ਬੰਗਲਾ ਸਾਹਿਬ ਮਾਮਲੇ ’ਚ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਮੰਗ ਬੇਤੁਕੀ ਤੇ ਗੁਮਰਾਹਕੁੰਨ: ਭਰੋਵਾਲ ਬੰਗਲਾ ਸਾਹਿਬ ਮਾਮਲੇ ’ਚ ਅਮਿਤ ਸ਼ਾਹ ਨੂੰ ਤਲਬ ਕਰਨ ਦੀ ਮੰਗ ਬੇਤੁਕੀ ਤੇ ਗੁਮਰਾਹਕੁੰਨ : ਭਰੋਵਾਲ
Publish Date: Mon, 12 Oct 2026 07:07 PM (IST)
Updated Date: Mon, 12 Oct 2026 07:08 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ, ਤਰਨਤਾਰਨ : ਭਾਜਪਾ ਦੇ ਸੀਨੀਅਰ ਆਗੂ ਰਮਨਦੀਪ ਸਿੰਘ ਭਰੋਵਾਲ ਨੇ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ’ਚ ਪੁਲਿਸ ਦੇ ਦਾਖ਼ਲੇ ਦੇ ਮਾਮਲੇ ’ਤੇ ‘ਆਪ’ ਦੇ ਵਿਧਾਇਕਾਂ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਤਲਬ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਕੀਤੀ ਗਈ ਮੰਗ ਨੂੰ ਬੇਤੁਕੀ ਤੇ ਗੁਮਰਾਹਕੁੰਨ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਹੈ। ਉਨ੍ਹਾਂ ਧਾਰਮਿਕ ਮਰਿਆਦਾ ਦੇ ਨਾਂ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਗੁਮਰਾਹ ਕਰਨ ਦੇ ਦੋਸ਼ ਹੇਠ ‘ਆਪ’ ਵਿਧਾਇਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ। ਭਰੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਤੇ ਮਰਿਆਦਾ ਪ੍ਰਤੀ ਸਤਿਕਾਰ ਰੱਖਦਿਆਂ ਹਰ ਮਾਮਲੇ ’ਚ ਇਕਸਾਰ ਮਾਪਦੰਡ ਅਪਣਾਏ ਜਾਣੇ ਚਾਹੀਦੇ ਹਨ। ਕਿਸੇ ਵੀ ਧਿਰ ਨੂੰ ਧਾਰਮਿਕ ਸੰਸਥਾਵਾਂ ਦੀ ਵਰਤੋਂ ਸਿਆਸੀ ਹਿੱਤਾਂ ਲਈ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ’ਚ ਪੁਲਿਸ ਦੇ ਦਾਖ਼ਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਦਿੱਲੀ ਪੁਲਿਸ ਅਸ਼ੋਕਾ ਰੋਡ ਵਾਲੇ ਗੇਟ ਰਾਹੀਂ ਗੁਰਦੁਆਰਾ ਸਾਹਿਬ ’ਚ ਦਾਖ਼ਲ ਹੋਈ ਤੇ ਦੂਜੇ ਪਾਸੇ ਤੋਂ ਬਾਹਰ ਨਿਕਲ ਗਈ। ਪੁਲਿਸ ਨਾ ਤਾਂ ਜੁੱਤੀਆਂ ਪਾ ਕੇ ਚਰਨ ਗੰਗਾ ਪਾਰ ਕਰਦਿਆਂ ਦਰਬਾਰ ਹਾਲ ’ਚ ਦਾਖ਼ਲ ਹੋਈ ਤੇ ਨਾ ਹੀ ਜੁੱਤੀਆਂ ਪਾ ਕੇ ਲੰਗਰ ਹਾਲ ’ਚ ਗਈ। ਇਸ ਲਈ ਮਰਿਆਦਾ ਭੰਗ ਹੋਣ ਦੇ ਦਾਅਵਿਆਂ ’ਤੇ ਤੱਥਾਂ ਦੇ ਆਧਾਰ ’ਤੇ ਵਿਚਾਰ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਰਵਿੰਦ ਕੇਜਰੀਵਾਲ ਤੇ ‘ਆਪ’ ਦੇ ਆਗੂਆਂ ਨੇ ਭਾਜਪਾ ਵਿਰੁੱਧ ਬਿਰਤਾਂਤ ਸਿਰਜਣ ਲਈ ਇਕ ਸਾਜ਼ਿਸ਼ ਤਹਿਤ ਧਾਰਮਿਕ ਭਾਵਨਾਵਾਂ ਦੀ ਸਿਆਸੀ ਲਾਹੇ ਲਈ ਵਰਤੋਂ ਕਰਨ ਦੀ ਕੋਸ਼ਿਸ਼ ਕੀਤੀ। ਪ੍ਰਦਰਸ਼ਨਕਾਰੀਆਂ ਦੇ ਹੱਥਾਂ ’ਚ ਫੜੀਆਂ ਤਖ਼ਤੀਆਂ ਤੇ ਉਨ੍ਹਾਂ ਵੱਲੋਂ ਕੀਤੀ ਗਈ ਨਾਅਰੇਬਾਜ਼ੀ ਤੋਂ ਸਪੱਸ਼ਟ ਹੁੰਦਾ ਹੈ ਕਿ ਗੁਰਦੁਆਰਾ ਸਾਹਿਬ ਨੂੰ ਸਿਆਸੀ ਮੰਚ ਵਜੋਂ ਵਰਤਣ ਦੀ ਕੋਸ਼ਿਸ਼ ਕੀਤੀ ਗਈ। ਗੁਰਦੁਆਰਾ ਸਾਹਿਬ ਨੂੰ ਸਿਆਸੀ ਅਖਾੜਾ ਬਣਾਉਣਾ ਤੇ ਉਥੇ ਸਿਆਸੀ ਟਕਰਾਅ ਪੈਦਾ ਕਰਨ ਦੀ ਕੋਸ਼ਿਸ਼ ਕਰਨਾ ਹੀ ਧਾਰਮਿਕ ਮਰਿਆਦਾ ਦੇ ਉਲਟ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਗੁਰਦੁਆਰਾ ਕੰਪਲੈਕਸ ਨੂੰ ਧਰਨੇ ਵਾਲੀ ਥਾਂ ਵਜੋਂ ਵਰਤਣਾ ਕੇਜਰੀਵਾਲ ਦੀ ਉਸ ਸਿਆਸੀ ਰਣਨੀਤੀ ਦਾ ਹਿੱਸਾ ਸੀ, ਜਿਸ ਰਾਹੀਂ ਭਾਜਪਾ ਵਿਰੁੱਧ ਬਿਰਤਾਂਤ ਸਿਰਜਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦਿੱਲੀ ਗੁਰਦੁਆਰਾ ਕਮੇਟੀ ਦੀ ਸ਼ਿਕਾਇਤ ਦੇ ਆਧਾਰ ’ਤੇ ਅਰਵਿੰਦ ਕੇਜਰੀਵਾਲ ਤੇ ਹੋਰ ਆਗੂਆਂ ਵਿਰੁੱਧ ਐੱਫਆਈਆਰ ਦਰਜ ਕੀਤੇ ਜਾਣ ਦਾ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ‘ਆਪ’ ਤੇ ਪੰਜਾਬ ਸਰਕਾਰ ਇਸ ਸਮੇਂ ਕਈ ਗੰਭੀਰ ਮਾਮਲਿਆਂ ’ਚ ਘਿਰੀਆਂ ਹੋਈਆਂ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਮੁੱਖ ਮੰਤਰੀ ਦਫ਼ਤਰ ਦੀ ਕਥਿਤ ਸ਼ਮੂਲੀਅਤ, ਮਹਿੰਗਾਈ ਭੱਤਾ ਡੀਏ ਨਾ ਮਿਲਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਰੋਸ ਤੇ ਪੰਜਾਬ ’ਚ ਆਏ ਦਿਨ ਹੋ ਰਹੀਆਂ ਹੱਤਿਆਵਾਂ ਵਰਗੇ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਆਮ ਆਦਮੀ ਪਾਰਟੀ ਧਾਰਮਿਕ ਤੇ ਭਾਵਨਾਤਮਕ ਮੁੱਦਿਆਂ ਨੂੰ ਸਿਆਸੀ ਹਥਿਆਰ ਵਜੋਂ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀ ਇਹ ਕੋਸ਼ਿਸ਼ ਸਫ਼ਲ ਨਹੀਂ ਹੋਵੇਗੀ। ਇਸ ਮੌਕੇ ਉਨ੍ਹਾਂ ਨਾਲ ਕੁਲਦੀਪ ਸਿੰਘ ਰੂੜੇਆਂਸਲ, ਤਰਸੇਮ ਸਿੰਘ ਛਾਪੜੀ ਸਾਹਿਬ, ਭੁਪਿੰਦਰ ਸਿੰਘ ਚਤਰੱਥ, ਵਰਿੰਦਰਪਾਲ ਸਿੰਘ, ਜਤਿੰਦਰ ਸਿੰਘ ਆਦਿ ਹਾਜ਼ਰ ਸਨ।