ਨਗਰ ਕੀਰਤਨ ਨਾਲ ਆਰੰਭ ਹੋਇਆ ਬਾਬਾ ਬੁੱਢਾ ਸਾਹਿਬ ਜੀ ਦਾ ਤਿੰਨ ਰੋਜ਼ਾ ਸਾਲਾਨਾ ਜੋੜ ਮੇਲਾ ਨਗਰ ਕੀਰਤਨ ਨਾਲ ਆਰੰਭ ਹੋਇਆ ਬਾਬਾ ਬੁੱਢਾ ਸਾਹਿਬ ਜੀ ਦਾ ਤਿੰਨ ਰੋਜਾ ਸਾਲਾਨਾ ਜੋੜ ਮੇਲਾ
Publish Date: Tue, 06 Oct 2026 08:06 PM (IST)
Updated Date: Tue, 06 Oct 2026 08:08 PM (IST)
ਤਿੰਨ ਦਿਨ ਤੱਕ ਚੱਲਣ ਵਾਲੇ ਸਮਾਗਮਾਂ ’ਚ ਦੇਸ਼-ਵਿਦੇਸ਼ ਤੋਂ ਪੁੱਜੇਗੀ ਲੱਖਾਂ ਦੀ ਗਿਣਤੀ ’ਚ ਸੰਗਤ ਜਸਪਾਲ ਸਿੰਘ ਜੱਸੀ•, ਪੰਜਾਬੀ ਜਾਗਰਣ ਬੀੜ ਬਾਬਾ ਬੁੱਢਾ ਸਾਹਿਬ (ਤਰਨਤਾਰਨ) : ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਪਾਵਨ ਤੇ ਇਤਿਹਾਸਕ ਅਸਥਾਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਮੰਗਲਵਾਰ ਨੂੰ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ਦੀ ਆਰੰਭਤਾ ਮਹਾਨ ਨਗਰ ਕੀਰਤਨ ਨਾਲ ਹੋ ਗਈ। ਇਸ ਨਗਰ ਕੀਰਤਨ ਮੌਕੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰੀ ਤੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਇਤਿਹਾਸਕ ਸਥਾਨ ’ਤੇ ਹਰ ਸਾਲ ਹੋਣ ਵਾਲੇ ਇਸ ਜੋੜ ਮੇਲੇ ਵਿਚ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਨਤਮਸਤਕ ਹੋਣ ਲਈ ਪਹੁੰਚਦੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਤਿੰਨ ਰੋਜ਼ਾ ਜੋੜ ਮੇਲੇ ਦੇ ਪਹਿਲੇ ਦਿਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਨਿਸ਼ਾਨ ਸਿੰਘ ਗੰਡੀਵਿੰਡ ਵੱਲੋਂ ਗੁਰੂ ਚਰਨਾਂ ਵਿਚ ਅਰਦਾਸ ਕੀਤੀ ਗਈ। ਅਰਦਾਸ ਉਪਰੰਤ ਨਗਰ ਕੀਰਤਨ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਪੰਜਾਬ ਪੁਲਸ ਦੇ ਜਵਾਨਾਂ ਨੇ ਡੀਐੱਸਪੀ ਜਗਜੀਤ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕਰਦਿਆਂ ਸਲਾਮੀ ਦਿੱਤੀ ਗਈ। ਨਗਰ ਕੀਰਤਨ ਦੇ ਅੱਗੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਸੁੰਦਰ ਪਹਿਰਾਵਿਆਂ ਵਿਚ ਸ਼ਾਮਲ ਹੋ ਕੇ ਸੰਗਤ ਦਾ ਧਿਆਨ ਖਿੱਚਿਆ। ਦੱਸ ਦਈਏ ਕਿ ਧੰਨ-ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਇਸ ਅਸਥਾਨ ਨੂੰ ਸਿੱਖ ਸੰਗਤ ਸ਼ਰਧਾ ਅਤੇ ਆਸਥਾ ਦਾ ਕੇਂਦਰ ਮੰਨਦੀ ਹੈ। ਸਾਲਾਨਾ ਜੋੜ ਮੇਲੇ ਦੌਰਾਨ ਵੱਡੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੀਆਂ ਹਨ ਅਤੇ ਗੁਰਬਾਣੀ ਕੀਰਤਨ, ਕਥਾ-ਵਿਚਾਰ, ਅਰਦਾਸ ਅਤੇ ਹੋਰ ਧਾਰਮਿਕ ਸਮਾਗਮਾਂ ਵਿਚ ਸ਼ਮੂਲੀਅਤ ਕਰਦੀਆਂ ਹਨ। ਮੇਲੇ ਦੌਰਾਨ ਇਨ੍ਹਾਂ ਪ੍ਰਮੁੱਖ ਸ਼ਖਸੀਅਤਾਂ ਨੇ ਕੀਤੀ ਸ਼ਮੂਲੀਅਤ ਨਗਰ ਕੀਰਤਨ ਵਿਚ ਸੰਤ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਸ਼੍ਰੋਮਣੀ ਅਕਾਲੀ ਦਲ ਦੀ ਹਲਕਾ ਇੰਚਾਰਜ ਕੰਚਨਪਰੀਤ ਕੌਰ, ਸ਼੍ਰੋਮਣੀ ਕਮੇਟੀ ਸਕੱਤਰ ਗੁਰਨਾਮ ਸਿੰਘ, ਚੀਫ਼ ਗੁਰਦੁਆਰਾ ਇੰਸਪੈਕਟਰ ਜਗਦੀਸ਼ ਸਿੰਘ, ਗੁਰਦੁਆਰਾ ਇੰਸਪੈਕਟਰ ਹਰਪ੍ਰੀਤ ਸਿੰਘ, ਗੁਰਦੁਆਰਾ ਇੰਸਪੈਕਟਰ ਦਿਲਬਾਗ ਸਿੰਘ, ਗੁਰਬਲਿਹਾਰ ਸਿੰਘ, ਸਾਬਕਾ ਮੀਤ ਸਕੱਤਰ ਹਰਜੀਤ ਸਿੰਘ ਲਾਲੂਘੁੰਮਣ, ਚੇਅਰਮੈਨ ਕਸ਼ਮੀਰ ਸਿੰਘ ਮੰਨਣ, ਮੈਨੇਜਰ ਸਤਨਾਮ ਸਿੰਘ ਝਬਾਲ, ਬਾਬਾ ਸੁਬੇਗ ਸਿੰਘ ਕਾਰਸੇਵਾ ਗੁਰਦੁਆਰਾ ਡੇਰਾ ਚਰਨ ਬਾਗ ਗੋਇੰਦਵਾਲ ਸਾਹਿਬ ਵਾਲੇ, ਬਾਬਾ ਹਰਜਿੰਦਰ ਸਿੰਘ ਕਾਰਸੇਵਾ ਵਾਲੇ, ਬਾਬਾ ਹੀਰਾ ਸਿੰਘ ਠੱਠੀਖਾਰਾ, ਸਰਪੰਚ ਸਤਨਾਮ ਸਿੰਘ ਮੀਆਂਪੁਰ, ਸਾਬਕਾ ਸਰਪੰਚ ਜਰਨੈਲ ਸਿੰਘ ਪੰਡੋਰੀ, ਰਵੇਲ ਸਿੰਘ ਜੌਹਲ, ਸਾਬਕਾ ਮੈਨੇਜਰ ਜਗਜੀਤ ਸਿੰਘ ਸਾਂਘਣਾ, ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਸਾਬਕਾ ਸਰਪੰਚ ਪਰਮਜੀਤ ਸਿੰਘ ਗੱਗੋਬੂਹਾ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਚੇਅਰਮੈਨ ਹਰਵੰਤ ਸਿੰਘ ਝਬਾਲ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਜਥੇਦਾਰ ਵਰਿੰਦਰ ਸਿੰਘ ਠੱਠਾ, ਬਲਦੇਵ ਸਿੰਘ ਫੌਜੀ, ਪ੍ਰਿੰਸੀਪਲ ਜਗਰੂਪ ਕੌਰ, ਪ੍ਰਿੰਸੀਪਲ ਸਰਬਜੀਤ ਕੌਰ ਜਫਰਵਾਲ, ਦਲਜੀਤ ਸਿੰਘ ਐਮਾ, ਮਨਜੀਤ ਸਿੰਘ ਝਬਾਲ, ਮੈਨੇਜਰ ਨਵਤੇਜ ਸਿੰਘ ਠੱਠਾ, ਸਾਬਕਾ ਸਰਪੰਚ ਮਨਜਿੰਦਰ ਸਿੰਘ ਐਮਾਂ, ਸੁਖਦੇਵ ਸਿੰਘ ਖਾਲਸਾ, ਵਰਿੰਦਰ ਸਿੰਘ ਸੇਠ, ਨਿਸ਼ਾਨ ਸਿੰਘ ਦੋਦੇ, ਸਾਬਕਾ ਚੇਅਰਮੈਨ ਗੁਰਬੀਰ ਸਿੰਘ ਝਬਾਲ, ਜਥੇਦਾਰ ਤੇਗਾ ਸਿੰਘ ਸੋਹਲ, ਸੁਰਿੰਦਰ ਸਿੰਘ ਚੂਸਲੇਵੜ, ਬਿਕਰਮ ਸਿੰਘ ਸੁਰਸਿੰਘ ਅਤੇ ਗੁਰਜੀਤ ਸਿੰਘ ਪੰਜਵੜ ਸਮੇਤ ਵੱਡੀ ਗਿਣਤੀ ਵਿਚ ਸ਼ਰਧਾਲੂ ਅਤੇ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਭੂਰਾ ਕੋਹਨਾ, ਅੰਤ੍ਰਿੰਗ ਕਮੇਟੀ ਮੈਂਬਰ ਮਗਵਿੰਦਰ ਸਿੰਘ ਖਾਪੜਖੇੜੀ ਅਤੇ ਮੈਨੇਜਰ ਧਰਵਿੰਦਰ ਸਿੰਘ ਮਾਣੋਚਾਹਲ ਵੱਲੋਂ ਪੁੱਜੇ ਸੰਤਾਂ-ਮਹਾਂਪੁਰਸ਼ਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਪ੍ਰਚਾਰਕ ਭਾਈ ਗੁਰਲਾਲ ਸਿੰਘ, ਭਾਈ ਗੁਰਬਚਨ ਸਿੰਘ, ਭਾਈ ਰਾਜਬੀਰ ਸਿੰਘ, ਭਾਈ ਲਖਬੀਰ ਸਿੰਘ, ਪੀਏ ਗੋਪੀ ਸੋਹਲ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵੱਡੀ ਗਿਣਤੀ ਵਿਚ ਮੁਲਾਜ਼ਮ ਵੀ ਨਗਰ ਕੀਰਤਨ ਵਿਚ ਸ਼ਾਮਲ ਹੋਏ। ਸੰਗਤ ਨੇ ਥਾਂ-ਥਾਂ ਕੀਤਾ ਨਗਰ ਕੀਰਤਨ ਦਾ ਨਿੱਘਾ ਸਵਾਗਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਤੋਂ ਰਵਾਨਾ ਹੋਏ ਨਗਰ ਕੀਰਤਨ ਦਾ ਰਸਤੇ ਵਿਚ ਵੱਖ-ਵੱਖ ਪਿੰਡਾਂ ਅਤੇ ਥਾਵਾਂ ’ਤੇ ਸੰਗਤਾਂ ਵੱਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਸਵਾਗਤ ਕੀਤਾ ਗਿਆ। ਸੰਗਤਾਂ ਵੱਲੋਂ ਨਗਰ ਕੀਰਤਨ ਵਿਚ ਸ਼ਾਮਲ ਸ਼ਰਧਾਲੂਆਂ ਲਈ ਠੰਢੇ-ਮਿੱਠੇ ਜਲ, ਚਾਹ-ਪਕੌੜਿਆਂ ਅਤੇ ਵੱਖ-ਵੱਖ ਫਲਾਂ ਦੇ ਲੰਗਰ ਲਗਾਏ ਗਏ। ਸੇਵਾਦਾਰਾਂ ਨੇ ਪੂਰੀ ਸ਼ਰਧਾ ਨਾਲ ਲੰਗਰ ਅਤੇ ਹੋਰ ਸੇਵਾਵਾਂ ਨਿਭਾਈਆਂ। ਮੇਲੇ ਦੌਰਾਨ ਤਿੰਨ ਦਿਨ ਹੋਣਗੇ ਸਮਾਗਮ, ਦੂਰੋਂ ਦੂਰੋਂ ਜੁੜੇਗੀ ਸੰਗਤ ਮੰਗਲਵਾਰ ਨੂੰ ਆਰੰਭ ਹੋਏ ਬੀੜ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਦੇ ਬਾਕੀ ਦੋ ਦਿਨਾਂ ਦੌਰਾਨ ਵੀ ਵੱਖ-ਵੱਖ ਧਾਰਮਿਕ ਸਮਾਗਮ ਕਰਵਾਏ ਜਾਣਗੇ, ਜਿਨ੍ਹਾਂ ਵਿਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਸੰਗਤ ਸ਼ਾਮਲ ਹੋਵੇਗੀ। ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਤੇ ਜਿਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। ਉਥੇ ਹੀ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਅਤੇ ਟਰੈਫਿਕ ਨਿਯੰਤਰਣ ਕਰਨ ਲਈ ਵੀ ਪੂਰੀ ਤਿਆਰੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਕੰਚਨਪ੍ਰੀਤ ਕੌਰ ਨੇ ਭਰੀ ਹਾਜ਼ਰੀ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਤਰਨਤਾਰਨ ਤੋਂ ਇੰਚਾਰਜ ਕੰਚਨਪ੍ਰੀਤ ਕੌਰ ਨੇ ਅਕਾਲੀ ਦਲ ਦੇ ਸਥਾਨਕ ਆਗੂਆਂ ਸਮੇਤ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਲਕੇ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਨਾਲ ਹੀ ਉਨ੍ਹਾਂ ਨੇ ਪਾਰਟੀ ਆਗੂਆਂ ਤੇ ਵਰਕਰਾਂ ਸਮੇਤ ਲੰਗਰ ਵਰਤਾਉਣ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਵਿਚ ਸ਼ਾਮਲ ਹੋਣ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਕੰਚਨਪ੍ਰੀਤ ਕੌਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਵਿਧਾਇਕ ਹਰਮੀਤ ਸਿੰਘ ਸੰਧੂ ਸਾਥੀਆਂ ਸਮੇਤ ਹੋਏ ਨਤਮਸਤਕ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਜੋੜ ਮੇਲੇ ਮੌਕੇ ਤਰਨਤਾਰਨ ਦੇ ਵਿਧਾਇਕ ਹਰਮੀਤ ਸਿੰਘ ਸੰਧੂ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸਾਹਿਬ ’ਚ ਨਤਮਸਤਕ ਹੋਏ ਅਤੇ ਗੁਰੂ ਸਾਹਿਬ ਦਾ ਓਟ ਆਸਰਾ ਲਿਆ। ਉਨ੍ਹਾਂ ਨੇ ਇਸ ਦੌਰਾਨ ਪਿੰਡ ਮੂਸੇ ਵਿਖੇ ਲਗਾਏ ਗਏ ਲੰਗਰ ਵਿਚ ਵੀ ਸ਼ਮੂਲੀਅਤ ਕੀਤੀ ਅਤੇ ਕਿਹਾ ਕਿ ਇਸ ਸਾਲਾਨਾ ਮੇਲੇ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਪਹੁੰਚਦੇ ਹਨ, ਜਿਨ੍ਹਾਂ ਦੀ ਆਓ ਭਗਤ ਲਈ ਬਾਬਾ ਬੁੱਢਾ ਸਾਹਿਬ ਜੀ ਵੱਲ ਆਉਂਦੇ ਹਰ ਰਸਤੇ ’ਤੇ ਸੈਂਕੜੇ ਲੰਗਰ ਲੱਗਦੇ ਹਨ, ਜਿਨ੍ਹਾਂ ਤੇ ਵੱਖ-ਵੱਖ ਪਿੰਡਾਂ ਦੇ ਸ਼ਰਧਾਲੂ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਂਦੇ ਹਨ। ਇਸ ਮੌਕੇ ਲੰਗਰ ਪ੍ਰਬੰਧਕਾਂ ਨੇ ਹਰਮੀਤ ਸਿੰਘ ਸੰਧੂ ਨੂੰ ਸਨਮਾਨਿਤ ਵੀ ਕੀਤਾ।