ਸਭਾ ਨੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ ਸਰਬ ਸਾਂਝੀਵਾਲਤਾ ਸੇਵਕ ਸਭਾ ਨੇ ਨਗਰ ਕੀਰਤਨ ਦੀਆਂ ਤਿਆਰੀਆਂ ਸਬੰਧੀ ਕੀਤੀ ਮੀਟਿੰਗ
Publish Date: Mon, 05 Oct 2026 04:35 PM (IST)
Updated Date: Mon, 05 Oct 2026 04:38 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ ਸਰਬ ਸਾਂਝੀਵਾਲਤਾ ਸੇਵਕ ਸਭਾ ਦੀ ਇਕ ਅਹਿਮ ਮੀਟਿੰਗ ਸਭਾ ਦੇ ਪ੍ਰਧਾਨ ਸ਼ਮਸ਼ੇਰ ਸਿਘ ਦੀ ਪ੍ਰਧਾਨਗੀ ਹੇਠ ਭਾਈ ਅਮਰੀਕ ਸਿੰਘ ਦੇ ਗ੍ਰਹਿ ਵਿਖੇ ਹੋਈ। ਮੀਟਿੰਗ ਦੌਰਾਨ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਅਤੇ ਚਮਕੌਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਸ਼ਹੀਦੀ ਪਾਉਣ ਵਾਲੇ ਸਮੂਹ ਸ਼ਹੀਦਾਂ ਦੀ ਅਦੁੱਤੀ ਸ਼ਹਾਦਤ ਨੂੰ ਸਮਰਪਿਤ ਮਹਾਨ ਨਗਰ ਕੀਰਤਨ ਸਜਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਵਿਚ ਸਭਾ ਦੇ ਅਹੁਦੇਦਾਰਾਂ ਨੇ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ, ਬਾਬਾ ਜੁਝਾਰ ਸਿੰਘ ਜੀ, ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਰੰਗਰੇਟੇ ਗੁਰੂ ਕੇ ਬੇਟੇ ਅਤੇ ਚਮਕੌਰ ਸਾਹਿਬ ਦੀ ਜੰਗ ਵਿਚ ਧਰਮ ਅਤੇ ਸੱਚ ਦੀ ਰਾਖੀ ਲਈ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਸਮੂਹ ਸ਼ਹੀਦਾਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਹ ਮਹਾਨ ਨਗਰ ਕੀਰਤਨ ਇਸ ਵਰ੍ਹੇ ਵੀ ਬੜੀ ਸ਼ਰਧਾ, ਸਤਿਕਾਰ ਅਤੇ ਖਾਲਸਾਈ ਜਾਹੋ-ਜਲਾਲ ਨਾਲ ਸਜਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ 14 ਅਤੇ 15 ਨਵੰਬਰ ਨੂੰ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਸਾਹਿਬ ਤੋਂ ਸ੍ਰੀ ਚਮਕੌਰ ਸਾਹਿਬ ਤਕ ਸਜਾਇਆ ਜਾਵੇਗਾ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਗੁਰੂ ਸਾਹਿਬਾਨ ਦੀਆਂ ਪਾਵਨ ਸਿੱਖਿਆਵਾਂ, ਸ਼ਹੀਦਾਂ ਦੀਆਂ ਕੁਰਬਾਨੀਆਂ ਅਤੇ ਸਿੱਖ ਇਤਿਹਾਸ ਦੇ ਗੌਰਵਮਈ ਪੰਨਿਆਂ ਨੂੰ ਯਾਦ ਕਰਦਿਆਂ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸਭਾ ਦੇ ਮੈਂਬਰਾਂ ਨੂੰ ਨਗਰ ਕੀਰਤਨ ਦੀ ਸਫ਼ਲਤਾ ਲਈ ਵੱਖ-ਵੱਖ ਜ਼ਿੰਮੇਵਾਰੀਆਂ ਅਤੇ ਡਿਊਟੀਆਂ ਸੌਂਪੀਆਂ ਗਈਆਂ। ਪ੍ਰਬੰਧਕਾਂ ਨੇ ਕਿਹਾ ਕਿ ਨਗਰ ਕੀਰਤਨ ਸਬੰਧੀ ਸੰਗਤਾਂ ਦੇ ਸਹਿਯੋਗ ਨਾਲ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਸੰਗਤਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਆਪਣੇ ਵਾਹਨਾਂ ਸਮੇਤ ਸ਼ਾਮਿਲ ਹੋਣ ਦੀ ਬੇਨਤੀ ਵੀ ਕੀਤੀ ਗਈ। ਇਸ ਮੌਕੇ ਸਭਾ ਦੇ ਪ੍ਰਧਾਨ ਸ਼ਮਸ਼ੇਰ ਸਿੰਘ, ਅਮਨਦੀਪ ਸਿੰਘ, ਸੁਖਵੰਤ ਸਿੰਘ, ਪਰਮਬੀਰ ਸਿੰਘ, ਖਜਾਨ ਸਿੰਘ, ਸਿਮਰਨ ਸਿੰਘ, ਮੰਗਲ ਸਿੰਘ ਅਤੇ ਭਾਈ ਸਾਹਿਬ ਸਿੰਘ, ਸਰਪ੍ਰਸਤ ਸਮੇਤ ਹੋਰ ਮੈਂਬਰ ਹਾਜ਼ਰ ਸਨ। ਇਸ ਮੌਕੇ ਭਾਈ ਸਾਹਿਬ ਸਿੰਘ ਸਰਪ੍ਰਸਤ ਨੇ ਸਮੂਹ ਹਾਜ਼ਰੀਨ ਨੂੰ ‘ਜੀ ਆਇਆਂ’ ਆਖਦਿਆਂ ਸੰਗਤਾਂ ਨੂੰ ਨਗਰ ਕੀਰਤਨ ਵਿਚ ਸ਼ਰਧਾ ਅਤੇ ਉਤਸ਼ਾਹ ਨਾਲ ਸ਼ਾਮਿਲ ਹੋਣ ਦੀ ਅਪੀਲ ਕੀਤੀ।