ) ਦਾ ਕੰਮ 100 ਫ਼ੀਸਦੀ ਮੁਕੰਮਲ ਹੋ ਗਿਆ ਹੈ। ਇਸ ਸਬੰਧੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਤਰਨਤਾਰਨ ਨੇ ਐੱਸਆਈਆਰ-2026 ਦੀ ਪ੍ਰਕਿਰਿਆ ਪੂਰੀ ਕਰ ਲਈ ਹੈ। ਉਨ੍ਹਾਂ ਦੱਸਿਆ ਕਿ 13 ਸਤੰਬਰ 2026 ਨੂੰ ਪ੍ਰਕਾਸ਼ਿਤ ਖਰੜਾ ਵੋਟਰ ਸੂਚੀ ਵਿਚ 7 ਲੱਖ 3 ਹਜ਼ਾਰ 161 ਵੋਟਰ ਸਨ। ਇਨ੍ਹਾਂ ਵਿੱਚੋਂ 90 ਹਜ਼ਾਰ 189 ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ, ਕਿਉਂਕਿ ਇਨ੍ਹਾਂ ਵੋਟਰਾਂ ਦਾ ਵੇਰਵਾ ਪਿਛਲੇ ਐੱਸਆਈਆਰ ਡਾਟਾ ਨਾਲ ਮੇਲ ਨਹੀਂ ਖਾਂਦਾ ਸੀ ਜਾਂ ਉਨ੍ਹਾਂ ਦੇ ਵੇਰਵਿਆਂ ਵਿਚ ਤਰਕਪੂਰਨ ਖ਼ਾਮੀਆਂ ਸਨ। ਉਨ੍ਹਾਂ ਦੱਸਿਆ ਕਿ ਸੁਣਵਾਈ ਦੀ ਪ੍ਰਕਿਰਿਆ 100 ਫ਼ੀਸਦੀ ਮੁਕੰਮਲ ਕਰਨ ਤੋਂ ਬਾਅਦ 87 ਹਜ਼ਾਰ 900 ਵੋਟਰਾਂ ਨੂੰ ਯੋਗ ਕਰਾਰ ਦਿੱਤਾ ਗਿਆ ਅਤੇ 12 ਅਕਤੂਬਰ ਨੂੰ ਪ੍ਰਕਾਸ਼ਿਤ ਹੋਣ ਵਾਲੀ ਅੰਤਿਮ ਵੋਟਰ ਸੂਚੀ ਵਿਚ ਸ਼ਾਮਲ ਕੀਤਾ ਗਿਆ। ਡੀਸੀ ਰਾਹੁਲ ਨੇ ਦੱਸਿਆ ਕਿ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੌਰਾਨ ਨਾਮ ਸ਼ਾਮਿਲ ਕਰਨ ਲਈ ਲਗਭਗ 50 ਹਜ਼ਾਰ 211 ਨਵੇਂ ਦਾਅਵੇ ਪ੍ਰਾਪਤ ਹੋਏ ਸਨ। ਇਨ੍ਹਾਂ ਵਿੱਚੋਂ ਸਿਰਫ਼ 5 ਹਜ਼ਾਰ 297 ਦਾਅਵੇ ਹੀ ਬਕਾਇਆ ਹਨ ਤੇ ਇਹ ਕੰਮ 5 ਅਕਤੂਬਰ ਤਕ ਮੁਕੰਮਲ ਕਰ ਲਿਆ ਜਾਵੇਗਾ ਤਾਂ ਜੋ ਅੰਤਿਮ ਵੋਟਰ ਸੂਚੀ ਸਮੇਂ ਸਿਰ ਛਾਪੀ ਜਾ ਸਕੇ। ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਕਿ ਹਰੇਕ ਯੋਗ ਵੋਟਰ ਦਾ ਨਾਂ ਵੋਟਰ ਸੂਚੀ ਵਿਚ ਸ਼ਾਮਲ ਹੋਵੇ, ਵੋਟਰਾਂ ਦੀ ਸਹੂਲਤ ਲਈ ਬੂਥ ਪੱਧਰੀ ਅਫ਼ਸਰ ਦਾਅਵਿਆਂ ਅਤੇ ਇਤਰਾਜ਼ਾਂ ਦੇ ਮਾਮਲਿਆਂ ਵਿਚ ਵੋਟਰਾਂ ਨਾਲ ਸੰਪਰਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਸਿੱਧੇ ਉਨ੍ਹਾਂ ਤੋਂ ਇਕੱਤਰ ਕਰਨਗੇ। ਇਸ ਪ੍ਰਬੰਧ ਨਾਲ ਵੋਟਰਾਂ ਨੂੰ ਦਸਤਾਵੇਜ਼ ਜਮ੍ਹਾਂ ਕਰਵਾਉਣ ਲਈ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਚ ਜਾਣ ਦੀ ਲੋੜ ਨਹੀਂ ਪਵੇਗੀ। ਵੋਟਰਾਂ ਦੀ ਸਹੂਲਤ ਅਤੇ ਵੋਟਰ ਸੂਚੀ ਨਾਲ ਸਬੰਧਿਤ ਉਨ੍ਹਾਂ ਦੇ ਸਵਾਲਾਂ ਅਤੇ ਸ਼ੰਕਿਆਂ ਦੇ ਨਿਪਟਾਰੇ ਲਈ ਜ਼ਿਲ੍ਹੇ ਭਰ ਵਿਚ ਜ਼ਿਲ੍ਹਾ ਚੋਣ ਅਫ਼ਸਰ ਅਤੇ ਚੋਣ ਰਜਿਸਟ੍ਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਚ ‘ਹੈਲਪ ਡੈਸਕ’ ਵੀ ਸਥਾਪਿਤ ਕੀਤੇ ਗਏ ਹਨ। ਰਾਹੁਲ ਨੇ ਕਿਹਾ ਕਿ ਜ਼ਿਲ੍ਹਾ ਚੋਣ ਅਫ਼ਸਰ ਤਰਨਤਾਰਨ ਦਾ ਦਫ਼ਤਰ, ਸਮੁੱਚੇ ਚੋਣ ਅਮਲੇ ਦੇ ਸਹਿਯੋਗ ਨਾਲ, ਇਸ ਪ੍ਰਕਿਰਿਆ ਨੂੰ ਸੁਚਾਰੂ, ਪਾਰਦਰਸ਼ੀ ਅਤੇ ਸਮੇਂ ਸਿਰ ਮੁਕੰਮਲ ਕਰਨ ਲਈ ਪੂਰੀ ਵਾਹ ਲਾ ਰਿਹਾ ਹੈ। ਉਨ੍ਹਾਂ ਨੇ ਸਾਰੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀਐੱਲਓਜ਼ ਅਤੇ ਹੋਰ ਚੋਣ ਅਧਿਕਾਰੀਆਂ ਨੂੰ ਪੂਰਾ ਸਹਿਯੋਗ ਦੇਣ ਅਤੇ ਚੋਣ ਪ੍ਰਕਿਰਿਆ ਨੂੰ ਸਮੇਂ ਸਿਰ ਨੇਪਰੇ ਚਾੜ੍ਹਨ ਵਿਚ ਸਹਾਇਤਾ ਲਈ ਲੋੜ ਪੈਣ ’ਤੇ ਲੋੜੀਂਦੇ ਦਸਤਾਵੇਜ਼ ਤੇ ਜਾਣਕਾਰੀ ਮੁਹੱਈਆ ਕਰਵਾਉਣ।