ਸੰਗਰੂਰ ਦੀ ਮਹਾਂ ਰੈਲੀ ਨੇ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾਈਆਂ : ਫ਼ਤਿਹ ਚੱਕ ਸੰਗਰੂਰ ਦੀ ਮਹਾਂ ਰੈਲੀ ਨੇ ਪੰਜਾਬ ਸਰਕਾਰ ਦੀਆਂ ਜੜ੍ਹਾਂ ਹਿਲਾਈਆਂ : ਫ਼ਤਿਹ ਚੱਕ
Publish Date: Sun, 11 Oct 2026 04:29 PM (IST)
Updated Date: Sun, 11 Oct 2026 04:32 PM (IST)
ਕਿਹਾ: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਪ੍ਰੇਸ਼ਾਨ ਕਰਨ ਵਾਲੀ ਸਰਕਾਰ ਦਾ ਨੱਕ ’ਚ ਦਮ ਕਰ ਦੇਵਾਂਗੇ ਪੱਤਰ ਪ੍ਰੇਰਕ•, ਪੰਜਾਬੀ ਜਾਗਰਣ, ਤਰਨਤਾਰਨ : ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਸਾਂਝੀ ਤਾਲਮੇਲ ਕਮੇਟੀ ਦੀ ਸੂਬਾ ਕਮੇਟੀ ਵੱਲੋਂ ਪੰਜਾਬ ਦੀ ‘ਆਪ’ ਸਰਕਾਰ ਦੀਆਂ ਕਥਿਤ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਸੰਗਰੂਰ ’ਚ ਵਿਸ਼ਾਲ ਰੋਸ ਰੈਲੀ ਕੀਤੀ ਗਈ। ਇਸ ਰੈਲੀ ’ਚ ਪੰਜਾਬ ਭਰ ਤੋਂ ਵੱਡੀ ਗਿਣਤੀ ’ਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਸ਼ਮੂਲੀਅਤ ਕਰਦਿਆਂ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਵਾਜ਼ ਬੁਲੰਦ ਕੀਤੀ। ਇਸ ਸਬੰਧੀ ਪੈਨਸ਼ਨਰਜ਼ ਐਂਡ ਸੀਨੀਅਰ ਸਿਟੀਜ਼ਨਜ਼ ਵੈੱਲਫੇਅਰ ਐਸੋਸੀਏਸ਼ਨ ਤਰਨਤਾਰਨ ਦੇ ਜ਼ਿਲ੍ਹਾ ਪ੍ਰਧਾਨ ਤੇ ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਸੂਬਾਈ ਸਰਪ੍ਰਸਤ ਅਜੀਤ ਸਿੰਘ ਫ਼ਤਿਹ ਚੱਕ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੰਗਰੂਰ ਦੀ ਮਹਾਂ ਰੈਲੀ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਰੋਸ ਤੋਂ ਜਾਣੂ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਗ਼ਲਤ ਫ਼ਹਿਮੀਆਂ ਤੇ ਸਰਕਾਰ ਵੱਲੋਂ ਕੀਤੇ ਗਏ ਵਾਅਦਿਆਂ ਦੇ ਪ੍ਰਭਾਵ ਹੇਠ ‘ਆਪ’ ਨੂੰ ਭਾਰੀ ਬਹੁਮਤ ਨਾਲ ਸੱਤਾ ’ਚ ਲਿਆਂਦਾ ਸੀ ਪਰ ਹੁਣ ਲੋਕ ਆਪਣੇ ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਕਾਰਨ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਸਰਕਾਰ ਨੂੰ ਇਸ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਭਰ ਤੋਂ ਕਾਫ਼ਲਿਆਂ ਦੇ ਰੂਪ ’ਚ ਸੰਗਰੂਰ ਪਹੁੰਚੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਵਿਸ਼ਾਲ ਇਕੱਠ ਨੇ ਸਰਕਾਰ ਦੀ ਚਿੰਤਾ ਵਧਾ ਦਿੱਤੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਵਧਦੀ ਨਾਰਾਜ਼ਗੀ ਕਾਰਨ ਸਰਕਾਰ ਦੇ ਆਗੂਆਂ ਨੂੰ ਆਉਣ ਵਾਲੀਆਂ ਚੋਣਾਂ ਵਿਚ ਸਿਆਸੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪੈਨਸ਼ਨਰ ਆਗੂ ਨੇ ਰੋਸ ਭਰੇ ਲਹਿਜ਼ੇ ਵਿਚ ਕਿਹਾ ਕਿ ਬਜ਼ੁਰਗ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਪ੍ਰਤੀ ਬੇਰੁਖ਼ੀ ਵਾਲਾ ਰਵੱਈਆ ਅਪਣਾਉਣਾ ਸਰਕਾਰ ਲਈ ਨੁਕਸਾਨਦੇਹ ਸਾਬਿਤ ਹੋਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਜਾਇਜ਼ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿਚ ਸਰਕਾਰ ਪ੍ਰਤੀ ਪੈਦਾ ਹੋਇਆ ਰੋਸ ਆਉਣ ਵਾਲੀਆਂ ਚੋਣਾਂ ’ਚ ਇਸ ਦੀਆਂ ਮੁਸ਼ਕਿਲਾਂ ਵਧਾ ਸਕਦਾ ਹੈ। ਫ਼ਤਿਹ ਚੱਕ ਨੇ ਕਿਹਾ ਕਿ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਦੀ ਅਗਵਾਈ ਹੇਠ ਪੈਨਸ਼ਨਰ ਐਸੋਸੀਏਸ਼ਨ ਸਰਕਾਰ ਦੀਆਂ ਨੀਤੀਆਂ ਵਿਰੁੱਧ ਆਪਣਾ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਹੱਕਾਂ ਦੀ ਰਾਖੀ ਲਈ ਸੰਘਰਸ਼ ਦੇ ਨਾਲ-ਨਾਲ ਸਰਕਾਰ ਦੀਆਂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵੀ ਚਲਾਈ ਜਾਵੇਗੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਪੈਨਸ਼ਨਰ ਆਗੂ ਤਹਿਸੀਲ ਪ੍ਰਧਾਨ ਸੁਰਿੰਦਰ ਸਿੰਘ ਪਟਵਾਰੀ, ਵਧੀਕ ਪ੍ਰੈੱਸ ਸਕੱਤਰ ਹਰਸੁਖਦੇਵ ਸਿੰਘ, ਪ੍ਰਿੰਸੀਪਲ ਜਗੀਰ ਸਿੰਘ, ਜ਼ਿਲ੍ਹਾ ਕਮੇਟੀ ਮੈਂਬਰ ਬਲਰਾਮ ਕੁਮਾਰ, ਚਰਨਜੀਤ ਸਿੰਘ ਅਤੇ ਸੁਰਜੀਤ ਸਿੰਘ ਚੁਤਾਲਾ ਸਮੇਤ ਹੋਰ ਆਗੂ ਹਾਜ਼ਰ ਸਨ।