ਬੁਰਜ਼ ਨੇ ਬਲਜੀਤ ਕੌਰ ਨੂੰ ਕੀਤਾ ਸਨਮਾਨਿਤ ਕਰਨਬੀਰ ਸਿੰਘ ਬੁਰਜ਼ ਨੇ ਪਿੰਡ ਕੱਕਾ ਕੰਡਿਆਲਾ ਪੁੱਜ ਕੇ ਬਲਜੀਤ ਕੌਰ ਨੂੰ ਕੀਤਾ ਸਨਮਾਨਿਤ
Publish Date: Mon, 05 Oct 2026 04:51 PM (IST)
Updated Date: Mon, 05 Oct 2026 04:53 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਏਸ਼ਿਆਈ ਖੇਡਾਂ ਦੌਰਾਨ ਭਾਰਤੀ ਮਹਿਲਾ ਹਾਕੀ ਟੀਮ ਵੱਲੋਂ ਚੀਨ ਨੂੰ ਹਰਾ ਕੇ 44 ਸਾਲ ਬਾਅਦ ਸੋਨ ਤਗ਼ਮਾ ਜਿੱਤਣ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੀ ਪੰਜਾਬ ਦੀ ਇਕਲੌਤੀ ਖਿਡਾਰਨ ਬਲਜੀਤ ਕੌਰ ਕੱਕਾ ਕੰਡਿਆਲਾ ਨੂੰ ਸਨਮਾਨਿਤ ਕਰਨ ਲਈ ਕਾਂਗਰਸ ਪਾਰਟੀ ਦੇ ਤਰਨਤਾਰਨ ਹਲਕੇ ਦੇ ਇੰਚਾਰਜ ਕਰਨਬੀਰ ਸਿੰਘ ਬੁਰਜ਼ ਉਨ੍ਹਾਂ ਦੇ ਗ੍ਰਹਿ ਪਿੰਡ ਕੱਕਾ ਕੰਡਿਆਲਾ ਵਿਖੇ ਪੁੱਜੇ। ਇਸ ਮੌਕੇ ਕਰਨਬੀਰ ਸਿੰਘ ਬੁਰਜ਼ ਨੇ ਬਲਜੀਤ ਕੌਰ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੀ ਸ਼ਾਨਦਾਰ ਖੇਡ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਬਲਜੀਤ ਕੌਰ ਨੇ ਅੰਤਰਰਾਸ਼ਟਰੀ ਪੱਧਰ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾ ਸਿਰਫ਼ ਆਪਣੇ ਪਰਿਵਾਰ ਅਤੇ ਪਿੰਡ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਕੀਤੀ ਹੈ। ਉਨ੍ਹਾਂ ਕਿਹਾ ਕਿ ਏਸ਼ਿਆਈ ਖੇਡਾਂ ਵਰਗੇ ਵੱਡੇ ਅੰਤਰਰਾਸ਼ਟਰੀ ਮੰਚ ’ਤੇ ਦੇਸ਼ ਦੀ ਨੁਮਾਇੰਦਗੀ ਕਰਨਾ ਆਪਣੇ ਆਪ ਵਿਚ ਵੱਡੀ ਪ੍ਰਾਪਤੀ ਹੈ। ਭਾਰਤੀ ਮਹਿਲਾ ਹਾਕੀ ਟੀਮ ਦੀ ਇਸ ਇਤਿਹਾਸਕ ਜਿੱਤ ਵਿਚ ਪੰਜਾਬ ਦੀ ਧੀ ਬਲਜੀਤ ਕੌਰ ਦੀ ਸ਼ਮੂਲੀਅਤ ਨੇ ਪਿੰਡ ਕੱਕਾ ਕੰਡਿਆਲਾ ਸਮੇਤ ਪੂਰੇ ਤਰਨਤਾਰਨ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਕਰਨਬੀਰ ਸਿੰਘ ਬੁਰਜ਼ ਨੇ ਕਿਹਾ ਕਿ ਬਲਜੀਤ ਕੌਰ ਦੀ ਇਹ ਪ੍ਰਾਪਤੀ ਨੌਜਵਾਨ ਲੜਕੀਆਂ ਲਈ ਵੀ ਪ੍ਰੇਰਨਾ ਦਾ ਸਰੋਤ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਬੱਚਿਆਂ ਅਤੇ ਨੌਜਵਾਨਾਂ ਨੂੰ ਉਤਸ਼ਾਹਿਤ ਕਰਨ ਦੀ ਲੋੜ ਹੈ, ਤਾਂ ਜੋ ਉਹ ਆਪਣੀ ਮਿਹਨਤ ਅਤੇ ਪ੍ਰਤਿਭਾ ਦੇ ਬਲਬੂਤੇ ਕੌਮੀ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਉਨ੍ਹਾਂ ਨੇ ਬਲਜੀਤ ਕੌਰ ਦੇ ਸਮੁੱਚੇ ਪਰਿਵਾਰ ਨੂੰ ਵੀ ਇਸ ਮਾਣਮੱਤੀ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਕਿਹਾ ਕਿ ਪਰਿਵਾਰ ਵੱਲੋਂ ਦਿੱਤੇ ਸਹਿਯੋਗ ਅਤੇ ਹੌਸਲੇ ਸਦਕਾ ਹੀ ਇਕ ਖਿਡਾਰੀ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਵੱਡੇ ਮੁਕਾਮ ਹਾਸਿਲ ਕਰਨ ਦਾ ਮੌਕਾ ਮਿਲਦਾ ਹੈ।