ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਬਲਜੀਤ ਕੌਰ ਦਾ ਰੌਕੀ ਨੇ ਕੀਤਾ ਸਨਮਾਨ ਚੈਂਪੀਅਨ ਬਣੀ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਬਲਜੀਤ ਕੌਰ ਦਾ ਰੌਕੀ ਬੁਰਜ਼ ਨੇ ਕੀਤਾ ਸਨਮਾਨ
Publish Date: Mon, 05 Oct 2026 05:45 PM (IST)
Updated Date: Mon, 05 Oct 2026 05:47 PM (IST)
ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਏਸ਼ਿਆਈ ਖੇਡਾਂ ਵਿਚ ਚੈਂਪੀਅਨ ਬਣੀ ਭਾਰਤੀ ਮਹਿਲਾ ਹਾਕੀ ਟੀਮ ਦਾ ਹਿੱਸਾ ਰਹੀ ਤਰਨਤਾਰਨ ਦੇ ਪਿੰਡ ਕੱਕਾ ਕੰਡਿਆਲਾ ਦੀ ਬਲਜੀਤ ਕੌਰ ਨੂੰ ਭਾਜਪਾ ਕਿਸਾਨ ਮੋਰਚਾ ਪੰਜਾਬ ਦੇ ਵਾਈਸ ਪ੍ਰਧਾਨ ਅਮਨਦੀਪ ਸਿੰਘ ਸੰਧੂ ਰੌਕੀ ਬੁਰਜ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਬੀਬੀ ਸਰਬਜੀਤ ਕੌਰ ਬਾਠ ਅਤੇ ਹੋਰ ਸਾਥੀ ਵੀ ਮੌਜੂਦ ਸਨ। ਇਸ ਮੌਕੇ ਅਮਨਦੀਪ ਸਿੰਘ ਸੰਧੂ ਰੌਕੀ ਬੁਰਜ ਨੇ ਕਿਹਾ ਕਿ ਬਲਜੀਤ ਕੌਰ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਪ੍ਰਤੀ ਸਮਰਪਣ ਨਾਲ ਨਾ ਸਿਰਫ਼ ਆਪਣੇ ਪਰਿਵਾਰ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ, ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਲਜੀਤ ਕੌਰ ਏਸ਼ਿਆਈ ਖੇਡਾਂ ਵਿਚ ਚੀਨ ਨੂੰ ਹਰਾ ਕੇ ਸੋਨ ਤਮਗਾ ਜਿੱਤਣ ਵਾਲੀ ਭਾਰਤੀ ਮਹਿਲਾ ਹਾਕੀ ਟੀਮ ਦਾ ਅਹਿਮ ਹਿੱਸਾ ਰਹੀ ਹੈ ਅਤੇ ਉਹ ਇਸ ਟੀਮ ਵਿਚ ਪੰਜਾਬ ਦੀ ਇਕਲੌਤੀ ਖਿਡਾਰਨ ਸੀ। ਉਨ੍ਹਾਂ ਦੀ ਇਹ ਪ੍ਰਾਪਤੀ ਪੰਜਾਬ ਦੀਆਂ ਹੋਰਨਾਂ ਧੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਹੈ। ਅਮਨਦੀਪ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਨੇ ਹਮੇਸ਼ਾ ਹੀ ਦੇਸ਼ ਨੂੰ ਕੌਮਾਂਤਰੀ ਪੱਧਰ ਦੇ ਖਿਡਾਰੀ ਦਿੱਤੇ ਹਨ। ਪੰਜਾਬ ਦੀਆਂ ਧੀਆਂ ਵੀ ਅੱਜ ਕਿਸੇ ਖੇਤਰ ਵਿਚ ਪਿੱਛੇ ਨਹੀਂ ਹਨ ਅਤੇ ਖੇਡਾਂ ਦੇ ਮੈਦਾਨ ਵਿਚ ਦੇਸ਼ ਦਾ ਨਾਮ ਦੁਨੀਆ ਭਰ ਵਿਚ ਰੌਸ਼ਨ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਲਜੀਤ ਕੌਰ ਵਰਗੀਆਂ ਹੋਣਹਾਰ ਖਿਡਾਰਨਾਂ ਦਾ ਸਨਮਾਨ ਕਰਨਾ ਸਮਾਜ ਦੀ ਜ਼ਿੰਮੇਵਾਰੀ ਹੈ, ਤਾਂ ਜੋ ਉਨ੍ਹਾਂ ਦਾ ਹੌਸਲਾ ਵਧੇ ਅਤੇ ਨੌਜਵਾਨ ਪੀੜ੍ਹੀ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਹੋਵੇ। ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਮਾਜ ਨੂੰ ਮਿਲ ਕੇ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਅਤੇ ਉਤਸ਼ਾਹ ਦੇਣਾ ਚਾਹੀਦਾ ਹੈ, ਤਾਂ ਜੋ ਪੰਜਾਬ ਦੇ ਹੋਰ ਨੌਜਵਾਨ ਵੀ ਕੌਮੀ ਅਤੇ ਕੌਮਾਂਤਰੀ ਪੱਧਰ ’ਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣ। ਇਸ ਮੌਕੇ ਬਲਜੀਤ ਕੌਰ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਗਈ। ਸਨਮਾਨ ਪ੍ਰਾਪਤ ਕਰਨ ਉਪਰੰਤ ਬਲਜੀਤ ਕੌਰ ਨੇ ਅਮਨਦੀਪ ਸਿੰਘ ਸੰਧੂ ਰੌਕੀ ਬੁਰਜ਼ ਅਤੇ ਉਨ੍ਹਾਂ ਦੇ ਸਾਥੀਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਨਮਾਨ ਖਿਡਾਰੀਆਂ ਨੂੰ ਆਪਣੀ ਖੇਡ ਵਿਚ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕਰਦੇ ਹਨ।