ਫਤਿਆਬਾਦ ਪੁਲਿਸ ਨੇ ਦੇਰ ਰਾਤ ਤਕ ਵਿਸ਼ੇਸ਼ ਨਾਕੇਬੰਦੀ ’ਤੇ ਚੈਕਿੰਗ ਮੁਹਿੰਮ ਚਲਾਈ ਫਤਿਆਬਾਦ ਪੁਲਿਸ ਨੇ ਦੇਰ ਰਾਤ ਤਕ ਵਿਸ਼ੇਸ਼ ਨਾਕੇਬੰਦੀ ’ਤੇ ਚੈਕਿੰਗ ਮੁਹਿੰਮ ਚਲਾਈ
Publish Date: Sat, 10 Oct 2026 06:06 PM (IST)
Updated Date: Sat, 10 Oct 2026 06:08 PM (IST)
ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਪੰਜਾਬ ਪੁਲਿਸ ਵੱਲੋਂ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਰੱਖਣ ਅਤੇ ਸ਼ਰਾਰਤੀ ਅਨਸਰਾਂ ’ਤੇ ਨਕੇਲ ਕੱਸਣ ਦੇ ਮਕਸਦ ਨਾਲ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਅਧੀਨ ਆਉਂਦੀ ਪੁਲਿਸ ਚੌਕੀ ਫਤਿਆਬਾਦ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਚੌਕੀ ਇੰਚਾਰਜ ਏਐੱਸਆਈ ਬਲਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਕਸਬੇ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿਚ ਦੇਰ ਰਾਤ ਤਕ ਚੈਕਿੰਗ ਕਰਦਿਆਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੁਲਿਸ ਚੌਕੀ ਫਤਿਆਬਾਦ ਦੇ ਨਵ-ਨਿਯੁਕਤ ਇੰਚਾਰਜ ਏਐੱਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਦੇ ਨਿਯਮਾਂ ਅਧੀਨ ਅਤੇ ਡੀਐੱਸਪੀ ਸ੍ਰੀ ਗੋਇੰਦਵਾਲ ਸਾਹਿਬ ਦੀ ਅਗਵਾਈ ਹੇਠ ਇਲਾਕੇ ਵਿਚ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣਾ, ਅਣਸੁਖਾਵੀਂ ਘਟਨਾ ਨੂੰ ਰੋਕਣ ਦੇ ਨਾਲ-ਨਾਲ ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣ ਲਈ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਾਕਾਬੰਦੀ ਦੌਰਾਨ ਸ਼ੱਕੀ ਵਾਹਨਾਂ ਅਤੇ ਵਿਅਕਤੀਆਂ ਦੀ ਬਰੀਕੀ ਨਾਲ ਜਾਂਚ ਕੀਤੀ ਗਈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਇਲਾਕੇ ਵਿਚ ਗਸ਼ਤ ਅਤੇ ਨਾਕੇਬੰਦੀ ਦੌਰਾਨ ਚੌਕਸੀ ਵਰਤੀ ਜਾ ਰਹੀ ਹੈ। ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੁਲਿਸ ਮੁਲਾਜ਼ਮ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾ ਰਹੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਚੌਕੀ ਇੰਚਾਰਜ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਅਮਨ-ਸ਼ਾਂਤੀ ਬਣਾਈ ਰੱਖਣ ਵਿਚ ਪੁਲਿਸ ਦਾ ਸਹਿਯੋਗ ਕਰਨ ਅਤੇ ਕਿਸੇ ਵੀ ਸ਼ੱਕੀ ਵਿਅਕਤੀ ਜਾਂ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਲੋਕਾਂ ਦੇ ਆਪਸੀ ਸਹਿਯੋਗ ਨਾਲ ਹੀ ਇਲਾਕੇ ਵਿਚ ਸੁਰੱਖਿਅਤ ਮਾਹੌਲ ਕਾਇਮ ਰੱਖਿਆ ਜਾ ਸਕਦਾ ਹੈ।