ਐੱਸਡੀਐੱਮ ਨੇ ਖੇਤੀਬਾੜੀ ਤੇ ਪੁਲਿਸ ਵਿਭਾਗ ਦੀ ਟੀਮ ਸਣੇ ਪਰਾਲੀ ਸਾੜਨ ਵਾਲੇ ਹੌਟ ਸਪੌਟ ਪਿੰਡਾਂ ਦਾ ਕੀਤਾ ਦੌਰਾ ਐੱਸਡੀਐੱਮ ਨੇ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀ ਟੀਮ ਸਮੇਤ ਪਰਾਲੀ ਸਾੜਨ ਵਾਲੇ ਹੌਟ ਸਪੌਟ ਪਿੰਡਾਂ ਦਾ ਦੌਰਾ ਕੀਤਾ
Publish Date: Fri, 09 Oct 2026 06:27 PM (IST)
Updated Date: Fri, 09 Oct 2026 06:29 PM (IST)
ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਕਿਸਾਨਾਂ ਨੂੰ ਕੀਤਾ ਜਾਗਰੂਕ ਪਰਾਲੀ ਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਦੀ ਕੀਤੀ ਅਪੀਲ ਕੁਲਦੀਪ ਸਿੰਘ ਮਾਨ, •ਪੰਜਾਬੀ ਜਾਗਰਣ ਖਡੂਰ ਸਾਹਿਬ : ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਵਾਤਾਵਰਨ ਦੀ ਸੰਭਾਲ ਦੇ ਮੱਦੇਨਜ਼ਰ ਉਪ ਮੰਡਲ ਮੈਜਿਸਟ੍ਰੇਟ ਖਡੂਰ ਸਾਹਿਬ ਸੰਜੀਵ ਸ਼ਰਮਾ ਵੱਲੋਂ ਖੇਤੀਬਾੜੀ ਅਤੇ ਪੁਲਿਸ ਵਿਭਾਗ ਦੀ ਟੀਮ ਸਮੇਤ ਪਰਾਲੀ ਸਾੜਨ ਵਾਲੇ ਹੌਟ ਸਪੌਟ ਪਿੰਡਾਂ ਜਹਾਂਗੀਰ, ਰੱਖ ਦੀਨੇਵਾਲ, ਦਾਰਾਪੁਰ, ਆਲਮਪੁਰ, ਬਿਹਾਰੀਪੁਰ, ਵੈਰੋਵਾਲ ਅਤੇ ਨਾਗੋਕੇ ਆਦਿ ਦਾ ਦੌਰਾ ਕੀਤਾ ਗਿਆ। ਇਸ ਟੀਮ ਵਿਚ ਖੇਤੀਬਾੜੀ ਵਿਭਾਗ ਤੋਂ ਡਾ. ਯਾਦਵਿੰਦਰ ਸਿੰਘ ਤੇ ਡਾ. ਰੁਪਿੰਦਰਜੀਤ ਅਤੇ ਪੁਲਿਸ ਵਿਭਾਗ ਵੱਲੋਂ ਐੱਸਐੱਚਓ ਸ੍ਰੀ ਗੋਇੰਦਵਾਲ ਸਾਹਿਬ ਬਲਜੀਤ ਕੌਰ ਤੇ ਹੋਰ ਅਧਿਕਾਰੀ ਸ਼ਾਮਲ ਸਨ। ਇਸ ਦੌਰਾਨ ਉਪ ਮੰਡਲ ਮੈਜਿਸਟ੍ਰੇਟ ਸੰਜੀਵ ਸ਼ਰਮਾ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਵਾਲੇ ਵਾਤਾਵਰਨ, ਮਨੁੱਖੀ ਸਿਹਤ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ’ਤੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਸਹਾਇਤਾ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ, ਮਿੱਟੀ ਦੇ ਲਾਹੇਵੰਦ ਸੂਖਮ ਜੀਵਾਂ ਨੂੰ ਨੁਕਸਾਨ ਪਹੁੰਚਦਾ ਹੈ ਅਤੇ ਆਲੇ-ਦੁਆਲੇ ਦੇ ਲੋਕਾਂ ਦੀ ਸਿਹਤ ’ਤੇ ਵੀ ਮਾੜਾ ਅਸਰ ਪੈਂਦਾ ਹੈ। ਇਸ ਲਈ ਕਿਸਾਨਾਂ ਨੂੰ ਵਾਤਾਵਰਨ ਦੀ ਸੁਰੱਖਿਆ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਬਿਹਤਰ ਭਵਿੱਖ ਲਈ ਪਰਾਲੀ ਨਾ ਸਾੜਨ ਦਾ ਸੰਕਲਪ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਪ੍ਰਬੰਧਨ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ ਅਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਵਿਚ ਆਪਣਾ ਯੋਗਦਾਨ ਪਾਉਣ। ਖੇਤੀਬਾੜੀ ਵਿਭਾਗ ਖਡੂਰ ਸਾਹਿਬ ਤੋਂ ਡਾ. ਯਾਦਵਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਵਿਗਿਆਨਕ ਤਕਨੀਕਾਂ ਅਤੇ ਉਪਲਬਧ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਖੇਤੀਬਾੜੀ ਅਫ਼ਸਰ ਡਾ. ਤੇਜਬੀਰ ਸਿੰਘ ਭੰਗੂ ਦੀ ਅਗਵਾਈ ਹੇਠ ਵਿਭਾਗੀ ਟੀਮਾਂ ਵੱਲੋਂ ਕਿਸਾਨਾਂ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਖੇਤਾਂ ਵਿਚ ਹੀ ਸੁਚੱਜਾ ਨਿਪਟਾਰਾ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।