- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸੁੱਕਾ ਝੋਨਾ ਹੀ ਮੰਡੀਆਂ ਵਿਚ ਲੈ ਕੇ ਆਉਣ ਕਿਸਾਨ - ਡਿਪਟੀ ਕਮਿਸ਼ਨਰ

ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਚੱਲ ਰਹੇ ਖਰੀਫ਼ ਸੀਜ਼ਨ ਦੌਰਾਨ ਜ਼ਿਲ੍ਹਾ ਤਰਨਤਾਰਨ ਦੀਆਂ ਮੰਡੀਆਂ ’ਚ ਝੋਨੇ ਦੀ ਆਮਦ ਤੇਜ਼ੀ ਨਾਲ ਜਾਰੀ ਹੈ। ਇਸੇ ਦੌਰਾਨ ਡਿਪਟੀ ਕਮਿਸ਼ਨਰ ਰਾਹੁਲ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਫ਼ਸਲ ਨੂੰ ਪੂਰੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ’ਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਨੂੰ ਝੋਨੇ ਦੀ ਵਿਕਰੀ ਦੌਰਾਨ ਕਿਸੇ ਕਿਸਮ ਦੀ ਦਿੱਕਤ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਦੱਸਿਆ ਕਿ ਸਰਕਾਰੀ ਖ਼ਰੀਦ ਏਜੰਸੀਆਂ ਵੱਲੋਂ ਸਰਕਾਰ ਵੱਲੋਂ ਨਿਰਧਾਰਤ ਮਾਪਦੰਡਾਂ ਅਨੁਸਾਰ 17 ਫ਼ੀਸਦੀ ਤਕ ਨਮੀ ਵਾਲੇ ਝੋਨੇ ਦੀ ਹੀ ਖ਼ਰੀਦ ਕੀਤੀ ਜਾਂਦੀ ਹੈ। ਇਸ ਲਈ ਕਿਸਾਨ ਵੱਧ ਨਮੀ ਵਾਲਾ ਝੋਨਾ ਮੰਡੀਆਂ ’ਚ ਲਿਆਉਣ ਤੋਂ ਗੁਰੇਜ਼ ਕਰਨ ਤੇ ਸੁੱਕੀ ਫ਼ਸਲ ਹੀ ਮੰਡੀ ’ਚ ਲੈ ਕੇ ਆਉਣ। ਉਨ੍ਹਾਂ ਕਿਹਾ ਕਿ ਇਸ ਨਾਲ ਮੰਡੀਆਂ ’ਚ ਬੇਲੋੜੀ ਭੀੜ ਤੋਂ ਵੀ ਬਚਿਆ ਜਾ ਸਕੇਗਾ ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ’ਚ ਸਹੂਲਤ ਮਿਲੇਗੀ।