ਗੋਇੰਦਵਾਲ ਪੁਲਿਸ ਨੇ ਵੱਖ-ਵੱਖ ਪਿੰਡਾਂ ਤੇ ਮੁਹੱਲਿਆਂ ’ਚ ਚਲਾਇਆ ਤਲਾਸ਼ੀ ਅਭਿਆਨ ਗੋਇੰਦਵਾਲ ਪੁਲਿਸ ਨੇ ਵੱਖ-ਵੱਖ ਪਿੰਡਾਂ ਤੇ ਮੁਹੱਲਿਆਂ ’ਚ ਚਲਾਇਆ ਤਲਾਸ਼ੀ ਅਭਿਆਨ
Publish Date: Sat, 10 Oct 2026 07:39 PM (IST)
Updated Date: Sat, 10 Oct 2026 07:41 PM (IST)
ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਲਈ ਤਲਾਸ਼ੀ, ਪੁੱਛਗਿੱਛ ਲਈ ਕੁਝ ਵਿਅਕਤੀ ਹਿਰਾਸਤ ’ਚ ਲਏ ਗੁਰਬਰਿੰਦਰ ਸਿੰਘ•, ਪੰਜਾਬੀ ਜਾਗਰਣ ਸ੍ਰੀ ਗੋਇੰਦਵਾਲ ਸਾਹਿਬ : ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਵਿਸ਼ੇਸ਼ ਸਰਚ ਆਪ੍ਰੇਸ਼ਨ ਚਲਾਇਆ ਗਿਆ। ਜ਼ਿਲ੍ਹਾ ਪੁਲਿਸ ਮੁਖੀ ਸੁਰੇਂਦਰ ਲਾਂਬਾ ਦੇ ਨਿਯਮਾਂ ਅਧੀਨ ਅਤੇ ਡੀਐੱਸਪੀ ਗੋਇੰਦਵਾਲ ਸਾਹਿਬ ਹਰਿੰਦਰ ਸਿੰਘ ਤੇ ਮੁਖੀ ਇੰਸਪੈਕਟਰ ਬਲਜੀਤ ਕੌਰ ਦੀ ਅਗਵਾਈ ਵਿਚ ਪੁਲਿਸ ਟੀਮਾਂ ਨੇ ਵੱਖ-ਵੱਖ ਪਿੰਡਾਂ, ਮੁਹੱਲਿਆਂ ਅਤੇ ਸ਼ੱਕੀ ਥਾਵਾਂ ’ਤੇ ਪਹੁੰਚ ਕੇ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਕਸਬਾ ਸ੍ਰੀ ਗੋਇੰਦਵਾਲ ਸਾਹਿਬ, ਫਤਿਆਬਾਦ ਦੇ ਕਿਲ੍ਹਾ ਮੁਹੱਲਾ, ਸੰਗਤਪੁਰ ਮੁਹੱਲਾ, ਗਲੀ ਸ਼ਰਾਬ ਵਾਲੀ, ਪਿੰਡ ਚੰਡੀਗੜ੍ਹ ਮੁਹੱਲਾ ਆਦਿ ਦਰਜਨ ਭਰ ਹੋਰ ਸ਼ੱਕੀ ਥਾਵਾਂ ’ਤੇ ਨਸ਼ਾ ਕਰਨ ਅਤੇ ਨਸ਼ੇ ਦੀ ਕਥਿਤ ਵਿਕਰੀ ਨਾਲ ਜੁੜੇ ਸ਼ੱਕੀ ਵਿਅਕਤੀਆਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲਿਸ ਵੱਲੋਂ ਇਸ ਕਾਰਵਾਈ ਦਾ ਮਕਸਦ ਨਸ਼ਾ ਤਸਕਰੀ ’ਤੇ ਨਕੇਲ ਕੱਸਣ ਦੇ ਨਾਲ-ਨਾਲ ਨਸ਼ਿਆਂ ਦੇ ਕਾਰੋਬਾਰ ਨਾਲ ਜੁੜੇ ਸ਼ੱਕੀ ਅਨਸਰਾਂ ਦੀਆਂ ਗਤੀਵਿਧੀਆਂ ਦੀ ਜਾਂਚ ਕਰਨਾ ਸੀ। ਇਸ ਸਬੰਧੀ ਡੀਐੱਸਪੀ ਹਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਨਾਲ-ਨਾਲ ਇਸ ਅਧੀਨ ਆਉਂਦੀਆਂ ਪੁਲਿਸ ਚੌਕੀਆਂ ਫਤਿਆਬਾਦ ਅਤੇ ਖਡੂਰ ਸਾਹਿਬ ਦੇ ਪੁਲਿਸ ਮੁਲਾਜ਼ਮਾਂ ਤੋਂ ਇਲਾਵਾ ਵਿਸ਼ੇਸ਼ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਇਸ ਮੁਹਿੰਮ ਵਿਚ ਸ਼ਾਮਿਲ ਕੀਤਾ ਗਿਆ। ਵੱਖ-ਵੱਖ ਟੀਮਾਂ ਨੇ ਆਪੋ-ਆਪਣੇ ਖੇਤਰਾਂ ਵਿਚ ਤਲਾਸ਼ੀ ਮੁਹਿੰਮ ਚਲਾ ਕੇ ਸ਼ੱਕੀ ਥਾਵਾਂ ਦੀ ਜਾਂਚ ਕੀਤੀ। ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਮੁਖੀ ਇੰਸਪੈਕਟਰ ਬਲਜੀਤ ਕੌਰ ਨੇ ਦੱਸਿਆ ਕਿ ਸਰਚ ਆਪ੍ਰੇਸ਼ਨ ਦੌਰਾਨ ਕੁਝ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਪੁੱਛਗਿੱਛ ਲਈ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਸਬੰਧੀ ਜਾਂਚ ਕੀਤੀ ਜਾ ਰਹੀ ਹੈ। ਡੀਐੱਸਪੀ ਹਰਿੰਦਰ ਸਿੰਘ ਨੇ ਕਿਹਾ ਕਿ ਸਬ-ਡਵੀਜ਼ਨ ਸ੍ਰੀ ਗੋਇੰਦਵਾਲ ਸਾਹਿਬ ਵਿਚ ਨਸ਼ਿਆਂ ਵਿਰੁੱਧ ਪੁਲਿਸ ਦੀ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਵੱਖ-ਵੱਖ ਥਾਵਾਂ ’ਤੇ ਇਸੇ ਤਰ੍ਹਾਂ ਸਰਚ ਆਪਰੇਸ਼ਨ ਚਲਾਏ ਜਾਣਗੇ। ਪੁਲਿਸ ਦਾ ਉਦੇਸ਼ ਨਸ਼ਾ ਤਸਕਰੀ ਨੂੰ ਰੋਕਣਾ, ਸ਼ੱਕੀ ਗਤੀਵਿਧੀਆਂ ’ਤੇ ਨਜ਼ਰ ਰੱਖਣਾ ਅਤੇ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਬਣਾਈ ਰੱਖਣਾ ਹੈ।