ਤਿਉਹਾਰਾਂ ਦੇ ਮੱਦੇਨਜ਼ਰ ਹਰੀਕੇ ਪੁਲਿਸ ਹੋਈ ਚੌਕਸ, ਨਾਕੇਬੰਦੀ ਕਰਕੇ ਕੀਤੀ ਚੈਕਿੰਗ ਤਿਉਹਾਰਾਂ ਦੇ ਮੱਦੇਨਜ਼ਰ ਹਰੀਕੇ ਪੁਲਿਸ ਹੋਈ ਚੌਕਸ, ਨਾਕੇਬੰਦੀ ਕਰਕੇ ਕੀਤੀ ਚੈਕਿੰਗ
Publish Date: Fri, 02 Oct 2026 07:58 PM (IST)
Updated Date: Fri, 02 Oct 2026 07:58 PM (IST)
ਥਾਣਾ ਮੁਖੀ ਨੇ ਕਿਹਾ, ਇਲਾਕੇ ’ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਲੈ ਕੇ ਵਰਤੀ ਜਾ ਰਹੀ ਹੈ ਚੌਕਸੀ ਕਿਰਪਾਲ ਸਿੰਘ ਰੰਧਾਵਾ•, ਪੰਜਾਬੀ ਜਾਗਰਣ ਹਰੀਕੇ ਪੱਤਣ : ਤਿਉਹਾਰਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਇਲਾਕੇ ਵਿਚ ਸੁਰੱਖਿਆ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ। ਇਸੇ ਤਹਿਤ ਥਾਣਾ ਮੁਖੀ ਪ੍ਰਭਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ’ਤੇ ਵਿਸ਼ੇਸ਼ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਤਿਉਹਾਰਾਂ ਦੇ ਸੀਜ਼ਨ ਦੌਰਾਨ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ। ਹਰੀਕੇ ਬਾਈਪਾਸ ’ਤੇ ਲਗਾਏ ਗਏ ਅੰਤਰ-ਜ਼ਿਲ੍ਹਾ ਨਾਕੇ ’ਤੇ ਵੀ ਪੁਲਿਸ ਵੱਲੋਂ ਆਉਣ-ਜਾਣ ਵਾਲੇ ਵਾਹਨਾਂ ਦੀ ਲਗਾਤਾਰ ਚੈਕਿੰਗ ਕੀਤੀ ਗਈ। ਇਸ ਦੌਰਾਨ ਪੁਲਿਸ ਮੁਲਾਜ਼ਮਾਂ ਨੇ ਵਾਹਨਾਂ ਦੇ ਕਾਗਜ਼ਾਤ ਅਤੇ ਹੋਰ ਜ਼ਰੂਰੀ ਵੇਰਵਿਆਂ ਦੀ ਜਾਂਚ ਕੀਤੀ। ਸ਼ੱਕੀ ਵਾਹਨ ਚਾਲਕਾਂ ਦੇ ਨਾਂ ਅਤੇ ਪਤੇ ਵੀ ਦਰਜ ਕੀਤੇ ਗਏ। ਪੁਲਿਸ ਵੱਲੋਂ ਇਸ ਦੌਰਾਨ ਵਾਹਨ ਚਾਲਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਵੀ ਕੀਤੀ ਗਈ। ਪੁਲਿਸ ਟੀਮ ਵੱਲੋਂ ਬਾਜ਼ਾਰਾਂ, ਮੁੱਖ ਸੜਕਾਂ ਅਤੇ ਹੋਰ ਮਹੱਤਵਪੂਰਨ ਥਾਵਾਂ ’ਤੇ ਵੀ ਨਿਗਰਾਨੀ ਵਧਾਈ ਗਈ ਹੈ। ਤਿਉਹਾਰਾਂ ਦੌਰਾਨ ਬਾਜ਼ਾਰਾਂ ਵਿਚ ਲੋਕਾਂ ਦੀ ਵਧਦੀ ਆਵਾਜਾਈ ਦੇ ਮੱਦੇਨਜ਼ਰ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਰੱਖਣ ਲਈ ਵੀ ਪੁਲਿਸ ਵੱਲੋਂ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਲੋਕਾਂ ਨੂੰ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ ਲਈ ਕਿਹਾ ਗਿਆ। ਇਸ ਮੌਕੇ ਥਾਣਾ ਹਰੀਕੇ ਦੇ ਮੁਖੀ ਇੰਸਪੈਕਟਰ ਪ੍ਰਭਜੀਤ ਸਿੰਘ ਗਿੱਲ ਨੇ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਵੱਲੋਂ ਚੌਕਸੀ ਵਧਾਈ ਗਈ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਸੁਰਿੰਦਰ ਲਾਬਾਂ ਦੀਆਂ ਹਦਾਇਤਾਂ ਅਤੇ ਡੀਐੱਸਪੀ ਰਵੀਸ਼ੇਰ ਸਿੰਘ ਦੀ ਅਗਵਾਈ ਹੇਠ ਨਾਕਾਬੰਦੀ ਅਤੇ ਚੈਕਿੰਗ ਦਾ ਇਹ ਅਭਿਆਨ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗਾ। ਥਾਣਾ ਮੁਖੀ ਨੇ ਕਿਹਾ ਕਿ ਪੁਲਿਸ ਵੱਲੋਂ ਭੀੜ ਵਾਲੇ ਇਲਾਕਿਆਂ, ਬਾਜ਼ਾਰਾਂ ਅਤੇ ਮੁੱਖ ਸੜਕਾਂ ’ਤੇ ਵਿਸ਼ੇਸ਼ ਨਿਗਰਾਨੀ ਰੱਖੀ ਜਾਵੇਗੀ। ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਲਈ ਸਾਦੇ ਕੱਪੜਿਆਂ ਵਿਚ ਵੀ ਪੁਲਿਸ ਕਰਮਚਾਰੀ ਮੁੱਖ ਬਾਜ਼ਾਰ ਵਿਚ ਤਾਇਨਾਤ ਰਹਿਣਗੇ। ਉਨ੍ਹਾਂ ਕਿਹਾ ਕਿ ਪੁਲਿਸ ਦਾ ਮੁੱਖ ਮਕਸਦ ਤਿਉਹਾਰਾਂ ਦੌਰਾਨ ਲੋਕਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਲਾਕੇ ਵਿਚ ਗਸ਼ਤ ਵੀ ਵਧਾਈ ਗਈ ਹੈ ਅਤੇ ਸ਼ੱਕੀ ਗਤੀਵਿਧੀਆਂ ’ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਤਿਉਹਾਰਾਂ ਨੂੰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਮਨਾਉਣ, ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਪੁਲਿਸ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣ। ਪੁਲਿਸ ਅਧਿਕਾਰੀਆਂ ਅਨੁਸਾਰ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਚੌਕਸੀ ਵਰਤੀ ਜਾ ਰਹੀ ਹੈ ਅਤੇ ਤਿਉਹਾਰਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ।