ਤਰਨਤਾਰਨ ਪੁਲਿਸ ਨੇ 20 ਹਾਟ-ਸਪਾਟ ਖੇਤਰਾਂ ’ਚ ਚਲਾਇਆ ਤਲਾਸ਼ੀ ਅਭਿਆਨ ਤਰਨਤਾਰਨ ਪੁਲਿਸ ਨੇ 20 ਹਾਟ-ਸਪਾਟ ਖੇਤਰਾਂ ’ਚ ਚਲਾਇਆ ਤਲਾਸ਼ੀ ਅਭਿਆਨ
Publish Date: Sun, 04 Oct 2026 07:52 PM (IST)
Updated Date: Sun, 04 Oct 2026 07:56 PM (IST)
ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ, ਤਰਨਤਾਰਨ ਨਸ਼ਿਆਂ ਦੀ ਤਸਕਰੀ ਅਤੇ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸੰਵੇਦਨਸ਼ੀਲ ਇਲਾਕਿਆਂ ਵਿਚ ਵੱਡੇ ਪੱਧਰ ’ਤੇ ਤਲਾਸ਼ੀ ਅਭਿਆਨ ਚਲਾਇਆ ਗਿਆ। ਸੰਵੇਦਨਸ਼ੀਲ ਪਛਾਣੇ ਗਏ 20 ਹਾਟ-ਸਪਾਟ ਖੇਤਰਾਂ ਨੂੰ ਨਿਸ਼ਾਨਾ ਬਣਾਉਂਦਿਆਂ ਸਥਾਨਕ ਪੁਲਿਸ ਵਲੋਂ ਕੋਰਡਨ ਓਪਰੇਸ਼ਨ ਚਲਾਇਆ ਗਿਆ। ਇਸ ਪੂਰੇ ਅਭਿਆਨ ਦੌਰਾਨ 450 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਸਪੀ ਤਰਨਤਾਰਨ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿਚ ਨਸ਼ਾ ਤਸਕਰੀ ਦੇ ਪੱਖ ਤੋਂ ਸੰਵੇਦਨਸ਼ੀਲ 20 ਥਾਵਾਂ ਦੀ ਪਛਾਣ ਕਰਕੇ ਉੱਥੇ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ ਗਿਆ। ਇਸ ਕਾਰਵਾਈ ਲਈ ਡੀਐੱਸਪੀਜ਼ ਦੀ ਅਗਵਾਈ ਹੇਠ ਅੱਠ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਵਲੋਂ ਆਪੋ-ਆਪਣੇ ਨਿਰਧਾਰਤ ਖੇਤਰਾਂ ਵਿਚ ਇੱਕੋ ਸਮੇਂ ਕਾਰਵਾਈ ਕੀਤੀ ਗਈ। ਐੱਸਐੱਸਪੀ ਨੇ ਦੱਸਿਆ ਕਿ ਪੁਲਿਸ ਵੱਲੋਂ ਵੱਖ-ਵੱਖ ਸਰੋਤਾਂ ਤੋਂ ਇਕੱਤਰ ਕੀਤੀ ਗਈ ਸੂਚਨਾ ਅਤੇ ਉਪਲਬਧ ਡਾਟਾ ਦੇ ਆਧਾਰ ’ਤੇ ਇਨ੍ਹਾਂ ਹਾਟ-ਸਪਾਟ ਖੇਤਰਾਂ ਦੀ ਚੋਣ ਕੀਤੀ ਗਈ। ਇਨ੍ਹਾਂ ਇਲਾਕਿਆਂ ਵਿਚ ਨਸ਼ਾ ਤਸਕਰੀ ਨਾਲ ਜੁੜੀਆਂ ਗਤੀਵਿਧੀਆਂ ਅਤੇ ਪਿਛਲੇ ਰਿਕਾਰਡ ਨੂੰ ਧਿਆਨ ਵਿਚ ਰੱਖਦਿਆਂ ਪੁਲਿਸ ਨੇ ਯੋਜਨਾਬੱਧ ਢੰਗ ਨਾਲ ਤਲਾਸ਼ੀ ਅਭਿਆਨ ਚਲਾਇਆ। ਉਨ੍ਹਾਂ ਦੱਸਿਆ ਕਿ ਡੀਜੀਪੀ ਦੇ ਆਦੇਸ਼ਾਂ ’ਤੇ ਇਹ ਓਪ੍ਰੇਸ਼ਨ ਡੀਆਈਜੀ ਫਿਰੋਜ਼ਪੁਰ ਰੇਂਜ ਦੀ ਅਗਵਾਈ ਹੇਠ ਚਲਾਇਆ ਗਿਆ ਤੇ ਇਸ ਦੌਰਾਨ ਸ਼ੱਕੀ ਘਰਾਂ ਤੇ ਇਲਾਕਿਆਂ ਦੀ ਬਰੀਕੀ ਨਾਲ ਤਲਾਸ਼ੀ ਲਈ ਗਈ ਹੈ। ਜਿਸ ਦੌਰਾਨ ਕੁਝ ਨਸ਼ੀਲੇ ਪਦਾਰਥ ਵੀ ਹੱਥ ਲੱਗੇ ਹਨ ਅਤੇ ਕਈਆਂ ਨੂੰ ਰਾਊਂਡਅੱਪ ਵੀ ਕੀਤਾ ਗਿਆ ਹੈ। -- 450 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਸੰਭਾਲਿਆ ਮੋਰਚਾ ਐੱਸਐੱਸਪੀ ਨੇ ਦੱਸਿਆ ਕਿ ਤਲਾਸ਼ੀ ਅਭਿਆਨ ਨੂੰ ਅੰਜਾਮ ਦੇਣ ਲਈ ਜ਼ਿਲ੍ਹੇ ਭਰ ਤੋਂ 450 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ। ਡੀਐੱਸਪੀਜ਼ ਦੀ ਨਿਗਰਾਨੀ ਹੇਠ ਬਣੀਆਂ ਅੱਠ ਡੈਡੀਕੇਟਿਡ ਟੀਮਾਂ ਨੇ ਵੱਖ-ਵੱਖ ਹਾਟ-ਸਪਾਟ ਇਲਾਕਿਆਂ ਵਿਚ ਪਹੁੰਚ ਕੇ ਸ਼ੱਕੀ ਘਰਾਂ, ਥਾਵਾਂ ਅਤੇ ਵਿਅਕਤੀਆਂ ਦੀ ਬਰੀਕੀ ਨਾਲ ਜਾਂਚ ਕੀਤੀ। ਪੁਲਿਸ ਟੀਮਾਂ ਵੱਲੋਂ ਇਲਾਕਿਆਂ ਦੀ ਘੇਰਾਬੰਦੀ ਕਰਕੇ ਸ਼ੱਕੀ ਵਿਅਕਤੀਆਂ ਅਤੇ ਘਰਾਂ ਦੀ ਜਾਂਚ ਕੀਤੀ ਗਈ। ਇਸ ਦੌਰਾਨ 20 ਤੋਂ ਵੱਧ ਡਰੱਗ ਪੈਡਲਰਾਂ, ਸਮੱਗਲਰਾਂ ਅਤੇ ਸ਼ੱਕੀ ਵਿਅਕਤੀਆਂ ਨੂੰ ਰਾਊਂਡਅੱੱ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਦੀ ਅਗਲੇ ਪੱਧਰ ’ਤੇ ਤਸਦੀਕ ਅਤੇ ਪੁੱਛਗਿੱਛ ਦੀ ਕਾਰਵਾਈ ਜਾਰੀ ਹੈ। -- ਜਿਨ੍ਹਾਂ ਕੋਲੋਂ ਨਸ਼ਾ ਮਿਲਿਆ, ਉਨ੍ਹਾਂ ’ਤੇ ਹੋਣਗੇ ਕੇਸ ਦਰਜ ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਕੋਲੋਂ ਨਸ਼ੀਲੇ ਪਦਾਰਥ ਜਾਂ ਹੋਰ ਇਤਰਾਜ਼ਯੋਗ ਸਮੱਗਰੀ ਬਰਾਮਦ ਹੋਈ ਹੈ, ਉਨ੍ਹਾਂ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲੋੜ ਅਨੁਸਾਰ ਐੱਫਆਈਆਰ ਦਰਜ ਕੀਤੀਆਂ ਜਾ ਰਹੀਆਂ ਹਨ। ਜਦੋਂਕਿ ਜਿਨ੍ਹਾਂ ਵਿਅਕਤੀਆਂ ’ਤੇ ਸ਼ੱਕ ਦੇ ਆਧਾਰ ’ਤੇ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਦੀ ਪਛਾਣ ਅਤੇ ਪਿਛੋਕੜ ਦੀ ਤਸਦੀਕ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿਚ ਨਸ਼ਾ ਵੇਚਣ ਵਾਲਿਆਂ ਅਤੇ ਤਸਕਰਾਂ ’ਤੇ ਸਖ਼ਤੀ ਦੇ ਨਾਲ-ਨਾਲ ਨਸ਼ੇ ਦੀ ਲਤ ਤੋਂ ਪੀੜਤ ਵਿਅਕਤੀਆਂ ਦੇ ਮੁੜ ਵਸੇਬੇ ’ਤੇ ਵੀ ਧਿਆਨ ਦੇਣਾ ਜ਼ਰੂਰੀ ਹੈ। -- ਹਾਟ-ਸਪਾਟ ਖੇਤਰਾਂ ’ਤੇ ਪੁਲਿਸ ਦੀ ਰਹੇਗੀ ਨਜ਼ਰ ਐੱਸਐੱਸਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਅਜਿਹੇ ਸਰਚ ਓਪਰੇਸ਼ਨ ਅੱਗੇ ਵੀ ਜਾਰੀ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਨੂੰ ਨਸ਼ਾ ਤਸਕਰੀ ਦੇ ਪੱਖ ਤੋਂ ਸੰਵੇਦਨਸ਼ੀਲ ਮੰਨਿਆ ਗਿਆ ਹੈ, ਉਨ੍ਹਾਂ ’ਤੇ ਪੁਲਿਸ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾਵੇਗੀ ਅਤੇ ਲੋੜ ਅਨੁਸਾਰ ਮੁੜ ਤਲਾਸ਼ੀ ਅਭਿਆਨ ਵੀ ਚਲਾਏ ਜਾਣਗੇ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮੱਗਲਰਾਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਿਆਂ ਦੀ ਤਸਕਰੀ ਜਾਂ ਵਿਕਰੀ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ, ਤਾਂ ਜੋ ਨਸ਼ਿਆਂ ਦੇ ਕਾਰੋਬਾਰ ਨੂੰ ਰੋਕਣ ਲਈ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕੀਤੀ ਜਾ ਸਕੇ।