ਰੁਪਿੰਦਰ ਕੌਰ ਬ੍ਰਹਮਪੁਰਾ ਦੀ ਅਗਵਾਈ ਹੇਠ ‘ਆਪ’ ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ ਰੁਪਿੰਦਰ ਕੌਰ ਬ੍ਰਹਮਪੁਰਾ ਦੀ ਅਗਵਾਈ ਹੇਠ 'ਆਪ' ਛੱਡ ਕੇ ਕਈ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ
Publish Date: Mon, 12 Oct 2026 06:17 PM (IST)
Updated Date: Mon, 12 Oct 2026 06:17 PM (IST)
2027 ਦੀਆਂ ਚੋਣਾਂ ’ਚ ਅਕਾਲੀ ਦਲ ਦੀ ਸਰਕਾਰ ਬਣੇਗੀ : ਬੀਬਾ ਬ੍ਰਹਮਪੁਰਾ ਰਾਕੇਸ਼ ਨਈਅਰ/ਗੁਰਬਰਿੰਦਰ ਸਿੰਘ, •ਪੰਜਾਬੀ ਜਾਗਰਣ ਚੋਹਲਾ ਸਾਹਿਬ/ਸ੍ਰੀ ਗੋਇੰਦਵਾਲ ਸਾਹਿਬ : ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਭੈਲ ਢਾਏ ਵਾਲਾ ’ਚ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਵੱਲੋਂ ਮਹਿੰਗਾ ਸਿੰਘ ਦੇ ਗ੍ਰਹਿ ’ਚ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਪਾਰਟੀ ਦੀਆਂ ਗਤੀਵਿਧੀਆਂ, ਜਥੇਬੰਦੀ ਦੀ ਮਜ਼ਬੂਤੀ ਅਤੇ ਲੋਕਾਂ ਨਾਲ ਰਾਬਤਾ ਵਧਾਉਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੂੰ ਛੱਡ ਕੇ ਮੰਗਲ ਸਿੰਘ, ਜਰਮਨਜੀਤ ਸਿੰਘ, ਬੀਬੀ ਸਰਬਜੀਤ ਕੌਰ, ਨਿੰਦਰ ਕੌਰ ਅਤੇ ਜਸਬੀਰ ਕੌਰ ਨੇ ਆਪਣੇ ਪਰਿਵਾਰਾਂ ਅਤੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਵੀ ਦਿੱਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਨਿਰਾਸ਼ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਵਿਚ ਕਾਨੂੰਨ-ਵਿਵਸਥਾ ਦੀ ਸਥਿਤੀ ਚਿੰਤਾਜਨਕ ਬਣੀ ਹੋਈ ਹੈ ਅਤੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਰਾਜ ਦੌਰਾਨ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕਈ ਸਹੂਲਤਾਂ ਅਤੇ ਵਿਕਾਸ ਕਾਰਜ ਮੁਹੱਈਆ ਕਰਵਾਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਤਾਂ ਜੋ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸੱਤਾ ਤੋਂ ਲਾਂਭੇ ਕਰਕੇ ਪੰਜਾਬ ਵਿਚ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਈ ਜਾ ਸਕੇ। ਬੀਬਾ ਰੁਪਿੰਦਰ ਕੌਰ ਬ੍ਰਹਮਪੁਰਾ ਨੇ ਦਾਅਵਾ ਕੀਤਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਹਲਕਾ ਖਡੂਰ ਸਾਹਿਬ ਤੋਂ ਵੀ ਪਾਰਟੀ ਵੱਡੀ ਲੀਡ ਨਾਲ ਜਿੱਤ ਹਾਸਿਲ ਕਰੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਮਜ਼ਬੂਤ ਕਰਨ ਲਈ ਵਰਕਰਾਂ ਦੀ ਸਰਗਰਮ ਭੂਮਿਕਾ ਅਹਿਮ ਹੈ। ਇਸ ਮੌਕੇ ਬੀਬਾ ਸੁਖਵਿੰਦਰ ਕੌਰ, ਸਕੱਤਰ ਸਿੰਘ ਅਤੇ ਸੂਬੇਦਾਰ ਮੋਹਨ ਸਿੰਘ ਤੋਂ ਇਲਾਵਾ ਹੋਰ ਪਾਰਟੀ ਆਗੂ ਅਤੇ ਵਰਕਰ ਵੀ ਹਾਜ਼ਰ ਸਨ।