‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡਾਂ 'ਚ ਪਹੁੰਚਿਆ ਸਿਵਲ ਤੇ ਪੁਲਿਸ ਪ੍ਰਸ਼ਾਸਨ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡਾਂ 'ਚ ਪਹੁੰਚਿਆ ਸਿਵਲ ਤੇ ਪੁਲਿਸ ਪ੍ਰਸ਼ਾਸਨ
Publish Date: Mon, 12 Oct 2026 05:43 PM (IST)
Updated Date: Mon, 12 Oct 2026 05:44 PM (IST)
ਸਟਾਫ਼ ਰਿਪੋਰਟਰ•, ਪੰਜਾਬੀ ਜਾਗਰਣ, ਤਰਨਤਾਰਨ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਅੰਜ਼ਾਮ ਤਕ ਪਹੁੰਚਾਉਣ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕਰਦਿਆਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੱਦਾ ਦਿੱਤਾ। ਇਸ ਮੌਕੇ ਲੋਕਾਂ ਨਾਲ ਸਿੱਧੇ ਸੰਵਾਦ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਵਿਰੁੱਧ ਜੰਗ ਨੂੰ ਇਸ ਦੇ ਅੰਜ਼ਾਮ ਤਕ ਪਹੁੰਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਕਿਹਾ ਕਿ ਸਮਾਜ ਦੇ ਹਰ ਵਰਗ ਦੇ ਸਾਂਝੇ ਯਤਨਾਂ ਨਾਲ ਇਸ ਮੁਹਿੰਮ ਨੂੰ ਕਾਫ਼ੀ ਮਜ਼ਬੂਤੀ ਮਿਲੀ ਹੈ ਅਤੇ ਲੋਕਾਂ ਦੇ ਨਿਰੰਤਰ ਸਹਿਯੋਗ ਨਾਲ ਹੀ ਨਸ਼ਿਆਂ ਦੀ ਅਲਾਮਤ ਨੂੰ ਪੂਰੀ ਤਰ੍ਹਾਂ ਖ਼ਤਮ ਕੀਤਾ ਜਾ ਸਕਦਾ ਹੈ। ਮਾਪਿਆਂ ਨੂੰ ਆਪਣੇ ਬੱਚਿਆਂ ਦੇ ਭਵਿੱਖ ਦੀ ਸੁਰੱਖਿਆ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੌਜਵਾਨਾਂ ਨੂੰ ਸਿੱਖਿਆ, ਖੇਡਾਂ ਅਤੇ ਹੋਰ ਉਸਾਰੂ ਗਤੀਵਿਧੀਆਂ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਪਰਿਵਾਰਕ ਸਹਿਯੋਗ, ਚੰਗੀ ਸੰਗਤ ਅਤੇ ਖੇਡਾਂ ਤੇ ਮਨੋਰੰਜਨ ਦੀਆਂ ਸਹੂਲਤਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿਚ ਅਹਿਮ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਲੋਕ ਸੰਪਰਕ ਮੁਹਿੰਮਾਂ, ਸਖ਼ਤ ਕਾਰਵਾਈ ਅਤੇ ਮੁੜ ਵਸੇਬੇ ਦੇ ਉਪਰਾਲਿਆਂ ਰਾਹੀਂ ਨਸ਼ਾ ਵਿਰੋਧੀ ਮੁਹਿੰਮ ਨੂੰ ਸਿੱਧੇ ਪਿੰਡਾਂ ਤਕ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਨਾਲ ਜੂਝ ਰਹੇ ਵਿਅਕਤੀਆਂ ਦੇ ਇਲਾਜ ਅਤੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਨਾਲ ਜੋੜਨ ਲਈ ਖੇਡ ਮੈਦਾਨਾਂ ਅਤੇ ਖੇਡ ਸਹੂਲਤਾਂ ਦਾ ਪ੍ਰਬੰਧ ਕਰਨ ’ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਅਧਿਕਾਰੀਆਂ ਨੇ ਅਪੀਲ ਕੀਤੀ ਕਿ ਉਹ ਨਸ਼ਾ ਤਸਕਰੀ ਸਬੰਧੀ ਜਾਣਕਾਰੀ ਅਧਿਕਾਰੀਆਂ ਨਾਲ ਸਾਂਝੀ ਕਰਨ ਅਤੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਦੇ ਸਾਂਝੇ ਉਪਰਾਲੇ ਵਿਚ ਸਰਗਰਮ ਭੂਮਿਕਾ ਨਿਭਾਉਣ।