ਕੇਂਦਰ ਸਰਕਾਰ ਵੱਲੋਂ ਐੱਮਐੱਸਪੀ ’ਚ ਕੀਤੇ ਨਿਗੁਣੇ ਵਾਧੇ ਖ਼ਿਲਾਫ਼ ਕਿਸਾਨਾਂ ’ਚ ਰੋਸ ਕੇਂਦਰ ਸਰਕਾਰ ਨੇ ਕਣਕ ਸਮੇਤ ਕਈ ਫਸਲਾਂ ਦੇ ਭਾਅ ਵਿਚ ਕੀਤਾ ਵਾਧਾ : ਆਜ਼ਾਦ ਕਿਸਾਨ ਸੰਘਰਸ਼ ਕਮੇਟੀ
Publish Date: Sun, 04 Oct 2026 04:24 PM (IST)
Updated Date: Sun, 04 Oct 2026 04:26 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਏਕਤਾ ਪੰਜਾਬ ਦੇ ਸੂਬਾ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਅਗਲੇ ਸੀਜ਼ਨ ਲਈ ਛੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਐੱਮਐੱਸਪੀ ਵਿਚ ਕੀਤੇ ਵਾਧੇ ਨੂੰ ਬੇਹੱਦ ਨਿਗੂਣਾ ਕਰਾਰ ਦਿੰਦਿਆਂ ਇਸ ਨੂੰ ਦੇਸ਼ ਭਰ ਦੇ ਕਿਸਾਨਾਂ ਨਾਲ ਕੋਝਾ ਮਜ਼ਾਕ ਦੱਸਿਆ ਹੈ। ਕਮੇਟੀ ਦੇ ਸੂਬਾ ਪ੍ਰਧਾਨ ਨਿਰਵੈਲ ਸਿੰਘ ਡਾਲੇਕੇ, ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ ਪੰਡੋਰੀ ਤਖ਼ਤਮੱਲ, ਡਾ. ਅਮੋਲਕ ਸਿੰਘ ਗੋਰਖਾ ਅਤੇ ਪ੍ਰੈੱਸ ਸਕੱਤਰ ਜਤਿੰਦਰਪਾਲ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੀ ਪ੍ਰਮੁੱਖ ਫ਼ਸਲ ਕਣਕ ਦੇ ਭਾਅ ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨਾ ਕੇਂਦਰ ਸਰਕਾਰ ਦੀ ਕਿਸਾਨਾਂ ਪ੍ਰਤੀ ਬੇਰੁਖ਼ੀ ਨੂੰ ਦਰਸਾਉਂਦਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਪਿਛਲੇ ਇਕ ਸਾਲ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਹੋਏ ਵਾਧੇ ਦੇ ਮੁਕਾਬਲੇ ਇਹ ਵਾਧਾ ਬਹੁਤ ਹੀ ਨਿਗੂਣਾ ਹੈ। ਇਸ ਤੋਂ ਇਲਾਵਾ ਖਾਦਾਂ, ਬੀਜਾਂ, ਕੀਟਨਾਸ਼ਕਾਂ ਅਤੇ ਨਦੀਨਨਾਸ਼ਕ ਦਵਾਈਆਂ ਦੀਆਂ ਕੀਮਤਾਂ ਵਿਚ ਵੀ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਕਿਸਾਨਾਂ ਦੀ ਲਾਗਤ-ਏ-ਕਾਸ਼ਤ ਵਿਚ ਭਾਰੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਕਮੇਟੀ ਕੇਂਦਰ ਸਰਕਾਰ ਵੱਲੋਂ ਐਲਾਨੇ ਇਸ ਭਾਅ ਨੂੰ ਮੁੱਢੋਂ ਰੱਦ ਕਰਦੀ ਹੈ ਅਤੇ ਕਣਕ ਦਾ ਜਾਇਜ਼ ਮੁੱਲ ਹਾਸਲ ਕਰਨ ਲਈ ਸੰਘਰਸ਼ ਕੀਤਾ ਜਾਵੇਗਾ। ਉਨ੍ਹਾਂ ਖੇਤੀਬਾੜੀ ਮੰਤਰੀ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਪ੍ਰਧਾਨ ਮੰਤਰੀ ਦੇ ਗੁਣ ਗਾਉਣ ਦੀ ਬਜਾਏ ਖੇਤੀਬਾੜੀ ਅਤੇ ਕਿਸਾਨੀ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣ ਅਤੇ ਧਰਾਤਲ ’ਤੇ ਜਾ ਕੇ ਦੇਖਣ ਕਿ ਕਿਸਾਨ ਅਤੇ ਖੇਤ ਮਜ਼ਦੂਰ ਕਿਹੜੇ ਹਾਲਾਤਾਂ ਵਿਚ ਜੀਵਨ ਬਤੀਤ ਕਰ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਦੇਸ਼ ਵਿਚ ਮਹਿੰਗਾਈ ਲਗਾਤਾਰ ਵੱਧ ਰਹੀ ਹੈ, ਜਦਕਿ ਫ਼ਸਲਾਂ ਦੇ ਭਾਅ ਵਿਚ ਉਸ ਅਨੁਪਾਤ ਅਨੁਸਾਰ ਵਾਧਾ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲਾਂ ਦਾ ਵਾਜਬ ਅਤੇ ਲਾਹੇਵੰਦ ਭਾਅ ਨਾ ਦੇਣਾ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਧੱਕਾ ਹੈ, ਜਿਸ ਨੂੰ ਕਿਸੇ ਵੀ ਕੀਮਤ ’ਤੇ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਾਜਬ ਐੱਮਐੱਸਪੀ ਹਾਸਿਲ ਕਰਨਾ ਕਿਸਾਨਾਂ ਦਾ ਅਧਿਕਾਰ ਹੈ ਅਤੇ ਉਹ ਇਹ ਅਧਿਕਾਰ ਲੈ ਕੇ ਰਹਿਣਗੇ। ਆਉਣ ਵਾਲੇ ਦਿਨਾਂ ਵਿਚ ਸਾਰੀਆਂ ਫ਼ਸਲਾਂ ਦੇ ਭਾਅ ਡਾ. ਐੱਮਐੱਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਤੈਅ ਕਰਵਾਉਣ ਲਈ ਸੰਘਰਸ਼ ਵਿੱਢਿਆ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਮੌਜੂਦਾ ਐਲਾਨ ਸਿਰਫ਼ ਇਕ ਚੇਤਾਵਨੀ ਹੈ। ਜਲਦ ਹੀ ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਸੱਦ ਕੇ ਫ਼ਸਲਾਂ ਦੇ ਵਾਜਬ ਅਤੇ ਲਾਹੇਵੰਦ ਭਾਅ ਹਾਸਿਲ ਕਰਨ ਲਈ ਅਗਲੇ ਸੰਘਰਸ਼ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ।