ਕਿਸਾਨਾਂ ਤੇ ਮਜ਼ਦੂਰਾਂ ’ਤੇ ਪੁਲਿਸ ਵੱਲੋਂ ਢਾਹੇ ਜਾ ਰਹੇ ਤਸ਼ੱਦਦ ਨਿੰਦਣਯੋਗ : ਸਭਰਾ ਆਪਣੇ ਹੀ ਦੇਸ਼ ’ਚ ਬੇਗਾਨਗੀ ਦਾ ਅਹਿਸਾਸ ਕਰਾਉਂਦੇ ਚੰਡੀਗੜ੍ਹ ਪੁਲਿਸ ਦਾ ਰਵੱਈਆ : ਸਭਰਾ
Publish Date: Sun, 04 Oct 2026 04:44 PM (IST)
Updated Date: Sun, 04 Oct 2026 04:47 PM (IST)
ਕਿਰਪਾਲ ਸਿੰਘ ਰੰਧਾਵਾ•, ਪੰਜਾਬੀ ਜਾਗਰਣ, ਹਰੀਕੇ ਪੱਤਣ : ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਨੇ ਚੰਡੀਗੜ੍ਹ ਵਿਖੇ ਕਿਸਾਨਾਂ-ਮਜ਼ਦੂਰਾਂ ਨਾਲ ਪੁਲਿਸ ਵੱਲੋਂ ਕੀਤੇ ਜਾ ਰਹੇ ਵਿਹਾਰ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਕਿ ਆਪਣੇ ਹੀ ਦੇਸ਼ ਵਿਚ ਹੱਕਾਂ ਲਈ ਆਵਾਜ਼ ਬੁਲੰਦ ਕਰਨ ਵਾਲਿਆਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣਾ ਲੋਕਤੰਤਰ ਲਈ ਚਿੰਤਾ ਦਾ ਵਿਸ਼ਾ ਹੈ। ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਸ਼ਨੀਵਾਰ ਨੂੰ ਪੰਜਾਬ ਹਰਿਆਣਾ ਦੇ ਕਿਸਾਨ ਲਖੀਮਪੁਰ ਖੀਰੀ ਦੇ ਸ਼ਹੀਦ ਕਿਸਾਨਾਂ ਤੇ ਪੱਤਰਕਾਰ ਨੂੰ ਸ਼ਰਧਾਂਜਲੀ ਦੇਣ ਲਈ ਕੈਂਡਲ ਮਾਰਚ ਕੱਢਣ ਗਏ, ਜਿਨ੍ਹਾਂ ਨੂੰ ਪੁਲਿਸ ਨੇ ਭਾਰੀ ਬੈਰੀਕੇਡਿੰਗ ਕਰਕੇ ਰੋਕਿਆ। ਪਰ ਜੱਦੋ ਜਹਿਦ ਨਾਲ ਕਿਸਾਨ ਆਪਣੇ ਮਨਸੂਬੇ ’ਚ ਸਫ਼ਲ ਹੋਏ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਗੰਭੀਰਤਾ ਨਾਲ ਧਿਆਨ ਨਹੀਂ ਦਿੱਤਾ ਜਾ ਰਿਹਾ। ਕੇਂਦਰ ਸਰਕਾਰ ਵੱਲੋਂ ਕਣਕ ਦੇ ਖਰੀਦ ਮੁੱਲ ਵਿਚ ਕੀਤਾ ਗਿਆ ਨਿਗੂਣਾ ਵਾਧਾ ਕਿਸਾਨਾਂ ਨਾਲ ਮਜ਼ਾਕ ਹੈ। ਮਹਿੰਗਾਈ, ਡੀਜ਼ਲ, ਖਾਦਾਂ, ਕੀਟਨਾਸ਼ਕਾਂ ਅਤੇ ਖੇਤੀਬਾੜੀ ਲਾਗਤਾਂ ਲਗਾਤਾਰ ਵਧ ਰਹੀਆਂ ਹਨ, ਜਦਕਿ ਫ਼ਸਲਾਂ ਦੇ ਭਾਅ ਵਿਚ ਉਸ ਅਨੁਪਾਤ ਨਾਲ ਵਾਧਾ ਨਹੀਂ ਕੀਤਾ ਜਾ ਰਿਹਾ। ਸਭਰਾ ਨੇ ਕਿਹਾ ਕਿ ਕਿਸਾਨ ਅੰਦੋਲਨਾਂ ਦੌਰਾਨ ਸਰਕਾਰ ਵੱਲੋਂ ਮੰਨੀਆਂ ਗਈਆਂ ਮੰਗਾਂ ਨੂੰ ਅਮਲੀ ਰੂਪ ਦੇਣ ਦੀ ਬਜਾਏ ਉਨ੍ਹਾਂ ਨੂੰ ਲਟਕਾਇਆ ਜਾ ਰਿਹਾ ਹੈ। ਸ਼ੰਭੂ ਅਤੇ ਖਨੌਰੀ ਮੋਰਚਿਆਂ ਦੌਰਾਨ ਕਿਸਾਨਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਵੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਜਾਇਜ਼ ਮੰਗਾਂ ਨੂੰ ਅਣਦੇਖਿਆ ਕਰਕੇ ਸਰਕਾਰ ਸੰਘਰਸ਼ ਨੂੰ ਹੋਰ ਲੰਮਾ ਕਰਨ ਲਈ ਮਜ਼ਬੂਰ ਕਰ ਰਹੀ ਹੈ। ਉਨ੍ਹਾਂ ਮਨਰੇਗਾ ਤਹਿਤ ਸਾਲ ਵਿਚ 200 ਦਿਨ ਕੰਮ ਅਤੇ 700 ਰੁਪਏ ਦਿਹਾੜੀ ਦੇਣ ਦੀ ਮੰਗ ਕਰਦਿਆਂ ਕਿਹਾ ਕਿ ਪੇਂਡੂ ਮਜ਼ਦੂਰਾਂ ਲਈ ਰੁਜ਼ਗਾਰ ਦੀ ਗਾਰੰਟੀ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਸਭਰਾ ਨੇ ਕਿਹਾ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਗੱਲਬਾਤ ਰਾਹੀਂ ਹੱਲ ਕਰਨਾ ਚਾਹੀਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਮੰਗਾਂ ਲਾਗੂ ਨਾ ਹੋਣ ’ਤੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।